ਸ਼੍ਰੋਮਣੀ ਕਮੇਟੀ ਅਸਾਮ ਦੇ ਪਿੰਡ ਚਾਪਰਮੁਖ ਦੇ ਗੁਰਦੁਆਰੇ ਲਈ 10 ਲੱਖ ਦੀ ਦੇਵੇਗੀ ਸਹਾਇਤਾ – ਭਾਈ ਲੌਂਗੋਵਾਲ

ਗੁਰਦੁਆਰਾ ਰਕਾਬ ਗੰਜ ਦਿੱਲੀ ’ਚ ਲਿਟਰੇਚਰ ਹਾਊਸ ਸਥਾਪਿਤ ਕਰੇਗੀ ਸ਼੍ਰੋਮਣੀ ਕਮੇਟੀ

550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵਿਦਿਅਕ ਅਦਾਰਿਆਂ ਨੂੰ ਪੁਸਤਕਾਂ ’ਤੇ ਮਿਲੇਗੀ 50 ਫੀਸਦੀ ਛੋਟ

550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਨੇ ਕੀਤੀ ਵਿਉਂਤਬੰਦੀ-ਭਾਈ ਲੌਂਗੋਵਾਲ

ਸੰਗਰੂਰ, 18 ਅਪ੍ਰੈਲ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਅੱਜ ਇਥੇ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਇਕੱਤਰਤਾ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੀਆਂ ਚੋਣਵੀਆਂ ਪੁਸਤਕਾਂ ਨੂੰ ਵੱਖ-ਵੱਖ ਭਾਰਤੀ ਭਸ਼ਾਵਾਂ ਵਿਚ ਛਾਪਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅਸਾਮ ’ਚ ਸਿੱਖਾਂ ਦੇ ਪਿੰਡ ਚਾਪਰਮੁਖ ’ਚ ਸਥਿਤ ਗੁਰਦੁਆਰਾ ਸਾਹਿਬ ਲਈ 10 ਲੱਖ ਰੁਪਏ ਦੀ ਸਹਾਇਤਾ ਦੇਣ ਅਤੇ ਪਾਕਿਸਤਾਨ ’ਚ ਸਥਿਤ ਭਾਈ ਜੋਗਾ ਸਿੰਘ ਖ਼ਾਲਸਾ ਧਾਰਮਿਕ ਸਕੂਲ ’ਚ ਬੱਚਿਆਂ ਨੂੰ ਕੀਰਤਨ ਸਿਖਲਾਈ ਦੇਣ ਲਈ ਹਰਮੋਨੀਅਮ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ।
ਇਕੱਤਰਤਾ ’ਚ ਲਏ ਗਏ ਫੈਸਲਿਆਂ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਚੌਣਵੀਆਂ ਪੁਸਤਕਾਂ ਨੂੰ ਵੱਖ-ਵੱਖ ਭਾਰਤੀ ਭਸ਼ਾਵਾਂ ਵਿਚ ਅਨੁਵਾਦ ਕਰਕੇ ਸੰਗਤ ਤੱਕ ਭੇਜਿਆ ਜਾਵੇਗਾ। ਇਸ ਤੋਂ ਇਲਾਵਾ ਦਿੱਲੀ ਦੀਆਂ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਛਾਪਿਆ ਧਾਰਮਿਕ ਸਾਹਿਤ ਮੁਹੱਈਆ ਕਰਵਾਉਣ ਲਈ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਲਿਟਰੇਚਰ ਹਾਊਸ ਸਥਾਪਤ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁਖ ਰੱਖਦਿਆਂ ਸ਼੍ਰੋਮਣੀ ਕਮੇਟੀ ਦੀਆਂ ਸਾਰੀਆਂ ਪੁਸਤਕਾਂ ਵਿਦਿਅਕ ਅਦਾਰਿਆਂ ਨੂੰ 50ਫੀਸਦੀ ਰਿਆਇਤੀ ਕੀਮਤ ’ਤੇ ਦੇਣ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਚੱਲ ਰਹੇ ਵਰਲਡ ਪੰਜਾਬੀ ਸੈਂਟਰ ਨੂੰ ਸ਼੍ਰੋਮਣੀ ਕਮੇਟੀ ਦੀਆਂ ਪੁਸਤਕਾਂ ਦੀ ਇਕ-ਇਕ ਕਾਪੀ ਭੇਟਾ ਰਹਿਤ ਦੇਣ ਦਾ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿਕਲੀਗਰ ਸਿੱਖਾਂ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਮੋਰ ਗਾਉਂ (ਮਹਾਰਾਸ਼ਟਰ) ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਗ੍ਰੰਥੀ ਦੀਆਂ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਗੁਰੂ ਨਾਨਕ ਦਰਬਾਰ ਪਿਪਲਾਨੀ ਭੋਪਾਲ (ਮੱਧਪ੍ਰਦੇਸ਼) ’ਚ ਬੱਚਿਆਂ ਨੂੰ ਗਤਕਾ ਸਿਖਲਾਈ ਲਈ ‘ਗਤਕਾ ਕਿੱਟਾਂ’ ਦੇਣ ਅਤੇ ਪੁਲਵਾਮਾ ’ਚ ਮਾਰੇ ਗਏ ਸਿਮਰਜੀਤ ਸਿੰਘ ਦੀ ਮਾਤਾ ਨੂੰ 1 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ। 
ਇਸੇ ਦੌਰਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਕੌਮਾਂਤਰੀ ਪੱਧਰ ’ਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਿਉਂਤਬੰਦੀ ਕੀਤੀ ਗਈ ਹੈ ਅਤੇ ਇਸ ਸਬੰਧੀ ਸਾਰੇ ਸਮਾਗਮਾਂ ਦਾ ਵੇਰਵਾ ਅਗਲੇ ਦਿਨਾਂ ਵਿਚ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਸਬੰਧ ਵਿਚ ਹੀ 20 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਧਾਰਮਿਕ ਜਥੇਬੰਦੀਆਂ, ਸੰਤ ਮਹਾਂਪੁਰਸ਼ਾਂ ਆਦਿ ਦੀ ਇਕ ਵਿਸ਼ੇਸ਼ ਇਕੱਤਰਤਾ ਵੀ ਬੁਲਾਈ ਗਈ ਹੈ। ਇਸ ਇਕੱੱਤਰਤਾ ’ਚ ਵੱਖ-ਵੱਖ ਸਮਾਗਮਾਂ ਬਾਰੇ ਸਭ ਦੀ ਰਾਇ ਲਈ ਜਾਵੇਗੀ, ਤਾਂ ਜੋ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ ਮਨਾਇਆ ਜਾ ਸਕੇ। 
ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂੰ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਪ੍ਰਿਤਪਾਲ ਸਿੰਘ ਲੁਧਿਆਣਾ, ਸ. ਤੇਜਿੰਦਰਪਾਲ ਸਿੰਘ ਢਿੱਲੋਂ, ਸ. ਮਨਜੀਤ ਸਿੰਘ ਬੱਪੀਆਣਾ, ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਦਰਸ਼ਨ ਸਿੰਘ ਪੀ.ਏ., ਮੈਨੇਜਰ ਮਨਪ੍ਰੀਤ ਸਿੰਘ ਭਲਵਾਨ, ਸ. ਵਰਿੰਦਰ ਸਿੰਘ ਠਰੂ, ਸ. ਹਰਵਿੰਦਰ ਸਿੰਘ ਚੰਗਾਲ, ਸ. ਪ੍ਰਿਤਪਾਲ ਸਿੰਘ ਆਦਿ ਮੌਜੂਦ ਸਨ।