ਕਪੂਰਥਲਾ/ਅੰਮ੍ਰਿਤਸਰ, 18 ਮਾਰਚ-
ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਇਲਾਕੇ ਦੀ ਵੱਡੀ ਗਿਣਤੀ ਸੰਗਤ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ, ਭਾਈ ਜੁਝਾਰ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦਿੱਤ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਸਮਾਗਮ ਦੌਰਾਨ ਪੰਥ ਪ੍ਰਸਿੱਧ ਕਥਾਵਾਚਕ ਭਾਈ ਬਲਦੇਵ ਸਿੰਘ ਪਾਉਂਟਾ ਸਾਹਿਬ, ਢਾਡੀ ਜਥਾ ਭਾਈ ਜਗਦੀਸ਼ ਸਿੰਘ ਵਡਾਲਾ ਤੇ ਭਾਈ ਸੁਰਜੀਤ ਸਿੰਘ ਸਭਰਾ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇ ਪਹਿਲੇ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਸਬੰਧੀ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨਾਲ ਜੁੜਨ ਦੀ ਪ੍ਰੇਰਣਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਗੁਰਮਤਿ ਸਮਾਗਮ ਸ਼ਲਾਘਾਯੋਗ ਹਨ। ਇਹ ਸਿੱਖ ਜਗਤ ਲਈ ਇਕ ਇਤਿਹਾਸਕ ਮੌਕਾ ਹੈ, ਜਿਸ ਨੂੰ ਸਮਰਪਿਤ ਹੋ ਕੇ ਪ੍ਰਚਾਰ ਤੇ ਪ੍ਰਸਾਰ ਲਈ ਸਮੂਹਕ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਮੈਨੇਜਰ ਸ. ਜਰਨੈਲ ਸਿੰਘ, ਸ. ਪ੍ਰੇਮਜੀਤ ਸਿੰਘ ਢੱਡੇ ਪ੍ਰਚਾਰਕ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।