ਭਾਈ ਤਾਰੂ ਸਿੰਘ ਦੀ ਸ਼ਹਾਦਤ ਤੋਂ ਮਿਲਦੀ ਹੈ ਸਿੱਖੀ ਵਿਚ ਪ੍ਰਪੱਕ ਹੋਣ ਦੀ ਪ੍ਰੇਰਨਾ –ਪ੍ਰੋ: ਕਿਰਪਾਲ ਸਿੰਘ ਬਡੂੰਗਰ


ਅੰਮ੍ਰਿਤਸਰ, ੧੬ ਜੁਲਾਈ-  ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਕੁਲਦੀਪ ਸਿੰਘ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਪਰਗਟ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਪਾਵਨ ਹੁਕਮਨਾਮਾ ਸਰਵਣ ਕਰਵਾਇਆ।
ਇਸ ਮੌਕੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਜੇਕਰ ਅੱਜ ਭਾਰਤ ਦਾ ਇਤਿਹਾਸ ਅਤੇ ਸੱਭਿਆਚਾਰ ਜੀਵਤ ਹੈ ਤਾਂ ਉਸ ਵਿਚ ਸਿੱਖ ਕੌਮ ਦੇ ਸ਼ਹੀਦਾਂ ਦਾ ਬਹੁਤ ਵੱਡਾ ਯੋਗਦਾਨ ਹੈ। ਬਾਹਰੀ ਹਮਲਾਵਰਾਂ ਅਤੇ ਜਰਵਾਣਿਆਂ ਵੱਲੋਂ ਦਬਾਏ, ਲਤਾੜੇ ਮਜ਼ਲੂਮ ਅਤੇ ਇਸਤਰੀਆਂ ਨੂੰ ਸਨਮਾਨਯੋਗ ਜੀਵਨ ਜਿਊਣ ਲਈ ਸਿੱਖ ਕੌਮ ਦੇ ਸਿਰਲੱਥ ਯੋਧਿਆਂ ਨੇ ਆਪਣੀਆਂ ਕੁਰਬਾਨੀਆਂ ਦੇ ਕੇ ਇਤਿਹਾਸ ਨੂੰ ਨਵਾਂ ਮੋੜ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਚਲਾਇਆ ਗਿਆ ਮਿਸ਼ਨ ਮਨੁੱਖੀ ਆਜ਼ਾਦੀ ਦੀ ਉਹ ਆਦਰਸ਼ ਸੀ ਜਿਸ ਨੇ ਇਕੱਲੇ ਭਾਰਤ ਹੀ ਨਹੀਂ ਸਗੋਂ ਦੁਨੀਆਂ ਦੇ ਇਤਿਹਾਸ ਨੂੰ ਵੀ ਪ੍ਰਭਾਵਿਤ ਕੀਤਾ। ਭਾਈ ਤਾਰੂ ਸਿੰਘ ਵੀ ਗੁਰੂ ਸਾਹਿਬਾਨ ਦੇ ਮਿਸ਼ਨ ‘ਤੇ ਚੱਲਣ ਵਾਲਾ ਅਣਖੀ ਤੇ ਸਿਦਕੀ ਸਿੱਖ ਸੀ ਜਿਸਨੇ ਸ਼ਹਾਦਤ ਦੇ ਕੇ ਇਹ ਸਿੱਧ ਕੀਤਾ ਕਿ ਉਸ ਜੀਵਨ ਦਾ ਕੋਈ ਲਾਭ ਨਹੀਂ ਜਿਸ ਵਿਚ ਮਨੁੱਖਤਾ ਪ੍ਰਤੀ ਹਮਦਰਦੀ ਅਤੇ ਆਪਣੇ ਧਰਮ ਪ੍ਰਤੀ ਸਮਰਪਣ ਭਾਵਨਾ ਨਾ ਹੋਵੇ। ਉਨ੍ਹਾਂ ਨੌਜੁਆਨੀ ਨੂੰ ਸਿੱਖੀ ਪ੍ਰਤੀ ਨਿਸ਼ਠਾ ਤੇ ਦ੍ਰਿੜ੍ਹਤਾ ਜਿਹੇ ਗੁਣਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਭਾਈ ਤਾਰੂ ਸਿੰਘ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਪਣੇ ਸੰਬੋਧਨ ਵਿਚ ਸ਼ਹੀਦ ਭਾਈ ਤਾਰੂ ਸਿੰਘ ਦੇ ਜੀਵਨ ਇਤਿਹਾਸ ਨੂੰ ਸੰਗਤ ਨਾਲ ਸਾਂਝਾ ਕਰਦਿਆਂ ਉਨ੍ਹਾਂ ਦੀ ਸ਼ਹਾਦਤ ਨੂੰ ਅਨੋਖੀ ਤੇ ਪ੍ਰੇਰਨਾਮਈ ਦੱਸਿਆ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਦਾ ਜੀਵਨ ਨੌਜੁਆਨੀ ਨੂੰ ਸਿੱਖੀ ਨਾਲ ਜੋੜਨ ਲਈ ਇਕ ਮਿਸਾਲ ਹੈ ਅਤੇ ਸਿੱਖ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਿੱਖੀ ਸਰੂਪ ਵਿਚ ਪ੍ਰਪੱਕ ਕਰਨ ਲਈ ਭਾਈ ਤਾਰੂ ਸਿੰਘ ਦੇ ਜੀਵਨ ਇਤਿਹਾਸ ਨਾਲ ਜੋੜਨਾ ਚਾਹੀਦਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਸ. ਬਲਵਿੰਦਰ ਸਿੰਘ ਵੇਈਂਪੂਈਂ, ਮੈਂਬਰ ਭਾਈ ਮਨਜੀਤ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਸ. ਅਜਾਇਬ ਸਿੰਘ ਅਭਿਆਸੀ, ਸ. ਅਮਰਜੀਤ ਸਿੰਘ ਭਲਾਈਪੁਰ, ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਬਿਜੈ ਸਿੰਘ, ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਮੀਤ ਸਿੰਘ ਬੁੱਟਰ, ਸ. ਸਿਮਰਜੀਤ ਸਿੰਘ ਕੰਗ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਮਹਿੰਦਰ ਸਿੰਘ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਮੈਨੇਜਰ ਸ. ਸੁਲੱਖਣ ਸਿੰਘ, ਸ. ਗੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।