ਖਾਲਸਾਈ ਖੇਡ ਉਤਸਵ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ ਵਿਸ਼ੇਸ਼ ਇਨਾਮ -ਪ੍ਰੋ. ਕਿਰਪਾਲ ਸਿੰਘ ਬਡੂੰਗਰ 
ਸਰੀਰਕ ਵਿਕਾਸ ਲਈ ਮਨੁੱਖੀ ਜੀਵਨ ਵਿਚ ਖੇਡਾਂ ਦਾ ਵਿਸ਼ੇਸ਼ ਮਹੱਤਵ -ਪ੍ਰੋ. ਬਡੂੰਗਰ
ਖਿਡਾਰੀਆਂ ਦਾ ਖਾਲਸਾਈ ਲਿਬਾਸ, ਮਾਰਚ ਪਾਸਟ ਅਤੇ ਜਹਾਜ਼ ਰਾਹੀਂ ਫੁੱਲਾਂ ਦੀ ਵਰਖਾ ਬਣੀ ਖਿੱਚ ਦਾ ਕੇਂਦਰ
ਤਿੰਨ ਰੋਜ਼ਾ ਖਾਲਸਾਈ ਖੇਡ ਉਤਸਵ ਦੌਰਾਨ ਪੰਜ ਹਜ਼ਾਰ ਤੋਂ ਵੱਧ ਖਿਡਾਰੀ ਪੁੱਜੇ
ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (    ) ਮਾਨਵਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਕਾਲਜਾਂ ਦੇ 14ਵੇਂ ਸਾਲਾਨਾ ਖ਼ਾਲਸਾਈ ਖੇਡ ਉਤਸਵ-2017 ਦੀ ਸ਼ੁਰੂਆਤ ਅੱਜ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਬਾਬਾ ਫ਼ਤਹਿ ਸਿੰਘ ਖੇਡ ਸਟੇਡੀਅਮ ਵਿਖੇ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਕੀਤੀ ਗਈ। ਖੇਡ ਉਤਸਵ ਦੀ ਆਰੰਭਤਾ ਸਮੇਂ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਨਰਸਿੰਙਿਆਂ ਅਤੇ ਨਗਾਰਿਆਂ ਦੀ ਗੂੰਝ ਨਾਲ ਖਾਲਸਾਈ ਮਾਹੌਲ ਸਿਰਜਿਆ ਗਿਆ। ਇਸ ਖ਼ਾਲਸਾਈ ਖੇਡ ਉਤਸਵ ਵਿਚ ਹਿੱਸਾ ਲੈ ਰਹੀਆਂ ਸ਼੍ਰੋਮਣੀ ਕਮੇਟੀ ਦੇ ਵੱਖ ਵੱਖ ਕਾਲਜ਼ਾਂ ਦੀਆਂ ਟੀਮਾਂ ਦਾ ਖ਼ਾਲਸਾਈ ਲਿਬਾਸ ਸਭ ਨੂੰ ਪ੍ਰਭਾਵਿਤ ਕਰ ਰਿਹਾ ਸੀ। ਇਸ ਦੇ ਨਾਲ ਹੀ ਖੇਡ ਉਤਸਵ ’ਚ ਸਿੱਖ ਮਾਰਸ਼ਲ ਆਰਟ ਗੱਤਕਾ ਤੋਂ ਇਲਾਵਾ ਹੈਲੀਕਾਪਟਰ ਦੁਆਰਾ ਫੁੱਲਾਂ ਦੀ ਵਰਖਾ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਦਿੱਤਾ ਗਿਆ ਗਾਰਡ ਆਫ਼ ਆਨਰ ਸਾਰਿਆਂ ਲਈ ਖਿੱਚ ਦਾ ਕੇਂਦਰ ਬਣੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਜੋ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਹੋਏ ਸਨ ਨੇ ਚੜ੍ਹਦੀ ਕਲਾ ਦੇ ਪ੍ਰਤੀਕ ਖ਼ਾਲਸਾਈ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਉਪਰੰਤ ਰੰਗ-ਬਿਰੰਗੇ ਗੁਬਾਰਿਆਂ ਨੂੰ ਉਡਾ ਕੇ ਖੇਡ ਸਮਾਰੋਹ ਸ਼ੁਰੂ ਕਰਵਾਇਆ।
ਖੇਡ ਉਤਸਵ ਦੇ ਉਦਘਾਟਨੀ ਸਮਾਰੋਹ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ਼੍ਰੋਮਣੀ ਕਮੇਟੀ ਜਿਥੇ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਵਚਨਬੱਧ ਹੈ, ਉਥੇ ਹੀ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਨੌਜਵਾਨ ਖਿਡਾਰੀਆਂ ਨੂੰ ਸਨਮਾਨਿਤ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ ਵਿੱਚੋਂ ਉਭਰਦੇ ਖਿਡਾਰੀਆਂ ਨੂੰ ਸਨਮਾਨਿਤ ਕੀਤੇ ਜਾਣ ਦੇ ਇਸ ਫ਼ੈਸਲੇ ਅਨੁਸਾਰ ਖਾਲਸਾਈ ਖੇਡਾਂ ਵਿਚ ਓਵਰਆਲ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਵੱਡੇ ਇਨਾਮ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰੀਰਕ ਵਿਕਾਸ ਲਈ ਮਨੁੱਖੀ ਜੀਵਨ ਵਿਚ ਖੇਡਾਂ ਦਾ ਵਿਸ਼ੇਸ਼ ਮਹੱਤਵ ਹੈ ਅਤੇ ਇਹ ਆਪਸੀ ਮਿਲਵਰਤਣ ਦਾ ਪ੍ਰਤੀਕ ਵੀ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਇਸ ਵਾਰ ਦੀਆਂ ਖਾਲਸਾਈ ਖੇਡਾਂ ਮਾਨਵਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿਚ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਨ ਅਤੇ ਸਾਡਾ ਸਭ ਦਾ ਫਰਜ ਹੈ ਕਿ ਜਗਤ ਗੁਰੂ ਦੀਆਂ ਸਿੱਖਿਆਵਾਂ ਨੂੰ ਆਪਣੇ ਅਮਲੀ ਜੀਵਨ ਵਿਚ ਕਮਾਈਏ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਬਖ਼ਸ਼ਿਆ ਖ਼ਾਲਸਾਈ ਸਰੂਪ ਹਰ ਸਿੱਖ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ, ਅਧਿਆਪਕ ਅਤੇ ਮਾਪੇ ਬੱਚਿਆਂ ਅਤੇ ਨੌਜੁਆਨਾਂ ਨੂੰ ਜ਼ਿੰਦਗੀ ਸਬੰਧੀ ਚੰਗੇ ਸਰੋਕਾਰ ਦੇਣ ਲਈ ਵੱਡੀ ਭੂਮਿਕਾ ਨਿਭਾਉਣ ਲਈ ਅੱਗੇ ਆਉਣ।
ਇਸ ਤੋਂ ਪਹਿਲਾ ਡਾਇਰੈਕਟਰ ਸਿੱਖਿਆ ਡਾ. ਜਤਿੰਦਰ ਸਿੰਘ ਸਿੱਧੂ ਨੇ ਸਵਾਗਤੀ ਭਾਸ਼ਣ ’ਚ ਮੁੱਖ ਮਹਿਮਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਆਏ ਹੋਏ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪ੍ਰੋ. ਬਡੂੰਗਰ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਿਦਿਆਰਥੀਆਂ ਨੂੰ ਸਿੱਖਿਆਂ ਦੇ ਨਾਲ-ਨਾਲ ਖੇਡਾਂ ਰਾਹੀਂ ਕੌਮਾਂਤਰੀ ਪੱਧਰ ਤੇ ਲਿਜਾਣ ਲਈ ਯਤਨਸ਼ੀਲ ਹੈ ਅਤੇ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਲਈ ਸਿੱਖ ਇਤਿਹਾਸ ਤੇ ਵਿਰਾਸਤ ਨਾਲ ਜੋੜਨ ਦਾ ਇਹ ਉਪਰਾਲਾ ਅਗਾਂਹ ਵੀ ਜਾਰੀ ਰਹੇਗਾ।
ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ 14ਵੇਂ ਖ਼ਾਲਸਾਈ ਖੇਡ ਉਤਸਵ 2017 ਦਾ ਸੋਵੀਨਰ ਵੀ ਰਿਲੀਜ਼ ਕੀਤਾ। ਇਸੇ ਦੌਰਾਨ ਖੇਡ ਮੈਦਾਨ ’ਚ ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਵੱਲੋਂ ‘ਜ਼ਬਰ ਅਤੇ ਜ਼ੁਲਮ’ ਆਧਾਰਿਤ ਕੋਰਿਓਗ੍ਰਾਫ਼ੀ ਦੀ ਪੇਸ਼ਕਾਰੀ ਕੀਤੀ ਗਈ। ਉਤਸਵ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਸਨਮਾਨਿਤ ਵੀ ਕੀਤਾ ਗਿਆ।
ਖ਼ਾਲਸਾਈ ਖੇਡ ਉਤਸਵ ਦੌਰਾਨ ਵੱਖ ਵੱਖ ਕਾਲਜਾਂ ਦੇ ਕਰੀਬ ਪੰਜ ਹਜ਼ਾਰ ਵਿਦਿਆਰਥੀਆਂ ਨੇ ਹਿੱਸਾ ਲਿਆ। ਅੱਜ ਹੋਏ ਖੇਡ ਮੁਕਾਬਲਿਆਂ ਵਿਚ ਗੱਤਕਾ, ਕਬੱਡੀ, ਫੁੱਟਬਾਲ, ਹਾਕੀ, ਬਾਸਕਟਬਾਲ, ਵਾਲੀਬਾਲ, ਬੈਡਮਿੰਟਨ, ਟੇਬਲ ਟੈਨਿਸ, ਰੱਸਾ-ਕਸੀ, ਚੈੱਸ, ਹੈਂਡਬਾਲ, ਖੋ-ਖੋ, ਵੇਟ ਲਿਫਟਿੰਗ ਆਦਿ ਖੇਡਾਂ ਦੇ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਕਰਨੈਲ ਸਿੰਘ ਪੰਜੋਲੀ, ਗਿਆਨੀ ਹਰਪਾਲ ਸਿੰਘ ਹੈੱਡ ਗ੍ਰੰਥੀ, ਸ. ਰਣਜੀਤ ਸਿੰਘ ਲਿਬੜਾ ਆਨਰੇਰੀ ਸਕੱਤਰ, ਸ. ਜਗਦੀਪ ਸਿੰਘ ਚੀਮਾ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ, ਸ. ਕੇਵਲ ਸਿੰਘ, ਡਾ. ਜਤਿੰਦਰ ਸਿੰਘ ਸਿੱਧੂ ਡਾਇਰੈਕਟਰ ਸਿੱਖਿਆ ਸ਼੍ਰੋਮਣੀ ਕਮੇਟੀ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਸ. ਚਾਨਣ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ ਪ੍ਰਧਾਨ ਸ਼੍ਰੋਮਣੀ ਕਮੇਟੀ, ਡਾ. ਪਰਮਵੀਰ ਸਿੰਘ ਮੈਂਬਰ ਸਿੱਖ ਇਤਿਹਾਸ ਰੀਸਰਚ ਬੋਰਡ, ਡਾ. ਧਰਮਿੰਦਰ ਸਿੰਘ ਉਭਾ ਪ੍ਰਿੰਸੀਪਲ ਖਾਲਸਾ ਕਾਲਜ ਪਟਿਆਲਾ, ਸ. ਬਰਿੰਦਰ ਸਿੰਘ ਸੋਢੀ, ਪ੍ਰਿੰਸੀਪਲ ਸਤਵੰਤ ਕੌਰ ਸਹਾਇਕ ਡਾਇਰੈਕਟਰ, ਡਾ. ਪ੍ਰਭਜੀਤ ਸਿੰਘ ਸਹਾਇਕ ਡਾਇਰੈਕਟਰ, ਮੇਜਰ ਜਨਰਲ ਗੁਰਚਰਨ ਸਿੰਘ ਲਾਂਬਾ, ਸ. ਕਰਮਜੀਤ ਸਿੰਘ ਲਿਬੜਾ, ਡਾ. ਤੇਜਿੰਦਰਪਾਲ ਕੌਰ ਧਾਲੀਵਾਲ, ਡਾ. ਕੁਲਦੀਪ ਸਿੰਘ, ਡਾ. ਕੁਲਦੀਪ ਸਿੰਘ ਬੱਲ,  ਡਾ. ਸਾਹਿਬ ਸਿੰਘ, ਡਾ. ਸੁਖਦੇਵ ਸਿੰਘ, ਡਾ. ਗੁਰਵੀਰ ਸਿੰਘ, ਡਾ. ਕਸ਼ਮੀਰ ਸਿੰਘ, ਸ. ਗੁਰਦੀਪ ਸਿੰਘ ਕੰਗ ਮੈਨੇਜਰ, ਸ. ਅਮਰਜੀਤ ਸਿੰਘ ਮੈਨੇਜਰ, ਆਦਿ ਹਾਜ਼ਰ ਸਨ।