ਪਟਿਆਲਾ ੨੬ ਅਪ੍ਰੈਲ – ਵਿਦੇਸ਼ਾਂ ਅੰਦਰ ਪਛਾਣ ਦੀ ਦੁਬਿਧਾ ਕਾਰਨ ਸਿੱਖਾਂ ਨੂੰ ਆਉਂਦੀਆਂ ਮੁਸ਼ਕਿਲਾਂ ਦੇ ਹੱਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਧਰਮ ਦੇ ਵੱਖ-ਵੱਖ ਪਹਿਲੂਆਂ ਨੂੰ ਦਰਸਾਉਂਦਾ ਵਿਸ਼ੇਸ਼ ਦਸਤਾਵੇਜ਼ ਅੱਜ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਕੀਤਾ। ਅੰਗਰੇਜ਼ੀ ‘ਚ ਤਿਆਰ ਕੀਤੇ ਗਏ ਇਸ ਅਹਿਮ ਦਸਤਾਵੇਜ਼ ਵਿਚ ਸਿੱਖ ਧਰਮ ਦੇ ਸ਼ਾਨਾਮੱਤੇ ਇਤਿਹਾਸ ਤੋਂ ਇਲਾਵਾ ਸਿੱਖ ਪਛਾਣ, ਸਿੱਖਾਂ ਦੇ ਵਿਦੇਸ਼ਾਂ ਅੰਦਰ ਵੱਸਣ ਦੇ ਮੁੱਢਲੇ ਦੌਰ ਸਬੰਧੀ ਜਾਣਕਾਰੀ, ਸਿੱਖਾਂ ਦੀਆਂ ਵਿਸ਼ਵੀ ਪ੍ਰਾਪਤੀਆਂ, ਵਿਦੇਸ਼ਾਂ ਅੰਦਰ ਵਰਤਮਾਨ ਸਥਿਤੀ, ਕਾਰੋਬਾਰ, ਸਿੱਖ ਸਭਿਆਚਾਰ ਦੀ ਅਮੀਰੀ, ਸਿੱਖ ਕਕਾਰਾਂ ਸਮੇਤ ਸਿੱਖਾਂ ਦੇ ਹੋਰਨਾ ਧਰਮਾਂ ਦੇ ਲੋਕਾਂ ਨਾਲ ਭਰਾਤਰੀ ਸਬੰਧਾਂ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਇਸ ਵਿਚ ਪਹਿਲੀ ਸੰਸਾਰ ਜੰਗ ਤੋਂ ਲੈ ਕੇ ਵਰਤਮਾਨ ਸਮੇਂ ਤੱਕ ਸਿੱਖਾਂ ਦੇ ਇਤਿਹਾਸ ਅਤੇ ਵਿਸ਼ਵ ਪੱਧਰੀ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਤਰਰਾਸ਼ਟਰੀ ਪੱਧਰ ‘ਤੇ ਰਾਜਸੀ, ਸਮਾਜਿਕ, ਵਪਾਰਕ, ਪ੍ਰਸ਼ਾਸਨਿਕ ਅਤੇ ਧਾਰਮਿਕ ਖੇਤਰ ਨਾਲ ਸਬੰਧਤ ਸ਼ਖਸੀਅਤਾਂ ਦੇ ਜ਼ਿਕਰ ਨੂੰ ਇਸ ਵਿਚ ਵਿਸ਼ੇਸ਼ ਸਥਾਨ ਦਿੱਤਾ ਗਿਆ ਅਤੇ ਵਿਦੇਸ਼ਾਂ ਅੰਦਰ ਪੁਰਾਤਨ ਸਮੇਂ ਤੋਂ ਸਿੱਖ ਗੁਰਦੁਆਰਿਆਂ ਦੀ ਸਥਾਪਨਾ ਅਤੇ ਉਨ੍ਹਾਂ ਵੱਲੋਂ ਸਰਬੱਤ ਦੇ ਭਲੇ ਲਈ ਪਾਏ ਯੋਗਦਾਨ ਨੂੰ ਵੀ ਦਰਸਾਇਆ ਗਿਆ ਹੈ।

ਕਿਤਾਬਚੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੇ ਮਸਲਿਆਂ ਨੂੰ ਲੈ ਕੇ ਸੰਜੀਦਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਸਿੱਖ ਪਛਾਣ ਦੀ ਦੁਬਿਧਾ ਦੇ ਹੱਲ ਲਈ ਯਤਨ ਕੀਤਾ ਗਿਆ ਹੈ ਅਤੇ ਇਸ ਕਿਤਾਬਚੇ ਨੂੰ ਵੱਖ-ਵੱਖ ਦੇਸ਼ਾਂ ਦੀਆਂ ਅੰਬੈਸੀਆਂ, ਸਰਕਾਰਾਂ ਆਦਿ ਤਕ ਭੇਜਿਆ ਜਾਵੇਗਾ ਹੈ। ਇਸ ਦੀ ਕਾਪੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਲਈ ਆਉਂਦੇ ਹਰ ਵਿਦੇਸ਼ੀ ਨੁਮਾਇੰਦੇ ਨੂੰ ਵੀ ਦਿੱਤੀ ਜਾਇਆ ਕਰੇਗੀ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਸਮੇਂ ਇਸ ਸਬੰਧ ਵਿਚ ਇੱਕ ਸਬ-ਕਮੇਟੀ ਬਣਾਈ ਗਈ ਸੀ, ਜਿਸ ਵਿਚ ਪ੍ਰਸਿੱਧ ਸਿੱਖ ਵਿਦਵਾਨ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ, ਡਾ. ਬਲਕਾਰ ਸਿੰਘ, ਡਾ. ਬਲਵੰਤ ਸਿੰਘ ਢਿੱਲੋਂ, ਡਾ. ਧਰਮ ਸਿੰਘ ਪਟਿਆਲਾ ਤੇ ਸ. ਦਿਲਜੀਤ ਸਿੰਘ ਬੇਦੀ ਸ਼ਾਮਲ ਸਨ, ਜਿਨ੍ਹਾਂ ਵੱਲੋਂ ਇਹ ਕਿਤਾਬਚਾ ਤਿਆਰ ਕੀਤਾ ਗਿਆ ਹੈ।

ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਮੈਂਬਰ ਸ. ਜਰਨੈਲ ਸਿੰਘ ਕਰਤਾਰਪੁਰ, ਡਾ. ਸਰਦਾਰਾ ਸਿੰਘ ਜੌਹਲ ਚਾਂਸਲਰ ਕੇਂਦਰੀ ਯੂਨੀਵਰਸਿਟੀ ਬਠਿੰਡਾ, ਡਾ. ਸੁਖਦਰਸ਼ਨ ਸਿੰਘ ਵਾਈਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਡਾ. ਬਲਵੰਤ ਸਿੰਘ ਢਿੱਲੋਂ ਪ੍ਰੋਫ਼ੈਸਰ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਡਾ. ਬਲਕਾਰ ਸਿੰਘ ਸਾਬਕਾ ਪ੍ਰੋਫ਼ੈਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਸਰਬਜਿੰਦਰ ਸਿੰਘ ਪ੍ਰੋਫ਼ੈਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਸ. ਪ੍ਰਿਤਪਾਲ ਸਿੰਘ ਮੈਂਬਰ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਦਿਲਜੀਤ ਸਿੰਘ ਬੇਦੀ, ਡਾ. ਚਮਕੌਰ ਸਿੰਘ ਡਾਇਰੈਕਟਰ ਜਥੇਦਾਰ ਟੌਹੜਾ ਇੰਸਟੀਚਿਊਟ, ਸ. ਦਰਸ਼ਨ ਸਿੰਘ ਪੀ.ਏ. ਆਦਿ ਮੌਜੂਦ ਸਨ।