ਅੰਮ੍ਰਿਤਸਰ, 7 ਜੂਨ- ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਦੇ ਗੁਰਧਾਮਾਂ ਲਈ ਭੇਜਿਆ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਹੁਣ ਨਹੀਂ ਜਾਵੇਗਾ। ਇਸ ਦਾ ਕਾਰਨ ਦਿੱਲੀ ਸਥਿਤ ਪਾਕਿਸਤਾਨ ਅੰਬੈਸੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰੋਗਰਾਮ ਅਨੁਸਾਰ ਵੀਜੇ ਨਾ ਦਿੱਤੇ ਜਾਣਾ ਹੈ। ਜਾਰੀ ਇੱਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ੯ ਤੋਂ ੧੮ ਜੂਨ ਤੱਕ ਵੀਜਾ ਜਾਰੀ ਕਰਨ ਦੀ ਮੰਗ ਕੀਤੀ ਗਈ ਸੀ ਪਰ ਅੰਬੈਸੀ ਵੱਲੋਂ ਸ਼੍ਰੋਮਣੀ ਕਮੇਟੀ ਵੱਲੋਂ ਤੈਅ ਪ੍ਰੋਗਰਾਮ ਅਨੁਸਾਰ ਵੀਜ਼ੇ ਨਹੀਂ ਦਿਤੇ ਗਏ। ਇਸ ਲਈ ਸ਼ਹੀਦੀ ਪੁਰਬ ਮੌਕੇ ਹੁਣ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਹੀਂ ਭੇਜਿਆ ਜਾਵੇਗਾ। ਭਾਈ ਲੌਂਗੋਵਾਲ ਨੇ ਕਿਹਾ ਪਾਕਿਸਤਾਨ ਅੰਬੈਸੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰੋਗਰਾਮ ਅਨੁਸਾਰ ਵੀਜੇ ਨਾ ਦੇ ਕੇ ਗੁਰਧਾਮਾਂ ਦੇ ਦਰਸ਼ਨਾ ਲਈ ਜਾਣ ਵਾਲੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਬੈਸੀ ਨੂੰ ਅਜਿਹਾ ਨਹੀਂ ਸੀ ਕਰਨਾ ਚਾਹੀਦਾ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਲਈ ਸ਼੍ਰੋਮਣੀ ਕਮੇਟੀ ਵੱਲੋਂ ੮੧ ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲੱਗਣ ਲਈ ਦਿੱਲੀ ਸਥਿਤ ਪਾਕਿਸਤਾਨ ਅੰਬੈਸੀ ਨੂੰ ਭੇਜੇ ਗਏ ਸਨ।