ਪ੍ਰੋ: ਬਡੂੰਗਰ ਦੀ ਅਗਵਾਈ ਵਿਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 03 ਨਵੰਬਰ–  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਏਡ ਸੰਸਥਾ ਯੂ.ਕੇ. ਵੱਲੋਂ ਮਨੁੱਖਤਾ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਵਡਮੁੱਲੀਅ ਸੇਵਾਵਾਂ ਨੂੰ ਮੁੱਖ ਰੱਖਦਿਆਂ ਸਨਮਾਨਿਤ ਕੀਤਾ ਜਾਵੇਗਾ। ਇਹ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਕੀਤਾ ਗਿਆ। ਇਕੱਤਰਤਾ ਦੌਰਾਨ ਇਸ ਤੋਂ ਇਲਾਵਾ ਧਰਮ ਪ੍ਰਚਾਰ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਕੱਤਰਤਾ ਦੌਰਾਨ ਲਏ ਗਏ ਇੱਕ ਅਹਿਮ ਫੈਸਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਖ਼ਾਲਸਾ ਏਡ ਸੰਸਥਾ ਯੂ.ਕੇ. ਵੱਲੋਂ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਅਤੇ ਉਪਦੇਸ਼ਾਂ ਅਨੁਸਾਰ ਮਨੁੱਖਤਾ ਦੀ ਭਲਾਈ ਲਈ ਵਿਸ਼ਵ ਭਰ ਵਿਚ ਕੀਤੇ ਜਾ ਰਹੇ ਕਾਰਜਾਂ ਲਈ ਦੋ ਲੱਖ ਇਕਵੰਜਾ ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਕੱਤਰਤਾ ਦੌਰਾਨ ਖ਼ਾਲਸਾ ਏਡ ਸੰਸਥਾ ਦੇ ਕਾਰਜਾਂ ਦੀ ਪ੍ਰਸ਼ੰਸਾ ਦਾ ਮਤਾ ਵੀ ਪਾਸ ਕੀਤਾ ਗਿਆ ਹੈ। ਉਨ੍ਹਾਂ ਵਿਸਥਾਰ ਦਿੰਦਿਆਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਇਆ ਮਾਰਗ ਮਨੁੱਖਤਾ ਦੀ ਭਲਾਈ ਦਾ ਰਾਹ ਦਿਖਾਉਂਦਾ ਹੈ ਜਿਸ ‘ਤੇ ਚੱਲਦਿਆਂ ਖ਼ਾਲਸਾ ਏਡ ਸੰਸਥਾ ਜ਼ਿਕਰਯੋਗ ਕਾਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਸੰਸਥਾ ਦੇ ਨੁਮਾਇੰਦਿਆਂ ਨੂੰ ਸੱਦਾ ਭੇਜ ਕੇ ਦਿੱਤਾ ਜਾਵੇਗਾ।
ਇਕੱਤਰਤਾ ਦੌਰਾਨ ਲਏ ਗਏ ਹੋਰ ਫੈਸਲਿਆਂ ਸਬੰਧੀ ਪ੍ਰੋ: ਬਡੂੰਗਰ ਨੇ ਦੱਸਿਆ ਕਿ ਪ੍ਰਸਿੱਧ ਸਿੱਖ ਚਿੰਤਕ ਡਾ. ਰੂਪ ਸਿੰਘ ਦੁਆਰਾ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਸੰਖੇਪ ਇਤਿਹਾਸ ਨੂੰ ਦਰਸਾਉਂਦੀ ਸੁਚਿੱਤਰ ਪੁਸਤਕ ‘ਸੋ ਥਾਨੁ ਸੁਹਾਵਾ’ ਨੂੰ ਟਰੈਕਟ ਰੂਪ ਵਿਚ ਛਾਪ ਕੇ ਸੰਗਤਾਂ ਤੀਕ ਭੇਟਾ ਰਹਿਤ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਯਾਦਗਾਰ ਗਿਆਨੀ ਦਿੱਤ ਸਿੰਘ ਪਿੰਡ ਕਨੌੜ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਗਿਆਨੀ ਦਿੱਤ ਸਿੰਘ ਦੇ ਜੀਵਨ ਕਾਲ ਸਮੇਂ ਲਿਖੀਆਂ ਪੁਸਤਕਾਂ ਨੂੰ ਛਪਵਾਉਣ ਸਬੰਧੀ ਪੁੱਜੀ ਮੰਗ ਨੂੰ ਵਿਚਾਰਿਆਂ ਇਨ੍ਹਾਂ ਪੁਸਤਕਾਂ ਸਬੰਧੀ ਪ੍ਰਸਿੱਖ ਸਿੱਖ ਵਿਦਿਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਪਾਸੋਂ ਰਿਪੋਰਟ ਲੈਣ ਦਾ ਫੈਸਲਾ ਕੀਤਾ ਗਿਆ ਹੈ। ਇਕੱਤਰਤਾ ਵਿਚ ਧਰਮ ਪ੍ਰਚਾਰ ਦੀ ਲਹਿਰ ਦੇ ਕਾਰਜਾਂ ਦਾ ਮੁਲਾਂਕਣ ਕਰਦਿਆਂ ਇਸਨੂੰ ਹੋਰ ਪ੍ਰਚੰਡ ਕਰਨ ਅਤੇ ਵੱਧ ਤੋਂ ਵੱਧ ਸੰਗਤਾਂ ਤੀਕ ਪਹੁੰਚਾਉਣ ਲਈ ਵਿਉਂਤਬੰਦੀ ਵੀ ਕੀਤੀ ਗਈ। ਇਸ ਦੌਰਾਨ ਧਰਮ ਪ੍ਰਚਾਰ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਪ੍ਰਸਿੱਧ ਕਵੀਸ਼ਰ ਭਾਈ ਜੋਗਾ ਸਿੰਘ ਜੋਗੀ ਦੀ ਸਿਹਤ ਨਾਸਾਜ ਚੱਲਦਿਆਂ ਉਨ੍ਹਾਂ ਨੂੰ ੫੧ ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਫੈਸਲਾ ਵੀ ਕੀਤਾ ਗਿਆ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਨ ਸ. ਪ੍ਰਿਤਪਾਲ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਅਵਤਾਰ ਸਿੰਘ ਵਣਵਾਲਾ, ਸ. ਮਨਜੀਤ ਸਿੰਘ ਬੱਪੀਆਣਾ, ਸ. ਤਜਿੰਦਰਪਾਲ ਸਿੰਘ ਢਿੱਲੋਂ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਸੁਖਵਰਸ਼ ਸਿੰਘ ਪੰਨੂ, ਡਾ. ਰੂਪ ਸਿੰਘ ਸਕੱਤਰ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਵਧੀਕ ਸਕੱਤਰ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ ਆਦਿ ਹਾਜ਼ਰ ਸਨ।