ਅੰਮ੍ਰਿਤਸਰ, 30 ਨਵੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ। 
ਇਸ ਸਮੇਂ ਹਾਜ਼ਰ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਜਿਨ੍ਹਾਂ ਸਤਿਕਾਰਤ 15 ਭਗਤਾਂ ਦੀ ਬਾਣੀ ਦਰਜ ਹੈ ਉਨ੍ਹਾਂ ਵਿਚੋਂ ਭਗਤ ਸੈਣ ਜੀ ਵੀ ਇੱਕ ਹਨ। ਉਨ੍ਹਾਂ ਕਿਹਾ ਕਿ ਭਗਤ ਸੈਣ ਜੀ ਦੀ ਬਾਣੀ ਮਾਨਵਤਾ ਲਈ ਰਾਹ ਦਸੇਰਾ ਹੈ ਜਿਸ ‘ਤੇ ਚੱਲ ਕੇ ਅਸੀਂ ਆਪਣਾ ਜੀਵਨ ਸਵਾਰ ਸਕਦੇ ਹਾਂ। 
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ, ਸਾਬਕਾ ਮੈਨੇਜਰ ਸ. ਹਰਬੰਸ ਸਿੰਘ ਮੱਲੀ, ਸ. ਨਰਿੰਦਰ ਸਿੰਘ, ਸ. ਬਘੇਲ ਸਿੰਘ, ਸ. ਜਸਪਾਲ ਸਿੰਘ ਢੱਡੇ, ਸ. ਪਰਮਜੀਤ ਸਿੰਘ, ਸ. ਜਗਤਾਰ ਸਿੰਘ, ਸ. ਨਿਸ਼ਾਨ ਸਿੰਘ, ਸੈਣ ਭਾਈਚਾਰੇ ਵੱਲੋਂ ਸ. ਜਸਵੰਤ ਸਿੰਘ ਜੌੜਾ ਫਾਟਕ, ਸ. ਬਲਦੇਵ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।