ਭਗਤ ਕਬੀਰ ਜੀ ਦੀ ਬਾਣੀ ਵਿਚਲਾ ਸੰਦੇਸ਼ ਸਦੀਵੀਂ ਅਗਵਾਈ ਦੇਣ ਦੇ ਸਮਰੱਥ ਹੈ- ਗਿ: ਰਵੇਲ ਸਿੰਘ

ਅੰਮ੍ਰਿਤਸਰ 2 ਜੂਨ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਭਗਤਾਂ ਦੇ ਜਨਮ ਦਿਹਾੜੇ ਬੜੀ ਸ਼ਰਧਾ-ਭਾਵਨਾ ਨਾਲ ਮਨਾਏ ਜਾਂਦੇ ਹਨ। ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਭਗਤ ‘ਭਗਤ ਕਬੀਰ ਜੀ’ ਦਾ ਜਨਮ ਦਿਹਾੜਾ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ। ਭਗਤ ਕਬੀਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਥੇ ਵੱਲੋਂ ਇਲਾਹੀ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ, ਅਰਦਾਸ ਭਾਈ ਗੁਰਚਰਨ ਸਿੰਘ ਵੱਲੋਂ ਕੀਤੀ ਗਈ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।

ਇਸ ਸਮੇਂ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਭਗਤ ਕਬੀਰ ਜੀ ਦੇ ਜੀਵਨ ਤੇ ਰੌਸ਼ਨੀ ਪਾਉਂਦਿਆਂ ਸੰਗਤਾਂ ਨੂੰ ਦੱਸਿਆ ਕਿ ਭਗਤ ਕਬੀਰ ਜੀ ਅਦੁੱਤੀ ਸਖਸ਼ੀਅਤ ਦੇ ਮਾਲਕ, ਕ੍ਰਾਂਤੀਕਾਰੀ ਸੁਭਾਅ ਦੇ ਸਿਰਮੌਰ ਰੂਹਾਨੀ ਆਗੂ ਸਨ। ਉਨ੍ਹਾਂ ਦੀ ਬਾਣੀ ਬਾਹਰੀ ਕਰਮਕਾਡਾਂ ਤੋਂ ਮੁਕਤ ਕਰਕੇ ਜਗਿਆਸੂ ਦਾ ਅੰਦਰ ਰੌਸ਼ਨ ਕਰਨ ਵੱਲ ਰੁਚਿਤ ਹੈ।ਉਨ੍ਹਾਂ ਦੀ ਬਾਣੀ ਵਿੱਚ ਸਮੋਇਆ ਸੰਦੇਸ਼ ਅੱਜ ਵੀ ਦੁਨੀਆਂ ਨੂੰ ਸਦੀਵੀਂ ਅਗਵਾਈ ਦੇਣ ਦੀ ਸਮਰੱਥਾ ਰੱਖਦਾ ਹੈ।ਬਨਾਰਸ ਦੀ ਧਰਤੀ ‘ਤੇ ਜੁਲਾਹਾ ਬਰਾਦਰੀ ਵਿਚ ਨੀਰੂ ਜੁਲਾਹਾ ਦੇ ਘਰ ਜਨਮੇ ਭਗਤ ਕਬੀਰ ਜੀ ਨੇ ਜ਼ਿੰਦਗੀ ਦਾ ਲੰਮਾ ਹਿੱਸਾ ਬਨਾਰਸ ਦੀ ਧਰਤੀ ‘ਤੇ ਹੀ ਗੁਜ਼ਾਰਿਆ ਹੈ।ਬਚਪਨ ਤੋਂ ਹੀ ਪ੍ਰਭੂ ਭਗਤੀ ਵਿਚ ਲੀਨ ਰਹਿਣ ਵਾਲੇ ਭਗਤ ਕਬੀਰ ਜੀ ਨੇ ਜਾਤ-ਪਾਤ ਦਾ ਭੇਦ-ਭਾਵ ਤੇ ਵਹਿਮਾਂ ਭਰਮਾਂ ਚ ਪਾਉਣ ਵਾਲੇ ਕਰਮਕਾਂਡੀ ਲੋਕਾਂ ਦਾ ਵਿਰੋਧ ਕਰਦਿਆਂ ਸੰਸਾਰ ਨੂੰ ਸੱਚੇ ਗੁਰੂ ਦੇ ਲੜ ਲੱਗਣ ਦੀ ਪ੍ਰੇਰਣਾ ਦੇਂਦਿਆਂ ਸਰਬ ਸਾਂਝੀ ਵਾਲਤਾ ਦਾ ਸੁਨੇਹਾ ਦਿੱਤਾ।ਉਨ੍ਹਾਂ ਕਿਹਾ ਕਿ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ੧੫ ਭਗਤਾਂ ਦੀ ਬਾਣੀ ਦਰਜ਼ ਹੈ ਜਿਨ੍ਹਾਂ ਵਿਚੋਂ ਸਭ ਤੋਂ ਵੱਧ ਸ਼ਬਦ ਤੇ ਸਲੋਕ ਭਗਤ ਕਬੀਰ ਜੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ਼ ਹਨ। ਸਿੰਘ ਸਾਹਿਬ ਨੇ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਵਧਾਈ ਦੇਂਦਿਆਂ ਕਿਹਾ ਕਿ ਭਗਤ ਜੀ ਦੇ ਸਿਧਾਂਤ ਅਤੇ ਗੁਰਮਤਿ ਸੋਚ ਤੇ ਪਹਿਰਾ ਦੇਣ ਦੀ ਲੋੜ ਹੈ।ਸਿੰਘ ਸਾਹਿਬ ਨੇ ਜਥੇ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਧਾਨ ਸਾਹਿਬ ਦੀ ਅਗਵਾਈ ‘ਚ ਸ਼੍ਰੋਮਣੀ ਕਮੇਟੀ ਵੱਲੋਂ ਭਗਤਾਂ ਦੇ ਜਨਮ ਦਿਹਾੜੇ ਮਨਾਉਣਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਸਮੁੱਚੀ ਕੌਮ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦਾ ਸੰਦੇਸ਼ ਵੀ ਦਿੱਤਾ।

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਮੇਂ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿੱਜੀ ਸਹਾਇਕ, ਸ. ਗੁਰਚਰਨ ਸਿੰਘ ਮੀਤ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ, ਇੰਚਾਰਜ ਸ. ਨਿਸ਼ਾਨ ਸਿੰਘ, ਸ. ਕਰਮਬੀਰ ਸਿੰਘ, ਤੇ ਬਲਵਿੰਦਰ ਸਿੰਘ, ਸ. ਜਗੀਰ ਸਿੰਘ ਚੀਫ ਗੁਰਦੁਆਰਾ ਇੰਸਪੈਕਟਰ, ਐਡੀ: ਮੈਨੇਜਰ ਸ. ਸੁਖਰਾਜ ਸਿੰਘ ਤੇ ਸ. ਲਖਬੀਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ ਤੇ ਸਿੱਖ ਸੰਗਤਾਂ ਮੌਜ਼ੂਦ ਸਨ।