ਆਰਥਿਕ ਪੱਖੋਂ ਕਮਜ਼ੋਰ ਗੁਰਦੁਆਰਾ ਕਮੇਟੀਆਂ ਨੂੰ ਗੁਰੂ-ਘਰਾਂ ਦੀ ਨਿਗਰਾਨੀ ਲਈ ਸੀ.ਸੀ.ਟੀ.ਵੀ. ਕੈਮਰੇ ਲਗਵਾ ਕੇ ਦਿੱਤੇ ਜਾਣਗੇ : ਜਥੇ.ਅਵਤਾਰ ਸਿੰਘ
21-10-2015-1ਅੰਮ੍ਰਿਤਸਰ ੨੧ ਅਕਤੂਬਰ (        ) ਸ਼ਰਾਰਤੀ ਅਨਸਰਾਂ ਵੱਲੋਂ ਘੋਰ ਪਾਪ ਕਰਦਿਆਂ ਪੰਜਾਬ ਦੇ ਵੱਖ-ਵੱਖ ਥਾਵਾਂ ਤੇ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੱਤਰੇ ਪਾੜ ਕੇ ਬੇਅਦਬੀ ਕੀਤੀ ਗਈ ਹੈ ਜਿਸ ਨਾਲ ਸਮੁੱਚੇ ਸਿੱਖ ਜਗਤ ਦੇ ਹਿਰਦੇ ਵਲੂੰਧਰੇ ਗਏ ਅਤੇ ਇਨ੍ਹਾਂ ਮੰਦਭਾਗੀ ਘਟਨਾਵਾਂ ਦੇ ਵਾਪਰਨ ਨਾਲ ਸਮੁੱਚੀ ਕੌਮ ਵਿੱਚ ਰੋਸ ਤੇ ਰੋਹ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਰੋਸ ਤੇ ਰੋਹ ਵਿੱਚ ਸ਼ਾਮਲ ਹੁੰਦਿਆਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਪਸ਼ਚਾਤਾਪ ਵਜੋਂ, ਰੋਸ ਧਰਨੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ ਭੋਗ ਸਮੇਂ ਭਾਈ ਬਲਵਿੰਦਰ ਸਿੰਘ ਲੋਪੋ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਥੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ।ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਇਸ ਮੌਕੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਪਿਛਲੇ ਦਿਨਾਂ ‘ਚ ਪੰਜਾਬ ਦੇ ਵੱਖ-ਵੱਖ ਥਾਵਾਂ ਤੇ ਬਹੁਤ ਹੀ ਹਿਰਦੇ ਵੇਦਕ ਘਟਨਾਵਾਂ ਵਾਪਰੀਆਂ ਹਨ ਜਿਸ ‘ਚ ਗੁਰੂ-ਘਰ ਦੇ ਨਿੰਦਕਾਂ, ਪੰਥ ਦੋਖੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੱਤਰੇ (ਅੰਗ) ਪਾੜ ਕੇ ਘੋਰ ਬੇਅਦਬੀ ਕੀਤੀ ਹੈ ਜੋ ਸਮੁੱਚੇ ਸਿੱਖ ਜਗਤ ਲਈ ਨਾ-ਸਹਾਰਨਯੋਗ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੁੱਚੇ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾ ਕੇ ਅੱਜ ਦਾ ਦਿਹਾੜਾ ਪਸ਼ਚਾਤਾਪ ਵਜੋਂ ਮਨਾਇਆ ਹੈ ਤੇ ਰੋਸ ਵਜੋਂ ਧਰਨੇ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ ਲਈ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਗੁਰਦੁਆਰਾ ਸਾਹਿਬਾਨ ‘ਚ ਅਰਦਾਸ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾਵਾਂ ਹਨ ਤੇ ਇਨ੍ਹਾਂ ਨੂੰ ਸਦੀਵੀ ਤੌਰ ਤੇ ਰੋਕਣ ਲਈ ਆਪਣੇ ਤੌਰ ਤੇ ਵੀ ਉਪਰਾਲੇ ਕਰਨ ਦੀ ਲੋੜ ਹੈ।ਉਨ੍ਹਾਂ ਸਮੂਹ ਸਭਾ-ਸੁਸਾਇਟੀਆਂ, ਗੁਰਦੁਆਰਾ ਕਮੇਟੀਆਂ, ਪਿੰਡਾਂ ਦੀਆਂ ਨਗਰ ਪੰਚਾਇਤਾਂ ਅਤੇ ਸਿੰਘ ਸਭਾਵਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਗੁਰੂ-ਘਰਾਂ ਦੀ ਸੇਵਾ-ਸੰਭਾਲ ਲਈ ਸੇਵਾ ਵਿੱਚ ਹਾਜ਼ਰ ਰਹਿਣ ਅਤੇ ਜੇ ਕੋਈ ਪੰਥ ਦੋਖੀ ਕਾਬੂ ਆਉਂਦਾ ਹੈ ਤਾਂ ਉਸ ਨੂੰ ਤੁਰੰਤ ਪੁਲਿਸ ਦੇ ਹਵਾਲੇ ਕੀਤਾ ਜਾਵੇ।ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਖ-ਵੱਖ ਥਾਵਾਂ ਤੇ ਵਾਪਰੀਆਂ ਘਟਨਾਵਾਂ ਸਬੰਧੀ ਬੇਹੱਦ ਚਿੰਤਤ ਹੁੰਦਿਆਂ ਫੈਸਲਾ ਕੀਤਾ ਹੈ ਕਿ ਜਿਹੜੀਆਂ ਗੁਰਦੁਆਰਾ ਕਮੇਟੀਆਂ ਆਰਥਿਕ ਪੱਖੋਂ ਕਮਜ਼ੋਰ ਹਨ ਉਨ੍ਹਾਂ ਕਮੇਟੀਆਂ ਨੂੰ ਗੁਰੂ-ਘਰਾਂ ਲਈ ਸੀ.ਸੀ.ਟੀ.ਵੀ. ਕੈਮਰੇ ਮੁਹੱਈਆ ਕਰਵਾਏ ਜਾਣਗੇ।ਉਨ੍ਹਾਂ ਕਿਹਾ ਕਿ ਜਿਹੜੇ ਗੁਰੂ ਸਾਹਿਬ ਦੀ ਬੇਅਦਬੀ ਕਰਨ ਲਈ ਦੋਸ਼ੀ ਫੜੇ ਗਏ ਹਨ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਵਾਉਣ ਲਈ ਸ਼੍ਰੋਮਣੀ ਕਮੇਟੀ ਤੱਤਪਰ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਮੁਲਾਜ਼ਮਾਂ ਨੇ ਸਵੈ-ਇਛੁੱਕ ਇਸ ਬੇਅਦਬੀ ਦੇ ਪਸ਼ਚਾਤਾਪ, ਸ਼ਹੀਦ ਸਿੰਘਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖਮੀਆਂ ਦੀ ਸਿਹਤਯਾਬੀ ਲਈ ਸ੍ਰੀ ਅਖੰਡਪਾਠ ਸਾਹਿਬ ਕਰਵਾਏ ਹਨ ਅਤੇ ਸਮੁੱਚੇ ਮੁਲਾਜ਼ਮਾਂ ਨੇ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਾਂ ਲਈ ਆਪਣੀ ਦੋ-ਦੋ ਦਿਨ ਦੀ ਤਨਖ਼ਾਹ ਦੇਣ ਦਾ ਐਲਾਨ ਵੀ ਕੀਤਾ ਹੈ।ਉਨ੍ਹਾਂ ਧਰਨਾ ਦੇ ਰਹੇ ਸਮੁੱਚੇ ਪੰਥ ਦਰਦੀਆਂ ਨੂੰ ਸੰਯਮ ਵਿੱਚ ਰਹਿਣ ਦੀ ਅਪੀਲ ਵੀ ਕੀਤੀ ਹੈ।ਉਨ੍ਹਾਂ ਕਿਹਾ ਕਿ ਬਹੁਤ ਸਾਰੇ ਥਾਵਾਂ ਤੇ ਹੋਈਆਂ ਘਟਨਾਵਾਂ ਦੇ ਦੋਸ਼ੀ ਪ੍ਰਸਾਸ਼ਨ ਵੱਲੋਂ ਫੜੇ ਜਾ ਚੁੱਕੇ ਹਨ ਤੇ ਹੁਣ ਸਿੱਖ ਸੰਗਤਾਂ ਨੂੰ ਧਰਨੇ ਸਮਾਪਤ ਕਰ ਦੇਣੇ ਚਾਹੀਦੇ ਹਨ।
ਇਸ ਮੌਕੇ ਸ. ਹਰਜਾਪ ਸਿੰਘ ਤੇ ਸ. ਅਮਰੀਕ ਸਿੰਘ ਵਿਛੋਆ ਮੈਂਬਰ ਸ਼੍ਰੋਮਣੀ ਕਮੇਟੀ, ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਰਣਜੀਤ ਸਿੰਘ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਪੀ ਏ, ਸ. ਗੁਰਿੰਦਰ ਸਿੰਘ ਤੇ ਸ. ਸੁਲੱਖਣ ਸਿੰਘ ਮੈਨੇਜਰ, ਗਿਆਨੀ ਹਰਪਾਲ ਸਿੰਘ ਹੈੱਡ ਗ੍ਰੰਂਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਸ. ਸੁਖਵਿੰਦਰ ਸਿੰਘ ਗਰੇਵਾਲ ਤੇ ਸ. ਗੁਰਵਿੰਦਰ ਸਿੰਘ ਨਿਜੀ ਸਹਾਇਕ, ਸ. ਜਗਜੀਤ ਸਿੰਘ ਤੇ ਸ. ਸਕੱਤਰ ਸਿੰਘ ਮੀਤ ਸਕੱਤਰ, ਸ. ਸਤਬੀਰ ਸਿੰਘ ਸਾਬਕਾ ਸਕੱਤਰ, ਸ. ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ ਤੇ ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਗੁਰਦੁਆਰਾ ਗਜ਼ਟ, ਸ. ਬਲਵਿੰਦਰ ਸਿੰਘ ਸੁਪਿੰ੍ਰੰਟੈਂਡੈਂਟ, ਸ. ਸੁਖਰਾਜ ਸਿੰਘ ਸ. ਭੁਪਿੰਦਰ ਸਿੰਘ ਤੇ ਸ. ਹਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸਮੁੱਚਾ ਸ਼੍ਰੋਮਣੀ ਕਮੇਟੀ ਦਾ ਸਟਾਫ ਮੌਜੂਦ ਸੀ।