ਅੰਮ੍ਰਿਤਸਰ 21 ਜੂਨ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

19 ਜੂਨ ਤੋਂ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਭੋਗ ਉਪਰੰਤ ਅਰਦਾਸ  ਤੇ ਹੁਕਮਨਾਮਾ ਗੁਰਦੁਆਰਾ ਸ੍ਰੀ ਬਿਬੇਕਸਾਰ ਸਾਹਿਬ ਦੇ ਗ੍ਰੰਥੀ ਭਾਈ ਮਨਦੀਪ ਸਿੰਘ ਨੇ ਲਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਏ ਹੁਕਮਨਾਮੇ ਦੀ ਕਥਾ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕੀਤੀ।

ਸਵੇਰੇ 10 ਵਜੇ ਤੋਂ ਰਾਤ 12 ਵਜੇ ਤੀਕ ਸਜਾਏ ਜਾ ਰਹੇ ਗੁਰਮਤਿ ਸਮਾਗਮ ਵਿੱਚ ਭਾਈ ਕਮਲਜੀਤ ਸਿੰਘ ਤੇ ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਜਤਿੰਦਰਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ, ਭਾਈ ਪਰਮਿੰਦਰ ਸਿੰਘ, ਭਾਈ ਗੁਰਸੇਵਕ ਸਿੰਘ ਰੰਗੀਲਾ, ਭਾਈ ਬਲਵਿੰਦਰ ਸਿੰਘ ਰੰਗੀਲਾ, ਭਾਈ ਗੁਰਇਕਬਾਲ ਸਿੰਘ, ਭਾਈ ਹਰਵਿੰਦਰਪਾਲ ਸਿੰਘ, ਭਾਈ ਸੁਖਵਿੰਦਰ ਸਿੰਘ ਤੇ ਬੀਬੀ ਪਰਮਜੀਤ ਕੌਰ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਮਹਿਤਾਬ ਸਿੰਘ, ਭਾਈ ਮਨਮੋਹਨ ਸਿੰਘ, ਬੀਬੀ ਆਸ਼ੂਪ੍ਰੀਤ ਕੌਰ, ਕੀਰਤਨੀ ਜਥਾ ਬੀਬੀਆਂ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਤੇ ਢਾਡੀ ਜਥਾ ਧਰਮ ਪ੍ਰਚਾਰ ਕਮੇਟੀ ਦੇ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਤੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ੍ਰ: ਸੁਲੱਖਣ ਸਿੰਘ, ਸ੍ਰ: ਗੁਰਿੰਦਰ ਸਿੰਘ, ਗੁਰਦੁਆਰਾ ਸਹੀਦ ਗੰਜ ਸਾਹਿਬ ਦੇ ਮੈਨੇਜਰ ਸ੍ਰ: ਮਨਜਿੰਦਰ ਸਿੰਘ ਮੰਡ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।