ਅੰਮ੍ਰਿਤਸਰ, 4 ਜੁਲਾਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਆਨਲਾਈਨ ਪ੍ਰਸ਼ਨੋਤਰੀ ਮੁਕਾਬਲੇ ਸ਼ੁਰੂ ਕੀਤੇ ਗਏ ਹਨ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਤਹਿਤ ਜੋਨ ਪੱਧਰ ਦੇ ਮੁਕਾਬਲੇ ਮੁਕੰਮਲ ਕਰਨ ਮਗਰੋਂ ਹੁਣ ਜ਼ਿਲ੍ਹਾ ਪੱਧਰੀ ਮੁਕਾਬਲੇ ਜਾਰੀ ਹਨ, ਜਿਨ੍ਹਾਂ ਵਿੱਚੋਂ ਮੈਰਿਟ ਵਿਚ ਆਉਣ ਵਾਲੇ ਬੱਚਿਆਂ ਨੂੰ ਪੰਜਾਬ ਪੱਧਰੀ ਮੁਕਾਬਲਿਆਂ ਵਿਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਆਨਲਾਈਨ ਧਰਮ ਪ੍ਰਚਾਰ ਲਹਿਰ ਤੇਜ਼ੀ ਨਾਲ ਅੱਗੇ ਵਧਾਈ ਜਾ ਰਹੀ ਹੈ। ਵਿਸ਼ਵ ਮਹਾਮਾਰੀ ਕੋਰੋਨਾ ਵਾਇਰਸ ਦੇ ਚੱਲਦਿਆਂ ਵੱਡੇ ਸੰਗਤੀ ਇਕੱਠ ਨਹੀਂ ਕੀਤੇ ਜਾ ਸਕਦੇ ਸਨ, ਜਿਸ ਕਰਕੇ ਆਨਲਾਈਨ ਵਿਧੀ ਅਪਣਾਈ ਗਈ ਹੈ। ਸ. ਮਨਜੀਤ ਸਿੰਘ ਨੇ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਹਰ ਸਾਲ ਧਰਮ ਪ੍ਰਚਾਰ ਕਮੇਟੀ ਵੱਲੋਂ ਸਮਰ ਕੈਂਪ ਆਯੋਜਿਤ ਕੀਤੇ ਜਾਂਦੇ ਹਨ। ਇਸ ਵਾਰ ਇਹ ਕੈਂਪ ਇੰਟਰਨੈੱਟ ਦੇ ਮਾਧਿਅਮ ਦੁਆਰਾ ਲਗਾਏ ਗਏ। ਬੀਤੇ ਮਹੀਨੇ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ਅੰਦਰ ਸਕੂਲੀ ਬੱਚਿਆਂ ਅਤੇ ਆਮ ਸੰਗਤਾਂ ਨੂੰ ਨਿਤਨੇਮ ਦੀ ਸੰਥਿਆ ਦਿੱਤੀ ਗਈ। ਧਰਮ ਪ੍ਰਚਾਰ ਕਮੇਟੀ ਦੇ ਮੁੱਖ ਦਫ਼ਤਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਪ੍ਰਚਾਰਕ ਭਾਈ ਪ੍ਰਮਿੰਦਰ ਸਿੰਘ, ਹੈੱਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾ ਗੁਰਬਾਣੀ ਦੇ ਸ਼ੁੱਧ ਉਚਾਰਨ ਬਾਰੇ ਜਾਣਕਾਰੀ ਦਿੰਦੇ ਰਹੇ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਤੇ ਸਿੱਖ ਵਿਦਵਾਨ ਡਾ. ਰੂਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਤੇਜਿੰਦਰਪਾਲ ਸਿੰਘ ਲਾਡਵਾ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਤੇ ਹੋਰ ਸ਼ਖ਼ਸੀਅਤਾਂ ਵੱਲੋਂ ਵਿਦਿਆਰਥੀਆਂ ਨੂੰ ਗੁਰਮਤਿ ਸਿਧਾਂਤਾਂ ਅਤੇ ਇਤਿਹਾਸ ਸਬੰਧੀ ਜਾਣਕਾਰੀ ਦਿੱਤੀ ਗਈ। ਇਨ੍ਹਾਂ ਕੈਂਪਾਂ ਦੌਰਾਨ ਬੜੂ ਸਾਹਿਬ ਅਕੈਡਮੀਆਂ ਦੇ ਵਿਦਿਆਰਥੀਆਂ ਨੇ ਵੀ ਵੱਡੇ ਪੱਧਰ ’ਤੇ ਹਿੱਸਾ ਲਿਆ। ਸ. ਮਨਜੀਤ ਸਿੰਘ ਨੇ ਦੱਸਿਆ ਕਿ ਅਗਲੇ ਪੜਾਅ ਤਹਿਤ ਪ੍ਰਸ਼ਨੋਤਰੀ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ ਹੈ। ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਗੁਰਬਾਣੀ, ਸਿੱਖ ਰਹਿਤ ਮਰਯਾਦਾ ਅਤੇ ਸਿੱਖ ਸਰੋਕਾਰਾਂ ਨਾਲ ਸਬੰਧਤ ਤਿਆਰੀ ਕਰਵਾ ਕੇ ਪ੍ਰਸ਼ਨੋਤਰੀ ਮੁਕਾਬਲੇ ਚੱਲ ਰਹੇ ਹਨ। ਇਨ੍ਹਾਂ ਮੁਕਾਬਲਿਆਂ ਦੌਰਾਨ ਜੋਨ ਪੱਧਰ ਤੋਂ ਚੁਣੇ ਜਾਣ ਵਾਲੇ ਬੱਚੇ ਜ਼ਿਲ੍ਹਾ ਮੁਕਾਬਲਿਆਂ ਵਿਚ ਹਿੱਸਾ ਲੈ ਰਹੇ ਹਨ ਅਤੇ ਅਖ਼ੀਰ ਵਿਚ ਪੰਜਾਬ ਪੱਧਰੀ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ ਵਿੱਚੋਂ ਅਵੱਲ ਆਉਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹਾ ਅਤੇ ਜੋਨ ਪੱਧਰੀ ਮੁਕਾਬਲਿਆਂ ’ਚੋਂ ਪ੍ਰਥਮ ਰਹੇ ਬੱਚਿਆਂ ਨੂੰ ਵੀ ਇਨਾਮ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਲਗਾਤਾਰ ਕਾਰਜਸ਼ੀਲ ਹਨ ਅਤੇ ਸੰਗਤਾਂ ਵੱਲੋਂ ਭਰਵਾਂ ਸਹਿਯੋਗ ਮਿਲ ਰਿਹਾ ਹੈ।