ਗੁਰੂ ਨਾਨਕ ਭਵਨ ਵਿਖੇ ਹੋਣ ਵਾਲੇ ਸੈਮੀਨਾਰ ‘ਚ ਸ਼ਿਰਕਤ ਕਰਨਗੀਆਂ ਪ੍ਰਮੁੱਖ ਸ਼ਖ਼ਸੀਅਤਾਂ

ਅੰਮ੍ਰਿਤਸਰ, 19 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸਥਿਤ ਗੁਰੂ ਨਾਨਕ ਭਵਨ ਸਿਟੀ ਸੈਂਟਰ ਵਿਖੇ ਰਾਸ਼ਟਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਸੈਮੀਨਾਰ ਕਮੇਟੀ ਦੇ ਕੋਆਰਡੀਨੇਟਰ ਤੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਸ਼ਟਰੀ, ਅੰਤਰਰਾਸ਼ਟਰੀ ਸੈਮੀਨਾਰਾਂ ਦੀ ਲੜੀ ਵਿਚ ਕਰਵਾਏ ਜਾਣ ਵਾਲੇ ਇਸ ਸੈਮੀਨਾਰ ਦੌਰਾਨ ਸਿੱਖ ਕੌਮ ਦੀ ਪ੍ਰਮੁੱਖ ਸ਼ਖ਼ਸੀਅਤਾਂ ਸਿਰਕਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੰ੍ਰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਪ੍ਰਧਾਨ ਤੇ ਸੈਮੀਨਾਰ ਕਮੇਟੀ ਦੇ ਮੁਖੀ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਵੱਖ-ਵੱਖ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ, ਸਿੱਖ ਸੰਸਥਾਵਾਂ ਦੇ ਮੁਖੀ ਅਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਮੌਜੂਦ ਰਹਿਣਗੇ। ਉਨ੍ਹਾਂ ਦੱਸਿਆ ਕਿ ਸੈਮੀਨਾਰ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਜੀ-ਆਇਆਂ ਦੇ ਸ਼ਬਦ ਕਹਿਣਗੇ, ਜਦਕਿ ਸ਼ਾਂਤੀ ਨਿਕੇਤਨ ਬੰਗਾਲ ਤੋਂ ਡਾ. ਸਿਰਜੁੱਲ ਇਸਲਾਮ, ਸ੍ਰੀ ਦੀਪਕ ਸ਼ਿੰਦੇ ਇੰਚਾਰਜ ਗੁਰੂ ਗੋਬਿੰਦ ਸਿੰਘ ਚੇਅਰ ਮਹਾਂਰਾਸ਼ਟਰ ਯੂਨੀਵਰਸਿਟੀ, ਪ੍ਰਸਿੱਧ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਡਾ. ਜਸਬੀਰ ਸਿੰਘ ਸਰਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ‘ਤੇ ਪਰਚੇ ਪੜ੍ਹਨਗੇ।