ਅੰਮ੍ਰਿਤਸਰ, 20 ਮਈ-
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਗਵਾਰੀ ਘਾਟ ਜਬਲਪੁਰ (ਮੱਧ ਪ੍ਰਦੇਸ਼) ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਥਾਨਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹੋਏ ਇਸ ਗੁਰਮਤਿ ਸਮਾਗਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਿਥੇ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ, ਉਥੇ ਹੀ ਪਹਿਲੇ ਪਾਤਸ਼ਾਹ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਸਮੇਂ ਭਰਵੀ ਸ਼ਮੂਲੀਅਤ ਕਰਨ ਦੀ ਪ੍ਰੇਰਣਾ ਕੀਤੀ।

ਉਨ੍ਹਾਂ ਆਖਿਆ ਕਿ ਇਹ ਇਤਿਹਾਸਕ ਮੌਕਾ ਸਾਡੇ ਸਮਿਆਂ ਅੰਦਰ ਆਉਣਾ ਸਾਡੀ ਖੁਸ਼ਨਸੀਬੀ ਹੈ ਅਤੇ ਸਾਡਾ ਸਭ ਦਾ ਫ਼ਰਜ਼ ਹੈ ਕਿ ਇਨ੍ਹਾਂ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਵੱਧ ਤੋਂ ਵੱਧ ਸਹਿਯੋਗੀ ਬਣੀਏ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਕੁਹਾੜਕਾ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਅਤੇ ਗੁਰਬਾਣੀ ਕੀਰਤਨ ਦੀ ਸਾਂਝ ਪਾਈ। ਸਮਾਗਮ ਸਮੇਂ ਗੁਰਦੁਆਰਾ ਸਾਹਿਬ ਗਵਾਰੀ ਘਾਟ ਜਬਲਪੁਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਗੁਰਜੀਤ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤ ਦਾ ਧੰਨਵਾਦ ਕੀਤਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਹਰਭਜਨ ਸਿੰਘ, ਸ. ਕੁਲਬੀਰ ਸਿੰਘ ਸਕੱਤਰ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਕੁਲਦੀਪ ਸਿੰਘ, ਸ. ਮਨਜੀਤ ਸਿੰਘ ਆਦਿ ਮੌਜੂਦ ਸਨ।