ਅੰਮ੍ਰਿਤਸਰ 16 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਤਹਿਤ ਖ਼ਾਲਸਾ ਸਾਜਣਾ ਦਿਵਸ ਮੌਕੇ ਵੱਖ-ਵੱਖ ਥਾਵਾਂ ‘ਤੇ ਕਰਵਾਏ ਗਏ ਅੰਮ੍ਰਿਤ ਸੰਚਾਰ ‘ਚ ਹਜ਼ਾਰਾਂ ਪ੍ਰਾਣੀਆਂ ਨੇ ਅੰਮ੍ਰਿਤਪਾਨ ਕਰਕੇ ਗੁਰੂ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕੀਤੀਆਂ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਚੱਲ ਰਹੀ ਧਰਮ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਲਹਿਰ ਨੂੰ ਵੱਡੇ ਪੱਧਰ ‘ਤੇ ਹੁੰਗਾਰਾ ਮਿਲ ਰਿਹਾ ਹੈ ਅਤੇ ਇਸੇ ਤਹਿਤ ਵਿਸਾਖੀ ਪੁਰਬ ਸਮੇਂ ਵੱਖ-ਵੱਖ ਥਾਵਾਂ ‘ਤੇ ਹੋਏ ਅੰਮ੍ਰਿਤ ਸੰਚਾਰ ਸਮਾਗਮਾਂ ‘ਚ ਅੰਮ੍ਰਿਤ ਛਕਣ ਵਾਲੀਆਂ ਸੰਗਤਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਖੰਡੇ ਬਾਟੇ ਦਾ ਅੰਮ੍ਰਿਤਪਾਨ ਕੀਤਾ। ਉਨ੍ਹਾਂ ਦੱਸਿਆ ਕਿ ਖ਼ਾਲਸੇ ਦੇ ਸਾਜਣਾ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ੪੫੦੦ ਤੋਂ ਵੱਧ ਪ੍ਰਾਣੀਆਂ ਨੇ ਅੰਮ੍ਰਿਤ ਛਕਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ੧੩੦੦ ਦੇ ਕਰੀਬ ਪ੍ਰਾਣੀ ਗੁਰੂ ਵਾਲੇ ਬਣੇ ਹਨ। ਦੂਸਰੇ ਪਾਸੇ ਖ਼ਾਲਸਾ ਸਾਜਣਾ ਦਿਵਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਅੰਮ੍ਰਿਤ ਸੰਚਾਰ ਦੌਰਾਨ ੨੨੦੪ ਸੰਗਤਾਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤ ਸੰਚਾਰ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ, ਜਿਨ੍ਹਾਂ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਗੁਰੂ ਵਾਲੀ ਬਣੀ। ਸ. ਬੇਦੀ ਨੇ ਕੁਝ ਗੁਰਦੁਆਰਾ ਸਾਹਿਬਾਨ ਤੋਂ ਪ੍ਰਾਪਤ ਹੋਈ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗੁਰਦੁਆਰਾ ਚਰਨਕੰਵਲ ਸਾਹਿਬ ਮਾਛੀਵਾੜਾ ਵਿਖੇ ੨੦੮, ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ੨੪੭, ਗੁਰਦੁਆਰਾ ਗਰਨਾ ਸਾਹਿਬ ਬੋਦਲ ਹੁਸ਼ਿਆਰ ਵਿਖੇ ੨੩੬, ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਵਿਖੇ ੧੩੮, ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ੧੭੮, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ੪੭੦, ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ੧੫੧ ਪ੍ਰਾਣੀਆਂ ਨੇ ਅੰਮ੍ਰਿਤ ਛਕਿਆ।
ਸ. ਬੇਦੀ ਨੇ ਦੱਸਿਆ ਕਿ ਇਸ ਇਤਿਹਾਸਕ ਪੁਰਬ ਮੌਕੇ ਪੰਜਾਬ ਤੋਂ ਇਲਾਵਾ ਦੇਸ਼ ਦੇ ਹੋਰਨਾਂ ਸੂਬਿਆਂ ਵਿਚ ਵੀ ਅੰਮ੍ਰਿਤ ਸੰਚਾਰ ਕੀਤੇ ਗਏ। ਉਨ੍ਹਾਂ ਦੱਸਿਆ ਕਿ ਸਿੱਖ ਮਿਸ਼ਨ ਯੂ.ਪੀ. ਦੇ ਇੰਚਾਰਜ ਸ. ਬ੍ਰਿਜ਼ਪਾਲ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਿਲਾਸਪੁਰ ਵਿਖੇ ੧੬੮ ਪ੍ਰਾਣੀਆਂ ਨੇ ਅੰਮ੍ਰਿਤਪਾਨ ਕੀਤਾ। ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਭਾਈ ਮੰਗਪ੍ਰੀਤ ਸਿੰਘ ਅਨੁਸਾਰ ਕਪਾਲ ਮੋਚਨ ਵਿਖੇ ੧੬੪ ਪ੍ਰਾਣੀ, ਕਰਨਾਲ ਵਿਖੇ ੧੨੦, ਅਸੰਧ ਵਿਖੇ ੬੮, ਗੁਰਦੁਆਰਾ ਨਾਢਾ ਸਾਹਿਬ ਵਿਖੇ ੧੪੮ ਅਤੇ ਕੁਰੂਕਸ਼ੇਤਰ ਵਿਖੇ ੪੫ ਪ੍ਰਾਣੀਆਂ ਨੇ ਅੰਮ੍ਰਿਤ ਛਕਿਆ। ਇਸੇ ਤਰ੍ਹਾਂ ਜੰਮੂ ਸਿੱਖ ਮਿਸ਼ਨ ਦੇ ਇੰਚਾਰਜ ਗਿਆਨੀ ਸਵਰਣ ਸਿੰਘ ਅਨੁਸਾਰ ਨੌਸ਼ਹਿਰਾ ਵਿਖੇ ੨੨੧ ਪ੍ਰਾਣੀ, ਉਤਰਾਖੰਡ ਮਿਸ਼ਨ ਦੇ ਇੰਚਾਰਜ ਸ. ਹਰਜਿੰਦਰ ਸਿੰਘ ਅਨੁਸਾਰ ਹਲਦਿਵਾਨੀ ਸ਼ਹਿਰ ‘ਚ ੧੯ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਲੜ ਲੱਗੇ ਹਨ।
ਸ. ਬੇਦੀ ਨੇ ਦੱਸਿਆ ਕਿ ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਗਏ ਜਥੇ ਨਾਲ ਭੇਜੇ ਪੰਜ ਪਿਆਰੇ ਸਾਹਿਬਾਨ ਵੱਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਰਾਵਲਪਿੰਡੀ ਵਿਖੇ ਕੀਤੇ ਅੰਮ੍ਰਿਤ ਸੰਚਾਰ ਦੌਰਾਨ ੧੦੧ ਪ੍ਰਾਣੀਆਂ ਨੇ ਖੰਡੇ ਦੀ ਪਾਹੁਲ ਪ੍ਰਾਪਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੀ ਪੰਜਾਬ ਦੇ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ‘ਚ ਵੀ ਅੰਮ੍ਰਿਤ ਸੰਚਾਰ ਕੀਤੇ ਗਏ ਅਤੇ ਹਜ਼ਾਰਾਂ ਸੰਗਤਾਂ ਨੇ ਅੰਮ੍ਰਿਤ ਛਕ ਕੇ ਗੁਰੂ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।