ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਸਮਾਗਮ ‘ਚ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ
ਗੁਰੂ ਜੀ ਇਕ ਮਹਾਨ ਦਾਰਸ਼ਨਿਕ, ਸਮਾਜ ਸੁਧਾਰਕ ਅਤੇ ਵਿਸ਼ਵ ਦੇ ਕ੍ਰਾਂਤੀਕਾਰੀ ਰਹਿਬਰ ਸਨ -ਸ੍ਰੀ ਨਰਿੰਦਰ ਮੋਦੀ

ਸੁਲਤਾਨਪੁਰ ਲੋਧੀ, ੨੩ ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੇ ਸਿੱਖ ਜਗਤ ਦੇ ਸਹਿਯੋਗ ਨਾਲ ਵਿਸ਼ਾਲ ਸਮਾਗਮਾਂ ਦੀ ਆਰੰਭਤਾ ਅੱਜ ਗੁਰੂ ਸਾਹਿਬ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਕੀਤੀ ਗਈ। ਇਸ ਸਬੰਧ ਵਿਚ ਗੁਰਦੁਆਰਾ ਸਾਹਿਬ ਦੇ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਕਰਵਾਏ ਗਏ ਮੁੱਖ ਸਮਾਗਮ ਦੌਰਾਨ ਸਿੰਘ ਸਾਹਿਬਾਨ, ਪੰਥਕ ਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਤੋਂ ਇਲਾਵਾ ਭਾਰਤ ਦੇ ਕੇਂਦਰੀ ਮੰਤਰੀ ਡਾ. ਮਹੇਸ਼ ਸ਼ਰਮਾ ਤੇ ਸ. ਹਰਦੀਪ ਸਿੰਘ ਪੁਰੀ, ਪੰਜਾਬ ਦੇ ਰਾਜਪਾਲ ਸ੍ਰੀ ਵੀ. ਪੀ. ਸਿੰਘ ਬਦਨੌਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਅਤੇ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂਆਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਮੈਂਬਰ ਤੇ ਸੰਤ ਸਮਾਜ ਦੇ ਆਗੂ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ।
ਸਮਾਗਮ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਭੇਜਿਆ ਗਿਆ ਸੰਦੇਸ਼ ਭਾਰਤ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਡਾ. ਮਹੇਸ਼ ਸ਼ਰਮਾ ਨੇ ਪੜ੍ਹਿਆ। ਆਪਣੇ ਸੰਦੇਸ਼ ਵਿਚ ਸ੍ਰੀ ਨਰਿੰਦਰ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੁਨੀਆਂ ਦੇ ਇਕ ਅਜਿਹੇ ਸਰਬਸਾਂਝੇ ਰਹਿਬਰ ਸਨ, ਜਿਨ੍ਹਾਂ ਨੇ ਮਾਨਵਤਾ ਨੂੰ ਆਪਸੀ ਭਾਈਚਾਰੇ ਅਤੇ ਮਿਲਵਰਤਨ ਦਾ ਅਦਭੁਤ ਮਾਰਗ ਦਿੱਤਾ। ਗੁਰੂ ਸਾਹਿਨ ਨੇ ਦੂਰ ਦੇਸ਼ਾਂ ਦੀ ਯਾਤਰਾ ਕੀਤੀ ਅਤੇ ਪ੍ਰੇਮ ਭਾਈਚਾਰੇ ਦਾ ਸੁਨੇਹਾ ਵੰਡਿਆ। ਗੁਰੂ ਸਾਹਿਬ ਦਾ ਇਹ ਸੰਦੇਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ਼ ਉਨ੍ਹਾਂ ਦੀ ਪਵਿੱਤਰ ਬਾਣੀ ਵਿੱਚੋਂ ਪ੍ਰਗਟ ਹੁੰਦਾ ਹੈ। ਗੁਰੂ ਜੀ ਇਕ ਮਹਾਨ ਦਾਰਸ਼ਨਿਕ, ਸਮਾਜ ਸੁਧਾਰਕ ਅਤੇ ਵਿਸ਼ਵ ਦੇ ਕ੍ਰਾਂਤੀਕਾਰੀ ਰਹਿਬਰ ਸਨ। ਉਨ੍ਹਾਂ ਦਾ ਸਾਰਾ ਜੀਵਨ ਹੀ ਸਿਧਾਂਤਕ ਚਮਤਕਾਰੀ ਸੀ। ਪ੍ਰਧਾਨ ਮੰਤਰੀ ਨੇ ਆਪਣੇ ਸੁਨੇਹੇ ਵਿਚ ਗੁਰੂ ਸਾਹਿਬ ਦੇ ਆ ਰਹੇ ੫੫੦ ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਅਤੇ ਭਾਰਤ ਵਾਸੀਆਂ ਲਈ ਹੀ ਖੁਸ਼ੀ ਨਹੀਂ, ਸਗੋਂ ਸਮੁੱਚੀ ਦੁਨੀਆਂ ਦੇ ਲੋਕਾਂ ਲਈ ਇਕ ਮੁਬਾਰਕ ਮੌਕਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਨੂੰ ਵਿਸ਼ੇਸ਼ ਤੌਰ ‘ਤੇ ਵਰਤਿਆ ਜਾਵੇਗਾ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਉਪਦੇਸ਼ ਤੇ ਸੰਦੇਸ਼ ਨੂੰ ਵਿਸ਼ਵ ਤੱਕ ਲਿਜਾਇਆ ਜਾਵੇਗਾ, ਇਹ ਕਾਰਜ ਦੁਨੀਆਂ ਭਰ ‘ਚ ਸਥਿਤ ਭਾਰਤੀ ਦੂਤਾਵਾਸਾਂ ਰਾਹੀਂ ਕੀਤਾ ਜਾਵੇਗਾ। ਉਨ੍ਹਾਂ ਸੁਲਤਾਨਪੁਰ ਲੋਧੀ ਨੂੰ ਵਿਸ਼ਵ ਦੇ ਨਕਸ਼ੇ ‘ਚ ਉਭਾਰਨ ਲਈ ਵਿਰਾਸਤੀ ਸ਼ਹਿਰ ਬਣਾਉਣ ਦੀ ਪ੍ਰਤੀਬਧਤਾ ਦੁਹਰਾਉਂਦਿਆਂ ਕਿਹਾ ਕਿ ਭਾਰਤ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਸ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੇਗੀ। ਸਾਰਾ ਸਾਲ ਸਮਾਗਮ ਚਲਾਏ ਜਾਣਗੇ ਅਤੇ ਇਸ ਕਾਰਜ ਲਈ ਲੋੜੀਂਦੀਆਂ ਸੇਧਾਂ ਦੇਣ ਲਈ ਇਕ ਵਿਸ਼ੇਸ਼ ਕਮੇਟੀ ਵੀ ਬਣਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸੁਨੇਹਾ ਪੂਰੀ ਦੁਨੀਆਂ ‘ਚ ਪ੍ਰਸਾਰਤ ਕਰਨ ਲਈ ੫੫੦ ਪ੍ਰਕਾਸ਼ ਉਤਸਵ ਇਕ ਵਧੀਆ ਮੌਕਾ ਹੈ ਅਤੇ ਸਿੱਖ ਜਗਤ ਦੀਆਂ ਭਾਵਨਾਵਾਂ ਅਨੁਸਾਰ ਇਸ ਪੁਰਬ ਨੂੰ ਸਮਰਪਿਤ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਖੋਲ੍ਹਿਆ ਜਾ ਰਿਹਾ ਹੈ। ਭਾਰਤ ਸਰਕਾਰ ਆਪਣੇ ਹਿੱਸੇ ਦੀ ਜ਼ਮੀਨ ਤੱਕ ਖੂਬਸੂਰਤ ਲਾਂਘਾ ਤਿਆਰ ਕਰਨ ਅਤੇ ਹੋਰ ਲੋੜੀਂਦੀਆਂ ਸੁਵਿਧਾਵਾਂ ਦੇਣ ਲਈ ਜਲਦ ਦੀ ਕੰਮ ਸ਼ੁਰੂ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਜਿੰਨੇ ਵੀ ਸੁਲਤਾਨਪੁਰ ਲੋਧੀ ਵਿਖੇ ਭਾਰਤ ਸਰਕਾਰ ਵੱਲੋਂ ਕਾਰਜ ਕੀਤੇ ਜਾਣੇ ਹਨ, ਉਹ ਵੀ ਜਲਦ ਹੀ ਆਰੰਭੇ ਜਾਣਗੇ।
ਇਸ ਦੌਰਾਨ ਕੇਂਦਰੀ ਮੰਤਰੀ ਸ. ਹਰਦੀਪ ਸਿੰਘ ਪੁਰੀ ਨੇ ਵੀ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਨੂੰ ਸਮੁੱਚੀ ਮਨੁੱਖਤਾ ਲਈ ਕਲਿਆਣਕਾਰੀ ਦੱਸਿਆ। ਉਨ੍ਹਾਂ ਆਖਿਆ ਕਿ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੇਂਦਰ ਸਰਕਾਰ ਗੁਰੂ ਸਾਹਿਬ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਕਾਰਜ ਕਰ ਰਹੀ ਹੈ। ਉਨ੍ਹਾਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬਣਾਉਣ ਦੀ ਪਹਿਲਕਦਮੀ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਅਧਿਆਤਮਿਕਤਾ ਦੀ ਸਿਖ਼ਰ- ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ

ਇਸ ਮੌਕੇ ਪੰਜਾਬ ਦੇ ਰਾਜਪਾਲ ਸ੍ਰੀ ਵੀ. ਪੀ. ਸਿੰਘ ਬਦਨੌਰ ਨੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਪੰਜਾਬ ਦਾ ਇਤਿਹਾਸ ਸਿੱਖ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ, ਜੋ ਉਨ੍ਹਾਂ ਨੇ ਸਮਾਜ ਨੂੰ ਉੱਚਾ ਚੁੱਕਣ ਲਈ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਮੁੱਚੀ ਮਾਨਵਤਾ ਲਈ ਸਰਬਸਾਂਝੀ ਹੈ, ਜਿਸ ਤੋਂ ਸਾਨੂੰ ਸਾਂਝੀਵਾਲਤਾ ਦਾ ਸੁਨੇਹਾ ਮਿਲਦਾ ਹੈ। ਸ੍ਰੀ ਬਦਨੌਰ ਨੇ ਆਖਿਆ ਕਿ ਭਾਰਤ ਅੰਦਰ ਅਧਿਆਤਮਿਕਤਾ ਨੂੰ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਹੈ ਅਤੇ ਗੁਰੂ ਸਾਹਿਬ ਦੇ ਉਪਦੇਸ਼ ਅਧਿਆਤਮਿਕਤਾ ਦੀ ਸਿਖ਼ਰ ਹਨ। ਉਨ੍ਹਾਂ ਸੁਲਤਾਨਪੁਰ ਲੋਧੀ ਨੂੰ ਪਵਿੱਤਰ ਨਗਰੀ ਦੱਸਦਿਆਂ ਕਿਹਾ ਕਿ ਇਹ ਇਸ ਲਈ ਸਾਡੇ ਲਈ ਵੱਡੇ ਸਤਿਕਾਰ ਵਾਲੀ ਹੈ ਕਿਉਂਕਿ ਇਥੋਂ ਪਹਿਲੇ ਪਾਤਸ਼ਾਹ ਨੇ ਜਗਤ ਨੂੰ ਤਾਰਨ ਲਈ ਉਦਾਸੀਆਂ ਸ਼ੁਰੂ ਕਰਨ ਤੋਂ ਪਹਿਲਾਂ ਲੰਮਾ ਸਮਾਂ ਨਿਵਾਸ ਕੀਤਾ ਸੀ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਇਸ ਨਗਰੀ ਨੂੰ ਵਿਰਾਸਤੀ ਸ਼ਹਿਰ ਦਾ ਦਰਜ਼ਾ ਦੇਣ ਅਤੇ ਇਥੇ ਗੁਰੂ ਸਾਹਿਬ ਦੇ ਨਾਂ ‘ਤੇ ਪਿੰਡ ਵਸਾਉਣ ਨੂੰ ਵੀ ਸ਼ਲਾਘਾਯੋਗ ਕਦਮ ਕਰਾਰ ਦਿੱਤਾ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਗੁਰੂ ਸਾਹਿਬ ਵੱਲੋਂ ਇਸਤਰੀ ਸ਼੍ਰੇਣੀ ਨੂੰ ਦਿੱਤੇ ਗਏ ਸਤਿਕਾਰ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਹ ਸਾਡੀ ਖੁਸ਼ਕਿਸਮਤੀ ਹੈ ਕਿ ਗੁਰੂ ਸਾਹਿਬ ਦਾ ੫੫੦ਵਾਂ ਪ੍ਰਕਾਸ਼ ਪੁਰਬ ਸਾਡੇ ਸਮਿਆਂ ਵਿਚ ਆ ਰਿਹਾ ਹੈ। ਇਸ ਸਮੇਂ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਹੋਣ ਨੂੰ ਵੀ ਆਪਣੇ ਵੱਡੇ ਭਾਗ ਦੱਸਿਆ।

ਗੁਰੂ ਸਾਹਿਬ ਨੇ ਸਾਂਝੀਵਾਲਤਾ, ਮਨੁੱਖੀ ਏਕਤਾ, ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ -ਸ. ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੂੰ ਮਨੁੱਖੀ ਜੀਵਨ ਲਈ ਕਲਿਆਣਕਾਰੀ ਦੱਸਿਆ ਤੇ ਕਿਹਾ ਕਿ ਉਨ੍ਹਾਂ ਦੇ ਸਿਧਾਂਤ ਸਰਬ ਸਾਂਝੀਵਾਲਤਾ, ਮਨੁੱਖੀ ਏਕਤਾ, ਭਾਈਚਾਰਕ ਸਾਂਝ, ਕਿਰਤ ਕਰਨ, ਵੰਡ ਛਕਣ, ਨਾਮ ਜਪਣ ਦਾ ਸੁਨੇਹਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸੰਗਤ ਤੇ ਪੰਗਤ ਦੀ ਮਰਯਾਦਾ ਵੀ ਬੰਨ੍ਹੀ, ਜੋ ਸੰਸਾਰ ਦੇ ਧਾਰਮਿਕ ਇਤਿਹਾਸ ਅੰਦਰ ਬਰਾਬਰਤਾ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੁੱਚੀ ਮਨੁੱਖਤਾ ਗੁਰੂ ਸਾਹਿਬ ਦੇ ਸਿਧਾਂਤਾਂ, ਉਪਦੇਸ਼ਾਂ ਅਤੇ ਸੰਦੇਸ਼ਾਂ ਨੂੰ ਅਮਲ ਵਿਚ ਲਿਆਵੇ ਤਾਂ ਸੰਸਾਰ ਅੰਦਰ ਸੁੱਖ ਸ਼ਾਂਤੀ, ਆਪਸੀ ਰਿਸ਼ਤਿਆਂ ਦੀ ਮਜ਼ਬੂਤੀ ਅਤੇ ਸੁਖਾਵਾਂ ਵਾਤਾਵਰਣ ਪੈਦਾ ਹੋ ਸਕਦਾ ਹੈ। ਸ. ਬਾਦਲ ਨੇ ਕਿਹਾ ਕਿ ਗੁਰੂ ਸਾਹਿਬ ਦਾ ੫੫੦ ਸਾਲਾ ਪ੍ਰਕਾਸ਼ ਪੁਰਬ ਸਮੁੱਚੀ ਮਾਨਵਤਾ ਨੂੰ ਇਕ ਧਾਗੇ ਵਿਚ ਪਰੋਣ ਲਈ ਵੱਡਾ ਮੌਕਾ ਹੈ, ਜਿਸ ਨੂੰ ਕੌਮਾਂਤਰੀ ਪੱਧਰ ‘ਤੇ ਮਨਾਉਣ ਲਈ ਸਮੁੱਚਾ ਸਿੱਖ ਜਗਤ ਉਤਸ਼ਾਹਤ ਹੈ। ਉਨ੍ਹਾਂ ਇਸ ਇਤਿਹਾਸਕ ਮੌਕੇ ‘ਤੇ ਭਾਰਤ ਦੀ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੀ ਪ੍ਰਸੰਸ਼ਾ ਕੀਤੀ ਅਤੇ ਇਸ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਯਤਨਾਂ ਨੂੰ ਵੀ ਵਿਸਥਾਰ ਵਿਚ ਦੱਸਿਆ।

ਗੁਰੂ ਸਾਹਿਬ ਦੇ ਉਪਦੇਸ਼ ਮਨੁੱਖੀ ਜੀਵਨ ਦੀ ਹਰ ਖੇਤਰ ਵਿਚ ਕਰਦੇ ਹਨ ਅਗਵਾਈ-ਭਾਈ ਲੌਂਗੋਵਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਮੁੱਚੇ ਵਿਸ਼ਵ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਜੁਗ ਪਲਟਾਊ ਵਿਚਾਰਧਾਰਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਉਪਦੇਸ਼ ਮਨੁੱਖ ਲਈ ਧਾਰਮਿਕ, ਸਮਾਜਿਕ, ਰਾਜਨੀਤਕ, ਆਰਥਿਕ, ਵਿਗਿਆਨਕ, ਵਪਾਰਕ ਭਾਵ ਹਰ ਤਰ੍ਹਾਂ ਖੇਤਰ ਵਿਚ ਮਾਰਗ ਦਰਸ਼ਨ ਹੈ ਅਤੇ ਅੱਜ ਇਸ ਗੱਲ ਦੀ ਵੱਡੀ ਲੋੜ ਹੈ ਕਿ ਗੁਰੂ ਸਾਹਿਬ ਦੀ ਪਾਵਨ ਬਾਣੀ ਅਤੇ ਉਪਦੇਸ਼ਾਂ ਨੂੰ ਜੀਵਨ ਵਿਚ ਕਮਾਇਆ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮਾਗਮ ਵਿਚ ਪਹੁੰਚੀਆਂ ਸਮੂਹ ਧਾਰਮਿਕ, ਰਾਜਨੀਤਕ, ਸਮਾਜਿਕ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਅਤੇ ਅਗਲੇ ਸਾਲ ਮਨਾਏ ਜਾਣ ਵਾਲੇ ੫੫੦ ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਲਈ ਵੀ ਇਸੇ ਤਰ੍ਹਾਂ ਸਹਿਯੋਗ ਦੀ ਆਸ ਪ੍ਰਗਟਾਈ।

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਿਸ਼ਵ ਨੂੰ ਨਿਰਮਲ ਵਿਚਾਰਧਾਰਾ ਨਾਲ ਜੋੜਿਆ-ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਿਸ਼ਵ ਨੂੰ ਨਿਰਮਲ ਵਿਚਾਰਧਾਰਾ ਨਾਲ ਜੋੜਿਆ, ਜਿਸ ਵਿੱਚੋਂ ਹੱਕ, ਸੱਚ, ਇਨਸਾਫ਼, ਬਰਾਬਰਤਾ, ਕਿਰਤ, ਸਦਭਾਵਨਾ ਦਾ ਸੁਨੇਹਾ ਪ੍ਰਗਟ ਹੁੰਦਾ ਹੈ। ਗੁਰੂ ਸਾਹਿਬ ਦੀ ਇਹ ਵਿਚਾਰਧਾਰਾ ਸਮੁੱਚੇ ਵਿਸ਼ਵ ਨੂੰ ਆਪਣੇ ਕਲਾਵੇ ਵਿਚ ਲੈਂਦੀ ਹੈ ਅਤੇ ਨਫ਼ਰਤ ਦੀਆਂ ਹੱਦਾਂ ਤੋੜਦੀ ਹੈ। ਸਿੰਘ ਸਾਹਿਬ ਨੇ ਗੁਰੂ ਸਾਹਿਬ ਦੇ ਫ਼ਲਸਫ਼ੇ ਤੋਂ ਸੇਧ ਲੈਣ ਦੀ ਪ੍ਰੇਰਣਾ ਕਰਦਿਆਂ ਕਿਹਾ ਕਿ ਰਾਜ, ਧਰਮ, ਸਮਾਜ ਦੀ ਬੇਹਤਰ ਬੁਨਿਆਦ ਲਈ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਅਮਲ ਵਿਚ ਲਿਆਉਣਾ ਪਵੇਗਾ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਗੁਰੂ ਸਾਹਿਬ ਨਾਲ ਸਬੰਧਤ ਪਾਵਨ ਅਸਥਾਨ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿਦੁਆਰ, ਗੁਰਦੁਆਰਾ ਗੁਰੂ ਡਾਂਗ ਮਾਰ ਸਾਹਿਬ ਸਿਕਮ ਅਤੇ ਜਗਨਨਾਥ ਪੁਰੀ ਸਥਿਤ ਗੁਰਦੁਆਰਾ ਸਾਹਿਬ ਦੇ ਪੁਰਨ ਨਿਰਮਾਣ ਲਈ ਸੁਹਿਰਦਾ ਨਾਲ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਵਨ ਵਿਰਾਸਤੀ ਅਸਥਾਨਾਂ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ, ਜਿਨ੍ਹਾਂ ਦੀ ਕਦਰ ਕਰਦਿਆਂ ਕੇਂਦਰ ਸਰਕਾਰ ਤੁਰੰਤ ਫੈਸਲਾ ਲਵੇ। ਇਸੇ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਹਾਜ਼ਰ ਸੰਗਤਾਂ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੁੜਨ ਦੀ ਅਪੀਲ ਕੀਤੀ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।

ਸਮਾਗਮ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਨੇ ਕੀਤਾ ਸੰਬੋਧਨ

ਸ਼ਮਾਗਮ ਦੌਰਾਨ ਸੰਤ ਸਮਾਜ ਦੇ ਪ੍ਰਧਾਨ ਅਤੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ੯੬ਵੇਂ ਕਰੋੜੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ., ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿੱਤ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸਾਬਕਾ ਮੰਤਰੀ ਪੰਜਾਬ ਸਰਕਾਰ ਜਥੇਦਾਰ ਤੋਤਾ ਸਿੰਘ ਨੇ ਵੀ ਸੰਗਤ ਨੂੰ ਸੰਬੋਧਨ ਕੀਤਾ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਸਟੇਜ ਦੇ ਫਰਜ਼ ਗਿਆਨੀ ਭਗਵਾਨ ਸਿੰਘ ਜੌਹਲ ਨੇ ਨਿਭਾਏ। ਇਸ ਤੋਂ ਪਹਿਲਾਂ ਸਿੱਖ ਕੌਮ ਦੇ ਪ੍ਰਸਿੱਧ ਰਾਗੀ, ਢਾਡੀ ਜਥਿਆਂ ਨੇ ਗੁਰਬਾਣੀ ਕੀਰਤਨ ਅਤੇ ਗੁਰ-ਇਤਿਹਾਸ ਨਾਲ ਸੰਗਤ ਨਾਲ ਜੋੜਿਆ। ਇਸੇ ਦੌਰਾਨ ਪ੍ਰਸਿੱਧ ਕਥਾਵਾਚਕ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸਾਹਿਬ ਮੁੱਖ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾਅ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।

ਸੋਨੇ ਤੇ ਚਾਂਦੀ ਦੇ ਸਿੱਕੇ ਸੰਗਤ ਅਰਪਣ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਕੀਤੇ ਸਮਾਗਮ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਅਤੇ ਚਾਂਦੀ ਦੇ ਵਿਸ਼ੇਸ਼ ਯਾਦਗਾਰੀ ਸਿੱਕੇ ਜਾਰੀ ਕੀਤੇ ਗਏ। ਇਹ ਸਿੱਕੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਸਾਂਝੇ ਤੌਰ ‘ਤੇ ਜਾਰੀ ਕੀਤੇ ਗਏ। ਜਾਰੀ ਕੀਤੇ ਗਏ ਸੋਨੇ ਦੇ ਸਿੱਕੇ ੧੦ ਗ੍ਰਾਮ ਅਤੇ ੫ ਗ੍ਰਾਮ ਵਜ਼ਨ ਦੇ ਬਣਾਏ ਗਏ ਹਨ, ਜਿਸ ਲਈ ੨੪ ਕੈਰੇਟ ਸੋਨ ਵਰਤਿਆ ਗਿਆ ਹੈ। ਇਸੇ ਤਰ੍ਹਾਂ ਚਾਂਦੀ ਦੇ ਸਿੱਕਿਆਂ ਦਾ ਵਜ਼ਨ ੫੦ ਗ੍ਰਾਮ ਅਤੇ ੨੫ ਗ੍ਰਾਮ ਹੈ। ਸਿਕਿਆ ਦੇ ਇਕ ਪਾਸੇ ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਅਤੇ ਦੂਸਰੇ ਪਾਸੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੀ ਤਸਵੀਰ ਉਕਰੀ ਗਈ ਹੈ। ਸਮਾਗਮ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਮੁੱਖ ਧਾਰਮਿਕ, ਰਾਜਨੀਤਕ, ਪੰਥਕ ਤੇ ਸਮਾਜਿਕ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ।

ਸ. ਪ੍ਰਕਾਸ਼ ਸਿੰਘ ਬਾਦਲ, ਡਾ. ਮਨਮੋਹਨ ਸਿੰਘ, ਸ੍ਰੀ ਵੀ.ਪੀ. ਸਿੰਘ ਬਦਨੌਰ, ਕੈਪਟਨ ਅਮਰਿੰਦਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਦੇਸ਼ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਜਿਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰੂ ਘਰ ਵਿਖੇ ਸੀਸ ਨਿਵਾਇਆ, ਉਥੇ ਹੀ ਗੁਰਮਤਿ ਸਮਾਗਮਾਂ ਵਿਚ ਸੰਬੋਧਨ ਕਰਨ ਲਈ ਪਹੁੰਚੇ ਹੋਰ ਪ੍ਰਮੁੱਖ ਆਗੂਆਂ ਨੇ ਵੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸ਼ਖ਼ਸੀਅਤਾਂ ਵਿਚ ਕੇਂਦਰ ਮੰਤਰੀ ਡਾ. ਮਹੇਸ਼ ਸ਼ਰਮਾ, ਸ. ਹਰਦੀਪ ਸਿੰਘ ਪੁਰੀ, ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਮੁੱਖ ਮੰਤਰੀ ਸ. ਅਮਰਿੰਦਰ ਸਿੰਘ ਆਦਿ ਮੌਜੂਦ ਸਨ। ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਇਨ੍ਹਾਂ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਸਮਾਗਮ ਦੌਰਾਨ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ

ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਹੋਈ ਵਿਸ਼ਾਲ ਸਮਾਗਮ ਦੌਰਾਨ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਬਲਵਿੰਦਰ ਸਿੰਘ ਭੂੰਦੜ, ਸ. ਦਲਜੀਤ ਸਿੰਘ ਚੀਮਾ, ਸ. ਦਰਬਾਰਾ ਸਿੰਘ ਗੁਰੂ, ਸ. ਨਿਰਮਲ ਸਿੰਘ ਕਾਹਲੋਂ, ਬੀਬੀ ਉਪਿੰਦਰਜੀਤ ਕੌਰ, ਸ. ਗੁਲਜ਼ਾਰ ਸਿੰਘ ਰਣੀਕੇ, ਸ. ਜਨਮੇਜਾ ਸਿੰਘ ਸੇਖੋਂ, ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਗੁਰਪ੍ਰਤਾਪ ਸਿੰਘ ਵਡਾਲਾ, ਸ੍ਰੀ ਸ਼ਵੇਤ ਮਲਿਕ, ਸ. ਰਣਜੀਤ ਸਿੰਘ ਤਲਵੰਡੀ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਕਿਰਨਬੀਰ ਸਿੰਘ ਕੰਗ, ਸ੍ਰੀ ਸੋਮ ਪ੍ਰਕਾਸ਼, ਸ. ਗੁਰਪ੍ਰਤਾਪ ਸਿੰਘ ਟਿੱਕਾ, ਸ. ਦਿਆਲ ਸਿੰਘ ਸੋਢੀ, ਸ. ਬਲਦੇਵ ਸਿੰਘ ਮਾਨ, ਦਲ ਪੰਥ ਬਾਬਾ ਬਿੰਧੀਚੰਦ ਦੇ ਮੁੱਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ, ਬਾਬਾ ਮੇਜਰ ਸਿੰਘ ਵਾਂ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਬਾਬਾ ਗੁਰਚਰਨ ਸਿੰਘ ਠੱਠਾਟਿੱਬਾ, ਬਾਬਾ ਜਸਪਾਲ ਸਿੰਘ ਜੌਹਲਾ, ਬਾਬਾ ਬਲਦੇਵ ਸਿੰਘ ਵੱਲ੍ਹਾ ਤਰਨਾ ਦਲ, ਬਾਬਾ ਮੇਜਰ ਸਿੰਘ ਸੋਢੀ ਦਸਮੇਸ਼ ਤਰਨਾ ਦਲ, ਬਾਬਾ ਬਲਦੇਵ ਸਿੰਘ ਮੁਸ਼ਤਫਾਬਾਦ, ਬਾਬਾ ਪ੍ਰੇਮ ਸਿੰਘ ਮਜੀਠਾ, ਬਾਬਾ ਪ੍ਰਗਟ ਸਿੰਘ ਮਜੀਠਾ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਸ. ਬਿੱਕਰ ਸਿੰਘ ਚੰਨੂ, ਸ. ਸ਼ਿੰਗਾਰਾ ਸਿੰਘ ਲੋਹੀਆਂ, ਭਾਈ ਮਨਜੀਤ ਸਿੰਘ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਬਲਦੇਵ ਸਿੰਘ ਚੂੰਘਾ, ਸ. ਗੁਰਮੇਲ ਸਿੰਘ ਸੰਗਤਪੁਰਾ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂੰ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਗੁਰਮੀਤ ਸਿੰਘ ਬੂਹ, ਸ. ਭਗਵੰਤ ਸਿੰਘ ਸਿਆਲਕਾ, ਸ. ਸਰਵਨ ਸਿੰਘ ਕੁਲਾਰ, ਸ. ਪਰਮਜੀਤ ਸਿੰਘ ਰਾਏਪੁਰ, ਸ. ਨਵਤੇਜ ਸਿੰਘ ਕਾਉਣੀ, ਸ. ਪ੍ਰੀਤਮ ਸਿੰਘ ਮਲਸੀਹਾਂ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਰਤਨ ਸਿੰਘ ਜੱਫਰਵਾਲ, ਸ. ਕੁਲਵੰਤ ਸਿੰਘ ਮੰਨਣ, ਸ. ਗੁਰਨਾਮ ਸਿੰਘ ਜੱਸਲ, ਸ. ਰਣਜੀਤ ਸਿੰਘ ਕਾਹਲੋਂ, ਸ. ਅਵਤਾਰ ਸਿੰਘ ਰਿਆ, ਸ. ਪਰਮਜੀਤ ਸਿੰਘ ਖ਼ਾਲਸਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਅਵਤਾਰ ਸਿੰਘ ਸੈਂਪਲਾ, ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ, ਸ. ਬਿਜੈ ਸਿੰਘ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਕੰਗ, ਸ. ਤੇਜਿੰਦਰ ਸਿੰਘ ਪੱਡਾ, ਸ. ਹਰਜਿੰਦਰ ਸਿੰਘ ਕੈਰੋਵਾਲ, ਸ. ਹਰਜੀਤ ਸਿੰਘ ਲਾਲੂਘੁੰਮਣ, ਮੈਨੇਜਰ ਸ. ਜਰਨੈਲ ਸਿੰਘ, ਸ. ਸਰਬਜੀਤ ਸਿੰਘ ਧੁੰਦਾ ਸਮੇਤ ਹੋਰ ਮੌਜੂਦ ਸਨ।