ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ੮ ਨਵੰਬਰ ਨੂੰ ਕਰਵਾਇਆ ਜਾਣਾ ਹੈ ਸੰਮੇਲਨ

ਅੰਮ੍ਰਿਤਸਰ, 19 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਲੜੀ ‘ਚ ਕਰਵਾਏ ਜਾਣ ਵਾਲੇ ਅੰਤਰ ਧਰਮ ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਇਕੱਤਰਤਾ ਕੀਤੀ ਗਈ। ਦੱਸਣਯੋਗ ਹੈ ਕਿ ਇਹ ਸੰਮਲੇਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ੮ ਨਵੰਬਰ ੨੦੧੯ ਨੂੰ ਕਰਵਾਇਆ ਜਾਣਾ ਹੈ, ਜਿਸ ਵਿਚ ਵੱਖ-ਵੱਖ ਧਰਮਾਂ ਦੇ ਆਗੂ ਅਤੇ ਨੁਮਾਇੰਦੇ ਸ਼ਾਮਲ ਹੋਣਗੇ। ਇਸ ਸੰਮੇਲਨ ਦੀਆਂ ਤਿਆਰੀਆਂ ਸਬੰਧੀ ਇਕੱਤਰਤਾ ਦੌਰਾਨ ਵੱਖ-ਵੱਖ ਧਰਮਾਂ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ, ਸੰਮੇਲਨ ਦੇ ਪ੍ਰਬੰਧਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਦੇ ਸਵਾਗਤ ਆਦਿ ਸਬੰਧੀ ਵਿਚਾਰ ਵਟਾਂਦਰਾਂ ਕੀਤਾ ਗਿਆ। ਇਕੱਤਰਤਾ ‘ਚ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਖਵਰਸ਼ ਸਿੰਘ ਪੰਨੂ, ਮੁੱਖ ਸਕੱਤਰ ਡਾ. ਰੂਪ ਸਿੰਘ, ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਗਿਆਨੀ ਕਰਨੈਲ ਸਿੰਘ ਗਰੀਬ, ਸ. ਪਰਮਜੀਤ ਸਿੰਘ ਚੰਡੋਕ, ਬਾਬਾ ਪ੍ਰੀਤਮ ਸਿੰਘ ਰਾਜਪੁਰਾ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਕੋਆਰਡੀਨੇਟਰ ਸ. ਕੁਲਵਿੰਦਰ ਸਿੰਘ ਰਮਦਾਸ ਸ਼ਾਮਲ ਹੋਏ। ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਮੈਂਬਰ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੰਤਰ ਧਰਮ ਸੰਮੇਲਨ ਦੀ ਰੂਪ ਰੇਖਾ ਨੂੰ ਅੰਤਮ ਛੋਹਾਂ ਦੇ ਦਿੱਤੀਆਂ ਗਈਆਂ ਹਨ ਅਤੇ ਇਸ ਵਿਚ ਸ਼ਮੂਲੀਅਤ ਲਈ ਵੱਖ-ਵੱਖ ਧਰਮ ਆਗੂਆਂ ਨੂੰ ਸੱਦੇ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਪ੍ਰਚਾਰਨ ਵਿਚ ਅਹਿਮ ਰੋਲ ਨਿਭਾਵੇਗਾ, ਉਥੇ ਹੀ ਵੱਖ-ਵੱਖ ਧਰਮਾਂ ਦੀ ਆਪਸੀ ਸਾਂਝ ਤੇ ਭਾਈਚਾਰਕ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਾਰਥਿਕ ਸਿੱਧ ਹੋਵੇਗਾ। ਮੁੱਖ ਸਕੱਤਰ ਡਾ. ਰੂਪ ਸਿੰਘ ਅਨੁਸਾਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਤਿਆਰੀਆਂ ਨਾਲ ਅੰਤਰ ਧਰਮ ਸੰਮੇਲਨ ਹੋਵੇਗਾ ਅਤੇ ਸ਼੍ਰੋਮਣੀ ਕਮੇਟੀ ਇਸ ਵਿਚ ਵੱਧ ਤੋਂ ਵੱਧ ਧਰਮਾਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਆਖਿਆ ਕਿ ਗੁਰੂ ਨਾਨਕ ਦੇਵ ਜੀ ਸਮੁੱਚੀ ਮਨੁੱਖਤਾ ਦੇ ਸਾਂਝੇ ਰਹਿਬਰ ਹਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਪੂਰੇ ਵਿਸ਼ਵ ਲਈ ਇਕਸਾਰ ਹੈ। ਇਸ ਸੰਮੇਲਨ ਦੀ ਵਿਸ਼ੇਸ਼ਤਾ ਇਹੀ ਹੋਵੇਗੀ ਕਿ ਇਸ ਵਿਚ ਪੇਸ਼ ਕੀਤੇ ਜਾਣ ਵਾਲੇ ਵਿਚਾਰ ਗੁਰੂ ਸਾਹਿਬ ਦੀ ਮਾਨਵ ਹਿੱਤਕਾਰੀ ਵਿਚਾਰਧਾਰਾ ਨੂੰ ਉਭਾਰਨਗੇ।