ਗਿਆਨੀ ਰਘਬੀਰ ਸਿੰਘ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ ਗਿਆਨੀ ਹਰਪ੍ਰੀਤ ਸਿੰਘ ਨੂੰ ਕਾਰਜਕਾਰੀ ਤੋਂ ਪੱਕੇ ਤੌਰ ‘ਤੇ ਜਥੇਦਾਰ ਵਜੋਂ ਪ੍ਰਵਾਨਗੀ
ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣੇ ‘ਤੇ ਸ਼ੋਕ ਮਤਾ ਪਾਸ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ ੬ ਫੀਸਦੀ ਮਹਿੰਗਾਈ ਭੱਤਾ

ਰੂਪਨਗਰ, ੧੮ ਅਗਸਤ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਅਗਵਾਈ ਹੇਠ ਅੱਜ ਇਥੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਅੰਤ੍ਰਿੰਗ ਕਮੇਟੀ ਦੀ ਹੋਈ ਅਹਿਮ ਇਕੱਤਰਤਾ ਦੌਰਾਨ ਸਿੱਖ ਕੌਮ ਦੇ ਮਹਾਨ ਵਿਦਵਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣੇ ‘ਤੇ ਸ਼ੋਕ ਮਤਾ ਪਾਸ ਕਰਦਿਆਂ ਉਨ੍ਹਾਂ ਦੇ ਅਕਾਲ ਚਲਾਣੇ ਨੂੰ ਸਿੱਖ ਪੰਥ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ ਗਿਆ। ਇਕੱਤਰਤਾ ਵਿਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੱਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਸੇਵਾਵਾਂ ਸੌਂਪਣ ਦਾ ਅਹਿਮ ਫੈਸਲਾ ਵੀ ਕੀਤਾ ਗਿਆ। ਇਸੇ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਯੋਗਤਾ, ਲਿਆਕਤ ਅਤੇ ਸੇਵਾਵਾਂ ਨੂੰ ਦੇਖਦਿਆਂ ਹੋਇਆਂ ਅੰਤ੍ਰਿੰਗ ਕਮੇਟੀ ਨੇ ਉਨ੍ਹਾਂ ਨੂੰ ਕਾਰਜਕਾਰੀ ਜਥੇਦਾਰ ਤੋਂ ਪੱਕੇ ਤੌਰ ‘ਤੇ ਜਥੇਦਾਰ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ।
ਅੰਤ੍ਰਿੰਗ ਕਮੇਟੀ ਦੀ ਇਸ ਅਹਿਮ ਬੈਠਕ ਵਿਚ ਲਏ ਗਏ ਫੈਸਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਅੱਜ ਦੀ ਇਕੱਤਰਤਾ ਵਿਚ ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਕਰਕੇ ਉਨ੍ਹਾਂ ਦੀ ਥਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਬਤੌਰ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਗਿਆਨੀ ਰਘਬੀਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ ਅਤੇ ਇਸਦੇ ਨਾਲ ਨਾਲ ਕਾਰਜਕਾਰੀ ਤੌਰ ‘ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਸੇਵਾ ਵੀ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਇਕੱਤਰਤਾ ਵਿਚ ਇੱਕ ਹੋਰ ਅਹਿਮ ਫੈਸਲਾ ਲੈਂਦਿਆਂ ਸਿੱਖ ਨੌਜੁਆਨੀ ਨੂੰ ਅਕਾਦਮਿਕ ਖੇਤਰ ਵਿਚ ਮੁਕਾਬਲੇ ਦੇ ਸਮਰੱਥ ਬਣਾਉਣ ਲਈ ਸਾਬਤ ਸੂਰਤ ਸਿੱਖ ਨੌਜੁਆਨਾਂ ਨੂੰ ਕੌਮੀ ਅਤੇ ਸੂਬਾਈ ਪੱਧਰ ਦੀਆਂ ਸਿਵਲ ਸੇਵਾਵਾਂ ਪ੍ਰੀਖਿਆਵਾਂ ਲਈ ਉਚ ਪੱਧਰ ਦੀ ਸਿਖਲਾਈ ਦਿੱਤੀ ਜਾਵੇਗੀ। ਇਸ ਕਾਰਜ ਲਈ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਟਿਊਟ ਆਫ ਅਡਵਾਸ ਸਟੱਡੀਜ਼ ਇਨ ਸਿੱਖਇਜ਼ਮ, ਬਹਾਦਰਗੜ੍ਹ (ਪਟਿਆਲਾ) ਵਿਖੇ ਕੋਚਿੰਗ ਸੈਂਟਰ ਸਥਾਪਤ ਕੀਤਾ ਜਾਵੇਗਾ। ਇਸੇ ਤਰ੍ਹਾਂ ਕੌਮਾਂਤਰੀ ਕਾਮਨਵੈਲਥ ਪਾਵਰਲਿਫਿਟਿੰਗ ਚੈਂਪੀਅਨਸ਼ਿਪ ਵਿਚ ਹਿੱਸਾ ਲੈਣ ਲਈ ਅੰਮ੍ਰਿਤਧਾਰੀ ਖਿਡਾਰੀ ਸੁਖਪਾਲ ਸਿੰਘ ਵੱਲੋਂ ਡੇਢ ਲੱਖ ਰੁਪਏ ਦੀ ਮੰਗੀ ਆਰਥਿਕ ਸਹਾਇਤਾ ਦੀ ਬਜਾਏ ਉਸਨੂੰ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਵਿਦਿਅਕ ਅਦਾਰੇ ਵਿਚ ਪੜ੍ਹਾਈ ਕਰਵਾਉਣ ਦਾ ਫੈਸਲਾ ਕੀਤਾ ਗਿਆ।
ਪ੍ਰੋ: ਬਡੂੰਗਰ ਨੇ ਅੱਗੇ ਦੱਸਿਆ ਕਿ ਨਵੰਬਰ ੧੯੮੪ ਦੇ ਸਿੱਖ ਵਿਰੋਧੀ ਕਤਲੇਆਮ ਨਾਲ ਜੁੜੇ ਹੋਂਦ ਚਿੱਲੜ ਦੇ ਅਹਿਮ ਕਾਂਡ ਨੂੰ ਸਾਹਮਣੇ ਲਿਆਉਣ ਵਾਲੇ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਪੈਰਵਾਈ ਕਰਨ ਵਾਲੇ ਸ. ਮਨਵਿੰਦਰ ਸਿੰਘ ਗਿਆਸਪੁਰਾ ਦੀ ਧਰਮ ਪਤਨੀ ਬੀਬੀ ਰਮਨਜੀਤ ਕੌਰ ਨੂੰ ਉਸਦੀ ਵਿਦਿਅਕ ਯੋਗਤਾ ਦੇ ਮੁਤਾਬਕ ਸ਼੍ਰੋਮਣੀ ਕਮੇਟੀ ਵਿਚ ਨੌਕਰੀ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸੇ ਤਰ੍ਹਾਂ ਹੋਰ ਫੈਸਲਿਆਂ ਵਿਚ ਜਿਥੇ ਸ਼੍ਰੋਮਣੀ ਕਮੇਟੀ ਦੀਆਂ ਤਿੰਨੇ ਪ੍ਰਿੰਟਿੰਗ/ਆਫਸੈਟ ਪ੍ਰੈਸਾਂ ਨੂੰ ਇਕੱਠੀਆਂ ਕਰਨ ਦਾ ਫੈਸਲਾ ਵੀ ਕੀਤਾ ਗਿਆ, ਉਥੇ ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਇਮਾਰਤ ਬਣਾਉਣ ਨੂੰ ਵੀ ਪ੍ਰਵਾਨਗੀ ਦਿੰਦਿਆਂ ਇਸਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਦੇਣ ਦਾ ਫੈਸਲਾ ਕੀਤਾ ਗਿਆ। ਇਕ ਹੋਰ ਫੈਸਲੇ ਰਾਹੀਂ ਅਖੰਡਪਾਠੀ ਸਿੰਘਾਂ ਦੀਆਂ ਮੰਗਾਂ ਨੂੰ ਰਸਮੀ ਪ੍ਰਵਾਨਗੀ ਦੇ ਦਿੱਤੀ ਗਈ। ਅੱਜ ਦੀ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਨੂੰ ੬ ਫੀਸਦੀ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਵੀ ਕੀਤਾ ਗਿਆ।
ਇਸ ਤੋਂ ਪਹਿਲਾਂ ਪਾਸ ਕੀਤੇ ਗਏ ਦੋ ਸ਼ੋਕ ਮਤਿਆਂ ਵਿਚ ਜਿਥੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣੇ ‘ਤੇ ਸ਼ੋਕ ਮਤਾ ਪਾਸ ਕਰਦਿਆਂ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ ਅਤੇ ਪੱਛਮੀ ਬੰਗਾਲ ਦੇ ਸਾਬਕਾ ਮੰਤਰੀ ਸ. ਗਿਆਨ ਸਿੰਘ ਸੋਹਨਪਾਲ ਦੇ ਅਕਾਲ ਚਲਾਣੇ ‘ਤੇ ਵੀ ਸ਼ੋਕ ਮਤਾ ਪਾਸ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਜੈਪਾਲ ਸਿੰਘ ਮੰਡੀਆਂ, ਸ. ਗੁਰਮੇਲ ਸਿੰਘ ਸੰਗਤਪੁਰਾ, ਬੀਬੀ ਜੋਗਿੰਦਰ ਕੌਰ, ਸ. ਸੁਰਜੀਤ ਸਿੰਘ ਕਾਲਾਬੂਲਾ, ਸ. ਕੁਲਵੰਤ ਸਿੰਘ ਮੰਨਣ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਨਿਰਮਲ ਸਿੰਘ ਹਰਿਆਓ ਤੇ ਸ. ਸਤਪਾਲ ਸਿੰਘ ਤਲਵੰਡੀ ਭਾਈ, ਮੈਂਬਰ ਸ. ਰਣਜੀਤ ਸਿੰਘ ਕਾਹਲੋਂ, ਸ. ਗੁਰਬਖਸ਼ ਸਿੰਘ ਖਾਲਸਾ ਤੇ ਸ. ਬਿਕਰਮਜੀਤ ਸਿੰਘ ਕੋਟਲਾ, ਸ਼੍ਰੋਮਣੀ ਕਮੇਟੀ ਸਕੱਤਰ ਡਾ. ਰੂਪ ਸਿੰਘ, ਸ. ਅਵਤਾਰ ਸਿੰਘ ਸੈਂਪਲਾ ਤੇ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਸ. ਬਲਵਿੰਦਰ ਸਿੰਘ ਜੌੜਾ ਸਿੰਘਾ, ਸ. ਕੇਵਲ ਸਿੰਘ ਤੇ ਸ. ਬਿਜੈ ਸਿੰਘ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਸ. ਜਸਬੀਰ ਸਿੰਘ ਮੈਨੇਜਰ ਆਦਿ ਹਾਜ਼ਰ ਸਨ।