logoਅੰਮ੍ਰਿਤਸਰ 30 ਅਕਤੂਬਰ (   ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਨਵੰਬਰ 1984 ਦੇ ਦੰਗਿਆਂ ਸਮੇਂ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਮਾਰੇ ਗਏ ਨਿਰਦੋਸ਼ ਸਿੱਖਾਂ ਦੀ ਆਤਮਿਕ ਸ਼ਾਂਤੀ, ਪੀੜ੍ਹਤ ਪਰਿਵਾਰਾਂ ਦੀ ਚੜ੍ਹਦੀ ਕਲਾ ਅਤੇ ਇਸ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਗੁਰਦੁਆਰਾ ਝੰਡਾ ਬੁੰਗਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ੨ ਨਵੰਬਰ ਨੂੰ ਸਵੇਰੇ 8.00 ਵਜੇ ਪੈਣਗੇ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੰਬਰ 1984 ਵਿੱਚ ਭਾਰਤ ਦੀ ਰਾਜਧਾਨੀ ਦਿੱਲੀ ਅਤੇ ਹੋਰ ਸ਼ਹਿਰਾਂ ਵਿੱਚ ਖੂਨੀ ਦਰਿੰਦਿਆਂ ਵੱਲੋਂ ਨਿਰਦੋਸ਼ ਸਿੱਖਾਂ ਦੀ ਨਸਲਕੁਸ਼ੀ ਕੀਤੀ ਗਈ ਸੀ।ਉਨ੍ਹਾਂ ਕਿਹਾ ਕਿ ਇਸ ਦਿਲ ਹਿਲਾ ਦੇਣ ਵਾਲੀ ਅਤਿ ਮੰਦਭਾਗੀ ਘਟਨਾ ਤਹਿਤ ਜਿਥੇ ਸਿੱਖਾਂ ਦੇ ਗਲਾਂ ਵਿੱਚ ਟਾਇਰ ਪਾ ਕੇ ਸਾੜਿਆ ਗਿਆ, ਉਥੇ ਸਿੱਖ ਬੀਬੀਆਂ ਦੀ ਬੇਪਤੀ ਵੀ ਕੀਤੀ ਗਈ ਅਤੇ ਸਿੱਖਾਂ ਦੀ ਸੰਪਤੀ ਨੂੰ ਵਿਸ਼ੇਸ਼ ਨਿਸ਼ਾਨਾ ਬਣਾਇਆ ਗਿਆ।
ਉਨ੍ਹਾਂ ਕਿਹਾ ਕਿ ਇਹ ਘਿਨਾਉਣੀ ਘਟਨਾ ਸਿੱਖਾਂ ਲਈ ਕਦੇ ਨਾ ਭੁੱਲਣਯੋਗ ਹੈ, ਜੋ ਭਾਰਤੀ ਇਤਿਹਾਸ ਵਿੱਚ ਕਾਲੇ ਅੱਖਰਾਂ ਵਜੋਂ ਜਾਣੀ ਜਾਵੇਗੀ।ਉਨ੍ਹਾਂ ਦੇਸ਼-ਵਿਦੇਸ਼ ਵਿੱਚ ਵਸੀਆਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੰਸਾਰ ਭਰ ਵਿੱਚ ਵਸਦੇ ਸਿੱਖ ਅਤੇ ਇਨਸਾਫ ਪਸੰਦ ਲੋਕਾਂ ਵੱਲੋਂ ਦਿੱਲੀ ਅਤੇ ਹੋਰ ਸ਼ਹਿਰਾਂ ਵਿੱਚ ਮਾਰੇ ਗਏ ਨਿਰਦੋਸ਼ੇ ਸਿੱਖਾਂ ਦੀ ਆਤਮਿਕ ਸ਼ਾਂਤੀ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ ਮਿਲੇ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ 2 ਨਵੰਬਰ 2015 ਨੂੰ ਸਮੁੱਚੇ ਗੁਰੂ ਘਰਾਂ ਵਿੱਚ ਅਰਦਾਸ ਕੀਤੀ ਜਾਵੇ।