ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਉਣ ਸਬੰਧੀ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀ ਅਰਦਾਸ ਕਰਦੇ ਹੋਏ ਭਾਈ ਰਾਜਦੀਪ ਸਿੰਘ ਅਤੇ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਭਾਈ ਗੋਪਾਲ ਸਿੰਘ ਕੀਰਤਨ ਕਰਦੇ ਹੋਏ ਅਤੇ ਸੰਗਤਾਂ ਦਾ ਇਕੱਠ।

ਅੰਮ੍ਰਿਤਸਰ 25 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਨ ਜਰਨੈਲ, ਤੇਜੱਸਵੀ ਯੋਧੇ ਤੇ ਪੰਜਾਬ ਵਿੱਚ ਪਹਿਲਾ ਸਿੱਖ ਰਾਜ ਕਾਇਮ ਕਰਨ ਵਾਲੇ ਬਾਬਾ ਬੰਦਾ ਸਿੰਘ ਜੀ ਬਹਾਦਰ, ਉਨ੍ਹਾਂ ਦੇ ਸਪੁੱਤਰ ਬਾਬਾ ਅਜੈ ਸਿੰਘ ਤੇ ਹੋਰ ਸ਼ਹੀਦ ਸਿੰਘਾਂ ਦਾ ਸ਼ਹੀਦੀ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਗੋਪਾਲ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਤੇ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨੇ ਲਿਆ।
ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਸਬੰਧੀ ਜਾਣਕਾਰੀ ਦਿੰਦਿਆਂ ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਦਾ ਸਿੱਕਾ ਚਲਾਇਆ ਅਤੇ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿੱਤੇ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੂੰ ਦੁਸ਼ਮਣ ਫੌਜ ਵੱਲੋਂ ਅਨੇਕਾਂ ਅਣਮਨੁੱਖੀ ਤਸੀਹੇ ਦਿੱਤੇ ਗਏ ਉਨ੍ਹਾਂ ਦਾ ਮਾਸ ਨੋਚ-ਨੋਚ ਕੇ ਉਨ੍ਹਾਂ ਨੂੰ ਸ਼ਹੀਦ ਕਰ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਸ਼ਹੀਦ ਹੋ ਕੇ ਵੀ ਆਪਣੇ ਧਰਮ ਤੋਂ ਮੂੰਹ ਨਹੀਂ ਮੋੜਿਆ।ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਸੂਰਬੀਰ ਯੋਧਿਆਂ ਦੀਆਂ ਕੁਰਬਾਨੀਆਂ ਤੋਂ ਸਾਨੂੰ ਸਿੱਖਿਆ ਲੈਂਦਿਆਂ ਖੰਡੇ ਬਾਟੇ ਦੀ ਪਾਹੁਲ (ਅੰਮ੍ਰਿਤ) ਛਕ ਬਾਣੀ ਤੇ ਬਾਣੇ ਦੇ ਧਾਰਨੀ ਬਣਨਾ ਚਾਹੀਦਾ ਹੈ। ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜੇ ਦੀਵਾਨਾਂ ‘ਚ ਸਿੱਖ ਪੰਥ ਦੇ ਢਾਡੀ ਜਥਿਆਂ ਨੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ।
ਇਸ ਮੌਕੇ ਸ. ਅਜੈਬ ਸਿੰਘ ਅਭਿਆਸੀ ਮੈਂਬਰ ਧਰਮ ਪ੍ਰਚਾਰ ਕਮੇਟੀ, ਸ. ਪ੍ਰਤਾਪ ਸਿੰਘ ਤੇ ਸ. ਬਲਵਿੰਦਰ ਸਿੰਘ ਜੋੜਾਸਿੰਘਾਂ ਵਧੀਕ ਸਕੱਤਰ,  ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਸਤਿੰਦਰ ਸਿੰਘ, ਸ. ਜਗਜੀਤ ਸਿੰਘ ਜੱਗੀ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਮੀਤ ਸਿੰਘ, ਸ. ਹਰਜਿੰਦਰ ਸਿੰਘ ਕੈਰੋਵਾਲ, ਸ. ਹਰਿੰਦਰਪਾਲ ਸਿੰਘ ਸਾਰੇ ਮੀਤ ਸਕੱਤਰ, ਸ. ਹਰਜਿੰਦਰ ਸਿੰਘ ਭੂਰਾਕੋਹਨਾ, ਸ. ਰਘਬੀਰ ਸਿੰਘ ਮੰਡ, ਸ. ਸੁਖਰਾਜ ਸਿੰਘ, ਸ. ਲਖਬੀਰ ਸਿੰਘ, ਸ. ਪਰਮਜੀਤ ਸਿੰਘ, ਸ. ਨਰਿੰਦਰ ਸਿੰਘ ਤੇ ਸ. ਲਖਬੀਰ ਸਿੰਘ ਸਾਰੇ ਐਡੀ: ਮੈਨੇਜਰ, ਸ. ਮਲਕੀਤ ਸਿੰਘ ਸੁਪਰਵਾਈਜ਼ਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।