ਸ਼ਿਲਾਂਗ ‘ਚ ਪੰਜਾਬੀਆਂ ਦਾ ਉਜਾੜਾ ਰੋਕਣ ਲਈ ਗ੍ਰਹਿ ਮੰਤਰੀ ਦੇਣ ਦਖ਼ਲ- ਭਾਈ ਲੌਂਗੋਵਾਲ

ਅੰਮ੍ਰਿਤਸਰ, ੧੧ ਜੂਨ- ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਖੇ ਇਕ ਕਲੋਨੀ ਵਿਚ ਵੱਸਦੇ ਪੰਜਾਬੀਆਂ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦਾ ਮਾਮਲਾ ਇਕ ਵਾਰ ਫਿਰ ਸੁਰਖੀਆਂ ਵਿਚ ਆਉਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਿਲਾਂਗ ਵਿਖੇ ਇਕ ਉੱਚ ਪੱਧਰੀ ਵਫ਼ਦ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਜਦੋਂ ਸ਼ਿਲਾਂਗ ਵਿਖੇ ਪੰਜਾਬੀ ਕਲੋਨੀ ‘ਚ ਵੱਸਦੇ ਕੁਝ ਲੋਕਾਂ ਦੇ ਘਰਾਂ ‘ਤੇ ਸਥਾਨਕ ਖਾਸੀ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਸੀ ਤਾਂ ਉਸ ਸਮੇਂ ਵੀ ਸ਼੍ਰੋਮਣੀ ਕਮੇਟੀ ਨੇ ਮੋਹਰੀ ਭੂਮਿਕਾ ਨਿਭਾਈ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਸ ਸਮੇਂ ਸ਼੍ਰੋਮਣੀ ਕਮੇਟੀ ਦੀ ਇਕ ਟੀਮ ਮੇਘਾਲਿਆ ਭੇਜੀ ਸੀ, ਜਿਸ ਨੇ ਪੀੜਤ ਇਲਾਕਾ ਨਿਵਾਸੀਆਂ ਦੀ ਮੱਦਦ ਕੀਤੀ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਜਾਰੀ ਇਕ ਬਿਆਨ ਰਾਹੀਂ ਸ਼ਿਲਾਂਗ ‘ਚ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਗ੍ਰਹਿ ਸਕੱਤਰ ਨੂੰ ਇਸ ਮਾਮਲੇ ਵਿਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਦੋ ਸੌ ਸਾਲ ਤੋਂ ਸ਼ਿਲਾਂਗ ‘ਚ ਵੱਸ ਰਹੇ ਪੰਜਾਬੀਆਂ ਨੂੰ ਜਾਣ-ਬੁਝ ਕੇ ਉਜਾੜੇ ਵੱਲ ਧੱਕਿਆ ਜਾ ਰਿਹਾ ਹੈ। ਇਹ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਸੰਸਥਾ ਹਮੇਸ਼ਾ ਸ਼ਿਲਾਂਗ ਦੇ ਪੰਜਾਬੀਆਂ ਨਾਲ ਰਹੀ ਹੈ ਅਤੇ ਅੱਗੇ ਵੀ ਉਨ੍ਹਾਂ ਦੀ ਹਰ ਤਰ੍ਹਾਂ ਮੱਦਦ ਕੀਤੀ ਜਾਵੇਗੀ। ਸਥਾਨਕ ਲੋਕਾਂ ਨੂੰ ਮੇਘਾਲਿਆ ਦੀ ਪਾਬੰਦੀਸ਼ੁਦਾ ਜਥੇਬੰਦੀ ਐਚ.ਐਨ.ਐਲ.ਸੀ. ਵੱਲੋਂ ਦਿੱਤੀ ਗਈ ਧਮਕੀ ਨੂੰ ਵੀ ਭਾਈ ਲੌਂਗੋਵਾਲ ਨੇ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਮੇਘਾਲਿਆ ਵਿਖੇ ਭੇਜਿਆ ਜਾ ਰਿਹਾ ਹੈ, ਜੋ ਸ਼ਿਲਾਂਗ ਵਿਚ ਵੱਸਦੇ ਪੰਜਾਬੀਆਂ ਨਾਲ ਰਾਬਤਾ ਬਣਾਏਗਾ ਅਤੇ ਜਿਸ ਕਿਸਮ ਦੀ ਲੋੜ ਹੋਵੇਗੀ ਸ਼੍ਰੋਮਣੀ ਕਮੇਟੀ ਉਨ੍ਹਾਂ ਦੀ ਸਹਾਇਤਾ ਕਰੇਗੀ। ਸ਼੍ਰੋਮਣੀ ਕਮੇਟੀ ਦਾ ਇਹ ਵਫ਼ਦ ਮੇਘਾਲਿਆ ਦੇ ਮੁਖ ਮੰਤਰੀ ਸ੍ਰੀ ਸੰਗਮਾ ਅਤੇ ਗ੍ਰਹਿ ਮੰਤਰੀ ਤੋਂ ਇਲਾਵਾ ਸਥਾਨਕ ਪ੍ਰਸ਼ਾਸਨ ਨਾਲ ਵੀ ਮਾਮਲੇ ਸਬੰਧੀ ਗੱਲਬਾਤ ਕਰੇਗਾ। ਉਨ੍ਹਾਂ ਦੱਸਿਆ ਕਿ ਸ਼ਿਲਾਂਗ ਜਾਣ ਵਾਲੇ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਹਰਪਾਲ ਸਿੰਘ ਜੱਲ੍ਹਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸ਼ਾਮਲ ਹਨ। ਇਨ੍ਹਾਂ ਨਾਲ ਮੁਖਤਾਰੇਆਮ ਸ. ਸਿਮਰਜੀਤ ਸਿੰਘ ਵੀ ਜਾਣਗੇ। ਭਾਈ ਲੌਂਗੋਵਾਲ ਨੇ ਸ਼ਿਲਾਂਗ ਦੇ ਪੰਜਾਬੀਆਂ ਨੂੰ ਭਰੋਸਾ ਦਿੱਤਾ ਕਿ ਸ਼੍ਰੋਮਣੀ ਕਮੇਟੀ ਮੁਸ਼ਕਲ ਦੇ ਸਮੇਂ ਉਨ੍ਹਾਂ ਦੇ ਨਾਲ ਹੈ ਅਤੇ ਉਨ੍ਹਾਂ ਦਾ ਉਜਾੜਾ ਰੋਕਣ ਲਈ ਲੋੜੀਂਦੀ ਕਾਰਵਾਈ ਵੀ ਕਰੇਗੀ।