ਅੰਮ੍ਰਿਤਸਰ, 20 ਫਰਵਰੀ-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਚੇਰੀ ਵਿਦਿਆ ਨਾਲ ਸਬੰਧਤ ਅਦਾਰਿਆਂ ਦੇ ਵਿਦਿਆਰਥੀਆਂ ਦਾ ੨੧, ੨੨ ਮਾਰਚ ੨੦੧੭ ਨੂੰ ਖਾਲਸਾ ਕਾਲਜ, ਗੜ੍ਹਦੀਵਾਲਾ (ਹੁਸ਼ਿਆਰਪੁਰ) ਵਿਖੇ ਖ਼ਾਲਸਾਈ ਸੱਭਿਆਚਾਰਕ ਉਤਸਵ ਕਰਵਾਇਆ ਜਾਵੇਗਾ। ਇਸ ਉਤਸਵ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀਆਂ ਉਚੇਰੀ ਵਿਦਿਆ ਦੀਆਂ ਸੰਸਥਾਵਾਂ ਦੇ ੧੦੦੦ ਤੋਂ ਵਧੇਰੇ ਵਿਦਿਆਰਥੀ ਹਿੱਸਾ ਲੈਣਗੇ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ:ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੱਜ ਇਹ ਵੱਡੀ ਲੋੜ ਹੈ ਕਿ ਅਸੀਂ ਆਪਣੇ ਨੌਜਵਾਨਾਂ ਨੂੰ ਆਪਣੇ ਗੌਰਵਮਈ ਇਤਿਹਾਸ ਅਤੇ ਸਿੱਖ ਸੱਭਿਆਚਾਰ ਨਾਲ ਜੋੜੀਏ।
ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਮੁੱਖ ਮਨੋਰਥ ਨੌਜਵਾਨ ਵਿਦਿਆਰਥੀਆਂ ਵਿਚ ਆਪਣੀਆਂ ਮਹਾਨ ਪ੍ਰੰਪਰਾਵਾਂ, ਅਮੀਰ ਕਦਰਾਂ-ਕੀਮਤਾਂ ਅਤੇ ਸੱਭਿਆਚਾਰ ਪ੍ਰਤੀ ਚੇਤੰਨਤਾ ਅਤੇ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਉਤਸਵ ਦੌਰਾਨ ਵਾਰ ਗਾਇਨ, ਕਵੀਸ਼ਰੀ ਗਾਇਨ, ਧਾਰਮਿਕ ਕਲੀ, ਧਾਰਮਿਕ ਗੀਤ, ਧਾਰਮਿਕ ਕਵਿਤਾ, ਗਰੁੱਪ ਸ਼ਬਦ, ਤਬਲਾ ਵਾਦਨ, ਤੰਤੀ ਸਾਜ ਵਾਦਨ, ਕੋਮਲ ਕਲਾਵਾਂ, ਦਸਤਾਰ ਅਤੇ ਦੁਮਾਲਾ ਸਜਾਉਣ, ਸ਼ੁੱਧ ਗੁਰਬਾਣੀ ਉਚਾਰਨ, ਗੁਰਬਾਣੀ ਕੰਠ, ਧਾਰਮਿਕ/ਇਤਿਹਾਸਕ ਨਾਟਕ, ਨਿਬੰਧ ਲੇਖਣ, ਸਲੋਗਨ ਲੇਖਣ ਅਤੇ ਧਾਰਮਿਕ ਕੁਇੱਜ਼ ਦੇ ਮੁਕਾਬਲੇ ਕਰਵਾਏ ਜਾਣਗੇ। ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਵਚਨਬੱਧ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਐਜੂਕੇਸ਼ਨ ਡਾ. ਧਰਮਿੰਦਰ ਸਿੰਘ ਉੱਭਾ ਅਨੁਸਾਰ ਖ਼ਾਲਸਾਈ ਸੱਭਿਆਚਾਰਕ ਉਤਸਵ ਦੀ ਰੂਪ-ਰੇਖਾ ਅਤੇ ਵਿਉਂਤਬੰਦੀ ਲਈ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿਚ ਬੀਤੇ ਦਿਨੀਂ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਵਿਚ ਸ. ਹਰਚਰਨ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ, ਡਾ. ਕਸ਼ਮੀਰ ਸਿੰਘ, ਡਾ. ਸਤਵਿੰਦਰ ਸਿੰਘ ਢਿੱਲੋਂ, ਮੇਜਰ ਜਨਰਲ ਗੁਰਚਰਨ ਸਿੰਘ ਲਾਂਬਾ, ਡਾ. ਜਤਿੰਦਰ ਸਿੰਘ ਸਿੱਧੂ, ਡਾ. ਹਰਬੰਸ ਕੌਰ, ਡਾ. ਰਮਨਜੀਤ ਕੌਰ ਅਤੇ ਪ੍ਰੋ. ਪ੍ਰਭਜੀਤ ਸਿੰਘ ਸ਼ਾਮਲ ਹੋਏ। ਡਾ. ਉੱਭਾ ਨੇ ਦੱਸਿਆ ਕਿ ਸਮਾਗਮ ਵਿਚ ਭਾਗ ਲੈਣ ਲਈ ਵਿਦਿਆਰਥੀ ਭਾਰੀ ਉਤਸ਼ਾਹਿਤ ਹਨ।