ਭਾਈ ਲੌਂਗੋਵਾਲ ਦੀ ਅਗਵਾਈ ’ਚ ਸਿੱਖ ਪ੍ਰਤੀਨਿਧਾਂ ਨਾਲ ਕੀਤਾ ਜਾਵੇਗਾ 550ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਚਾਰ-ਵਟਾਂਦਰਾ

ਅੰਮ੍ਰਿਤਸਰ, 9 ਅਕਤੂਬਰ-
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਭਾ-ਸੁਸਾਇਟੀਆਂ ਤੇ ਸਿੱਖ ਜਥੇਬੰਦੀਆਂ ਦੀ ਦੋ ਦਿਨਾਂ ਇਕੱਤਰਤਾ 10 ਤੇ 11 ਅਕਤੂਬਰ ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਜੀ ਦਾ 550 ਸਾਲਾ ਪਾਵਨ ਪ੍ਰਕਾਸ਼ ਪੁਰਬ ਸਮੁੱਚੇ ਖ਼ਾਲਸਾ ਪੰਥ ਵੱਲੋਂ 2019 ਵਿਚ ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਮਾਗਮ ਉਲੀਕੇ ਗਏ ਹਨ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮੁੱਚੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸਾਰੀਆਂ ਸਭਾ-ਸੁਸਾਇਟੀਆਂ ਅਤੇ ਸਿੱਖ ਜਥੇਬੰਦੀਆਂ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਇਕੱਤਰਤਾਵਾਂ ਰੱਖੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਹਿਲੀ ਇਕੱਤਰਤਾ ਭਲਕੇ 10 ਅਕਤੂਬਰ ਨੂੰ ਹੋਵੇਗੀ, ਜਿਸ ਵਿਚ ਖ਼ਾਲਸਾ ਪੰਥ ਦੀਆਂ ਪ੍ਰਤੀਨਿਧ ਸੰਸਥਾਵਾਂ, ਸਭਾ-ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਗੁਰਮਤਿ ਟਕਸਾਲਾਂ ਆਦਿ ਦੇ ਨੁਮਾਇੰਦਿਆਂ ਨਾਲ ਵਿਚਾਰ-ਵਿਟਾਂਦਰਾ ਕੀਤਾ ਜਾਵੇਗਾ। ਦੂਸਰੀ ਇਕੱਤਰਤਾ 11 ਅਕਤੂਬਰ ਨੂੰ ਹੋਵੇਗੀ, ਜਿਸ ਵਿਚ ਸਮੂਹ ਸਿੰਘ ਸਭਾਵਾਂ ਆਦਿ ਦੇ ਨੁਮਾਇੰਦੇ ਸ਼ਾਮਲ ਹੋਣਗੇ।
ਉਨ੍ਹਾਂ ਦੱਸਿਆ ਕਿ ਦੋਹਾਂ ਇਕੱਤਰਤਾਵਾਂ ਦਾ ਸਮਾਂ ਸਵੇਰੇ 11:00 ਵਜੇ ਰੱਖਿਆ ਗਿਆ ਹੈ। ਸ. ਬੇਦੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਣ ਵਾਲੀਆਂ ਇਨ੍ਹਾਂ ਇਕੱਤਰਤਾਵਾਂ ਵਿੱਚੋਂ ਜੋ ਵੀ ਵੱਡਮੁੱਲੇ ਵਿਚਾਰ ਸਾਹਮਣੇ ਆਉਣਗੇ, ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਅਮਲ ਵਿਚ ਲਿਆਂਦੇ ਜਾਣਗੇ।