ਗਿਆਨੀ ਹਰਪ੍ਰੀਤ ਸਿੰਘ, ਭਾਈ ਲੌਂਗੋਵਾਲ, ਸ. ਬਾਦਲ, ਗਵਰਨਰ ਸ੍ਰੀ ਧਨਕਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 11 ਅਗਸਤ- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ ਵੱਖ ਸੂਬਿਆਂ ਅੰਦਰ ਆਰੰਭੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਪੱਛਮੀ ਬੰਗਾਲ ‘ਚ ਕਲਕੱਤਾ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਿੰਘ ਸਭਾ ਕਲਕੱਤਾ ਤੇ ਸਮੂਹ ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ ਇੰਨਡੋਰ ਸਟੇਡੀਅਮ ਕਲਕੱਤਾ ਵਿਖੇ ਹੋਏ ਇਸ ਸਮਾਗਮ ‘ਚ ਜਿਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ, ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿੱਤ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ, ਉਥੇ ਹੀ ਪੱਛਮੀ ਬੰਗਾਲ ਦੇ ਗਵਰਨਰ ਸ੍ਰੀ ਜਗਦੀਪ ਧਨਕਰ, ਉਥੋਂ ਦੇ ਕੈਬਨਿਟ ਮੰਤਰੀ ਸ੍ਰੀ ਸਾਧਲ ਪਾਂਡੇ ਅਤੇ ਹੋਰ ਸਥਾਨਕ ਆਗੂ ਵੀ ਮੌਜੂਦ ਸਨ।
ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਹਿਲੇ ਪਾਤਸ਼ਾਹ ਜੀ ਦੀ ਵਿਚਾਰਧਾਰਾ ਨੂੰ ਸਮੁੱਚੇ ਵਿਸ਼ਵ ਲਈ ਕਲਿਆਣਕਾਰੀ ਦੱਸਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਮਨੁੱਖੀ ਹੱਕਾਂ ਦੀ ਗੱਲ ਕੀਤੀ ਅਤੇ ਜਰਵਾਣਿਆਂ ਦੇ ਜ਼ੁਲਮ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ‘ਤੇ ਚੱਲਣ ਦੀ ਪ੍ਰੇਰਣਾ ਕਰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਲਈ ਕਿਹਾ ਅਤੇ ਸਿੱਖ ਕੌਮ ਨੂੰ ਕੌਮੀ ਇਕਜੁਟਤਾ ਦੀ ਅਪੀਲ ਵੀ ਕੀਤੀ।
ਇਸ ਮੌਕੇ ਪੱਛਮੀ ਬੰਗਾਲ ਦੇ ਗਵਰਨਰ ਸ੍ਰੀ ਜਗਦੀਪ ਧਨਕਰ ਨੇ ਕਿਹਾ ਕਿ ਇਸ ਸਮਾਗਮ ਦਾ ਹਿੱਸਾ ਬਣਨਾ ਮੇਰੇ ਲਈ ਯਾਦਗਾਰੀ ਪਲ ਹਨ, ਜਿਨ੍ਹਾਂ ਨੂੰ ਉਹ ਸਦਾ ਯਾਦ ਰੱਖਣਗੇ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਮਾਜ ਸੁਧਾਰ ਲਈ ਮਹੱਤਵਪੂਰਨ ਹਨ, ਜੋ ਵਿਸ਼ਵ ਮਾਨਵ ਲਈ ਇਕਸਾਰ ਹਨ। ਉਨ੍ਹਾਂ ਇਹ ਵੀ ਆਖਿਆ ਕਿ ਗੁਰੂ ਸਾਹਿਬ ਦੀ ਪਾਵਨ ਬਾਣੀ ਅੰਦਰ ਮਨੁੱਖ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਮੌਜੂਦ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਛਮੀ ਬੰਗਾਲ ਦੀਆਂ ਸੰਗਤਾਂ ਵੱਲੋਂ ਕਰਵਾਏ ਗਏ ਵਿਸ਼ਾਲ ਗੁਰਮਤਿ ਸਮਾਗਮ ਦੀ ਸ਼ਲਾਘਾ ਕੀਤੀ ਅਤੇ ੫੫੦ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ‘ਚ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਦਾ ਹਿੱਸਾ ਬਣਨ ਲਈ ਸੱਦਾ ਦਿੱਤਾ। ਸਮਾਗਮ ‘ਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸੂਬਿਆਂ ਵਿਚ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਨੂੰ ਇਤਿਹਾਸਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਗੁਰਮਤਿ ਦਾ ਫ਼ਲਸਫ਼ਾ ਸਰਬੱਤ ਦੇ ਭਲੇ ਵਾਲਾ ਹੈ, ਜੋ ਸਮੁੱਚੀ ਮਨੁੱਖਤਾ ਨੂੰ ਆਪਸ ਵਿਚ ਜੋੜਦਾ ਹੈ। ਉਨ੍ਹਾਂ ੫੫੦ਵੇਂ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਅਤੇ ਇਸ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਪਹੁੰਚਣ ਦੀ ਹਾਰਦਿਕ ਅਪੀਲ ਵੀ ਕੀਤੀ। ਸਮਾਗਮ ‘ਚ ਸ਼ਾਮਲ ਸਥਾਨਕ ਕੈਬਨਿਟ ਮੰਤਰੀ ਸ੍ਰੀ ਸਾਧਲ ਪਾਂਡੇ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਤੇ ਸਥਾਨਕ ਸਿੱਖ ਆਗੂਆਂ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਹਾਜ਼ਰੀ ਭਰੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਪਰਮਜੀਤ ਸਿੰਘ ਖ਼ਾਲਸਾ, ਦਿੱਲੀ ਕਮੇਟੀ ਆਗੂ ਬੀਬੀ ਰਣਜੀਤ ਕੌਰ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਦਰਸ਼ਨ ਸਿੰਘ ਪੀ.ਏ., ਸਥਾਨਕ ਆਗੂ ਸ. ਬਚਨ ਸਿੰਘ ਸਰਲ, ਸ. ਸਤਵੰਤ ਸਿੰਘ, ਸਿੱਖ ਮਿਸ਼ਨ ਕਲਕੱਤਾ ਦੇ ਇੰਚਾਰਜ ਸ. ਜਗਮੋਹਨ ਸਿੰਘ ਗਿੱਲ, ਕਲਕੱਤਾ ਦੇ ਮੇਅਰ ਫਿਰਹਾਦ ਹਾਕਮ ਆਦਿ ਹਾਜ਼ਰ ਸਨ। ਦੱਸ ਦਈਏ ਕਿ ਸਮਾਗਮ ਦੌਰਾਨ ੩੦ ਹਜ਼ਾਰ ਤੋਂ ਵੱਧ ਸੰਗਤਾਂ ਮੌਜੂਦ ਸਨ।