ਸਿੱਖੀ ਦੇ ਮਹਾਨ ਵਿਰਸੇ ਨੂੰ ਸੰਭਾਲਣ ਲਈ ਸੰਗਤਾਂ ਧਰਮ ਪ੍ਰਚਾਰ ਲਹਿਰ ਦਾ ਹਿੱਸਾ ਬਣਨ –ਪ੍ਰੋ. ਕਿਰਪਾਲ ਸਿੰਘ ਬਡੂੰਗਰ

ਅੰਬਾਲਾ, 18 ਜੁਲਾਈ (         ) – ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰਿਆਣਾ ਰਾਜ ਵਿਚ ਧਰਮ ਪ੍ਰਚਾਰ ਲਹਿਰ ਦੀ ਆਰੰਭਤਾ ਸਬੰਧੀ ਅੱਜ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਹਰਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲੇ ਤੇ ਭਾਈ ਜਬਰਤੋੜ ਸਿੰਘ, ਢਾਡੀ ਭਾਈ ਗੁਰਭੇਜ ਸਿੰਘ ਚਵਿੰਡਾ ਅਤੇ ਢਾਡੀ ਭਾਈ ਗੁਰਿੰਦਰਪਾਲ ਸਿੰਘ ਬੈਂਕਾ ਦੇ ਜਥਿਆਂ ਨੇ ਸੰਗਤ ਨੂੰ ਗੁਰਮਤਿ ਵਿਚਾਰਾਂ, ਗੁਰਬਾਣੀ ਕੀਰਤਨ ਅਤੇ ਸਿੱਖ ਇਤਿਹਾਸ ਨਾਲ ਜੋੜਿਆ।

ਗੁਰਮਤਿ ਸਮਾਗਮ ਵਿਚ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਧਰਮ ਦੇ ਪ੍ਰਚਾਰ ਲਈ ਵੱਡੀ ਪੱਧਰ ‘ਤੇ ਆਰੰਭੀ ਗਈ ਮੁਹਿਮ ਤਹਿਤ ਅੱਜ ਹਰਿਆਣਾ ਸੂਬੇ ਅੰਦਰ ਵੀ ਇਸ ਦਾ ਆਗਾਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇਸ਼ ਭਰ ਵਿਚ ਵੱਸਦੇ ਗੁਰੂ ਨਾਨਕ ਨਾਮ ਲੇਵਾ ਸਿੱਖਾਂ ਨੂੰ ਪੰਥ ਦੀ ਵਿਰਾਸਤ ਨਾਲ ਜੋੜਨ ਦਾ ਯਤਨ ਕਰੇਗੀ ਅਤੇ ਹਰ ਪਿੰਡ ਵਿਚ ਪ੍ਰਚਾਰਕਾਂ, ਕਥਾਵਾਚਕਾਂ ਅਤੇ ਢਾਡੀ-ਕਵੀਸ਼ਰਾਂ ਵੱਲੋਂ ਗੁਰਮਤਿ ਦਾ ਪ੍ਰਚਾਰ ਕੀਤਾ ਜਾਵੇਗਾ। ਪ੍ਰੋ: ਬਡੂੰਗਰ ਨੇ ਸਿੱਖ ਨੌਜੁਆਨੀ ਅਤੇ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਮਹਾਨ ਵਿਰਸੇ ਅਤੇ ਕਦਰਾਂ ਕੀਮਤਾਂ ਪ੍ਰਤੀ ਸਾਰਥਕ ਪਹੁੰਚ ਅਪਣਾਉਂਦਿਆਂ ਪ੍ਰਚਾਰ ਮੁਹਿੰਮ ਦਾ ਹਿੱਸਾ ਬਣਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸਿੱਖ ਕੌਮ ਕੋਲ ਵਡਮੁੱਲਾ ਕੌਮੀ ਸਰਮਾਇਆ ਹੈ ਅਤੇ ਦੇਸ਼ ਦੀ ਸੰਸਕ੍ਰਿਤੀ ਨੂੰ ਬਚਾਉਣ ਲਈ ਸਿੱਖਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਸੰਗਤ ਨੂੰ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਵੀ ਦਿੱਤੀ ਅਤੇ ਗੁਰੂ ਸਾਹਿਬ ਵੱਲੋਂ ਦੱਸੇ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ।

ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਇਕ ਵਧੀਆ ਉਪਰਾਲਾ ਹੈ ਜਿਸ ਨਾਲ ਸੰਗਤ ਅਤੇ ਖਾਸਕਰ ਨੌਜੁਆਨਾਂ ਅੰਦਰ ਆਪਣੇ ਗੁਰੂ ਸਾਹਿਬਾਨ ਵੱਲੋਂ ਦੱਸੀ ਗਈ ਜੀਵਨ ਜਾਚ ਪ੍ਰਤੀ ਜਾਗ੍ਰਿਤੀ ਪੈਦਾ ਹੋਵੇਗੀ। ਉਨ੍ਹਾਂ ਕਿਹਾ ਕਿ ਹਰਿਆਣਾ ਅੰਦਰ ਇਸ ਲਹਿਰ ਦੀ ਕਾਮਯਾਬੀ ਲਈ ਸੰਗਤਾਂ ਅੱਗੇ ਆਉਣ ਅਤੇ ਆਪੋ-ਆਪਣੇ ਪਿੰਡਾਂ ਅੰਦਰ ਗੁਰਮਤਿ ਸਮਾਗਮ ਕਰਵਾ ਕੇ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਉਣ। ਇਸ ਤੋਂ ਇਲਾਵਾ ਵਿਧਾਇਕ ਸ. ਬਖਸ਼ੀਸ਼ ਸਿੰਘ ਵਿਰਕ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਤਜਿੰਦਰਪਾਲ ਸਿੰਘ ਢਿੱਲੋਂ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਜਿਥੇ ਅੱਠਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਉਥੇ ਹੀ ਹਰਿਆਣਾ ਅੰਦਰ ਧਰਮ ਪ੍ਰਚਾਰ ਲਹਿਰ ਦੀ ਕਾਮਯਾਬੀ ਹਰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ ਅਤੇ ਹਰਿਆਣਾ ਸੂਬੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸਨਮਾਨਿਤ ਵੀ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਭੁਪਿੰਦਰ ਸਿੰਘ ਅਸੰਧ, ਜਥੇਦਾਰ ਜਗਸੀਰ ਸਿੰਘ ਮਾਂਗੇਆਣਾ, ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ, ਬੀਬੀ ਮਨਜੀਤ ਕੌਰ ਗਧੌਲਾ, ਬੀਬੀ ਅਮਰਜੀਤ ਕੌਰ ਬਾੜਾ, ਸ. ਅਮੀਰ ਸਿੰਘ ਰਸੀਦਾਂ, ਜਥੇਦਾਰ ਬਲਦੇਵ ਸਿੰਘ ਖਾਲਸਾ, ਸ. ਸ਼ਰਨਜੀਤ ਸਿੰਘ ਸੋਖਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਤਜਿੰਦਰਪਾਲ ਸਿੰਘ ਢਿੱਲੋਂ, ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲੇ, ਬਾਬਾ ਗੁਰਮੀਤ ਸਿੰਘ, ਬਾਬਾ ਸੁਰਜਣ ਸਿੰਘ, ਮਹੰਤ ਕਰਮਜੀਤ ਸਿੰਘ ਜਮੁਨਾਨਗਰ, ਬੀਬੀ ਕਰਤਾਰ ਕੌਰ, ਸ. ਗੁਰਦੀਪ ਸਿੰਘ ਭਾਨੋਖੇੜੀ ਤੇ ਬੀਬੀ ਰਵਿੰਦਰ ਕੌਰ ਸਾਬਕਾ ਮੈਂਬਰ, ਸ. ਗੁਰਮੀਤ ਸਿੰਘ ਅਕਾਲੀ ਆਗੂ, ਸ. ਸੁਖਬੀਰ ਸਿੰਘ ਮਾਂਡੀ, ਸ. ਗੁਰਜੋਤ ਸਿੰਘ, ਸ. ਅਮਰਜੀਤ ਸਿੰਘ ਸਰਪੰਚ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਚੀਮਾ ਬਾਠ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਜਗਜੀਤ ਸਿੰਘ ਜੱਗੀ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਸ. ਨਰਿੰਦਰ ਸਿੰਘ ਮੈਨੇਜਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।