ਅੰਮ੍ਰਿਤਸਰ, ੨੧ ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਨੁਮਾਇੰਦਾ ਧਾਰਮਿਕ ਸੰਸਥਾ ਹੋਣ ਦੇ ਨਾਤੇ ਮੁਸ਼ਕਿਲ ਹਾਲਾਤ ਸਮੇਂ ਸਿੱਖਾਂ ਦੀ ਹਮੇਸ਼ਾ ਮੱਦਦ ਕਰਦੀ ਰਹੀ ਹੈ ਅਤੇ ਕਰਦੀ ਰਹੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਕ ਪ੍ਰੈੱਸ ਬਿਆਨ ਵਿਚ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸਿੱਖਾਂ ਨਾਲ ਹੋਈਆਂ ਵਧੀਕੀਆਂ ਦੇ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੇ ਆਪਣੀ ਬਣਦੀ ਜਿੰਮੇਵਾਰੀ ਨਿਭਾਈ ਹੈ। ਪ੍ਰੋ. ਬਡੂੰਗਰ ਨੇ ਉੱਤਰ ਪ੍ਰਦੇਸ਼ ਦੇ ਪੀਲੀਭੀਤ ਜੇਲ੍ਹ ਅੰਦਰ ਸੰਨ ੧੯੯੪ ਵਿਚ ਅਣਮਨੁੱਖੀ ਤਸ਼ੱਦਦ ਨਾਲ ਮਾਰੇ ਗਏ ਸੱਤ ਸਿੱਖਾਂ ਸਮੇਤ ਜ਼ਖ਼ਮੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਨਾ ਦਿੱਤੇ ਜਾਣ ਦੀ ਮੀਡੀਆ ਰਾਹੀਂ ਸਾਹਮਣੇ ਆਈ ਖਬਰ ਸਬੰਧੀ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਕਾਂਡ ਦੇ ਪੀੜਤਾਂ ਨਾਲ ਹਮਦਰਦੀ ਰੱਖਦੀ ਹੈ। ਉਨ੍ਹਾਂ ਆਖਿਆ ਕਿ ਸਮੇਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਇਨ੍ਹਾਂ ਦੀ ਸਹਾਇਤਾ ਕੀਤੀ ਗਈ ਸੀ ਅਤੇ ਅੱਗੋਂ ਵੀ ਪੀੜਤਾਂ ਦੀ ਲੋੜ ਅਨੁਸਾਰ ਸਹਾਇਤਾ ਕੀਤੀ ਜਾਵੇਗੀ। ਇਸ ਸਬੰਧੀ ਪ੍ਰਭਾਵਿਤ ਪਰਿਵਾਰ ਬਿਨਾਂ ਝਿਜਕ ਉਨ੍ਹਾਂ ਨੂੰ ਮਿਲ ਸਕਦੇ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ ਅਤੇ ਨਿੱਜੀ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਨੂੰ ਵੀ ਮਿਲਿਆ ਜਾ ਸਕਦਾ ਹੈ।
ਪ੍ਰੋ. ਬਡੂੰਗਰ ਨੇ ਕਿਹਾ ਕਿ ਅਜੇ ਤਿੰਨ ਦਿਨ ਪਹਿਲਾਂ ਹੀ ਉਨ੍ਹਾਂ ਨੇ ਪੀਲੀਭੀਤ (ਉੱਤਰ ਪ੍ਰਦੇਸ਼) ਵਿਖੇ ਸੰਨ ੧੯੯੧ ਦੇ ਫਰਜੀ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਸਿੱਖਾਂ ਦੇ ਚਾਰ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਦਿੱਤੀ ਹੈ। ਉਨ੍ਹਾਂ ਇਕ ਵਾਰ ਫਿਰ ਦੁਹਰਾਇਆ ਕਿ ਸ਼੍ਰੋਮਣੀ ਕਮੇਟੀ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਕਿਸੇ ਨਾਲ ਵੀ ਪੱਖਪਾਤ ਨਹੀਂ ਕੀਤਾ ਜਾਂਦਾ।