ਅੰਮ੍ਰਿਤਸਰ 16 ਜੁਲਾਈ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 24-25 ਅਕਤੂਬਰ 2015 ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਕਰਵਾਏਗੀ।ਜਿਸ ਦੀ ਰੂਪ-ਰੇਖਾ ਤੈਅ ਕਰਨ ਲਈ ਡਾ. ਬਰਜਿੰਦਰ ਸਿੰਘ ਹਮਦਰਦ, ਡਾ. ਜਸਪਾਲ ਸਿੰਘ  ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਗੁਰਮੋਹਨ ਸਿੰਘ ਵਾਲੀਆ ਵਾਈਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫਤਹਿਗੜ੍ਹ ਸਾਹਿਬ, ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਡਾ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਡਾ. ਜੋਗਾ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਬਲਵੰਤ ਸਿੰਘ ਢਿਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਡਾ. ਜਗਬੀਰ ਸਿੰਘ ਦਿੱਲੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫਤਹਿਗੜ੍ਹ ਸਾਹਿਬ, ਡਾ. ਦੀਪਕ ਮਨਮੋਹਨ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਪਰਮਜੀਤ ਸਿੰਘ ਸਿੱਧੂ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਤੇ ਆਧਾਰਿਤ ਕਮੇਟੀ ਬਣਾਈ ਗਈ ਹੈ ਤੇ ਇਸ ਦੇ ਕੋਆਰਡੀਨੇਟਰ ਸ. ਬਲਵਿੰਦਰ ਸਿੰਘ ਜੌੜਾ ਸਿੰਘਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਹੋਣਗੇ।

ਇਸ ਲਈ ਸ.ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ ਦੀ ਨਿਗਰਾਨੀ ਹੇਠ ਕਲਗੀਧਰ ਨਿਵਾਸ ਸੈਕਟਰ-27 ਚੰਡੀਗੜ੍ਹ ਵਿਖੇ ਦਫ਼ਤਰ ਖੋਲ੍ਹਿਆ ਜਾਵੇਗਾ ਤੇ ਡਾ. ਅਨੁਰਾਗ ਸਿੰਘ ਇਸ ਦਫ਼ਤਰ ਵਿਖੇ ਇੰਚਾਰਜ ਹੋਣਗੇ। ਉਨ੍ਹਾਂ ਕਿਹਾ ਕਿ ਮੀਡੀਆ ਨੂੰ ਜਾਣਕਾਰੀ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਦੇਣਗੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਿਰਮੌਰ ਸੰਸਥਾ ਹੋਣ ਕਰਕੇ ਇਹ ਮਹਿਸੂਸ ਕਰਦੀ ਹੈ ਕਿ ਪੰਜਾਬੀ ਭਾਸ਼ਾ ਦੇ ਵਿਕਾਸ ਤੇ ਚੜ੍ਹਦੀ ਕਲਾ ਲਈ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਕਰਵਾਇਆ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਇਸ ਵਿਸ਼ਵ ਸੰਮੇਲਨ ਵਿੱਚ ਪਾਕਿਸਤਾਨ ਸਮੇਤ ਪੰਜਾਬੀ ਨੂੰ ਪਿਆਰ ਕਰਨ ਵਾਲੇ ਤੇ ਪੰਜਾਬੀ ਭਾਸ਼ਾ ਨਾਲ ਸਬੰਧ ਰੱਖਣ ਵਾਲੇ ਹਰੇਕ ਦੇਸ਼ ਭਾਵ ਕਨੇਡਾ, ਅਮਰੀਕਾ, ਇੰਗਲੈਂਡ, ਸਿੰਘਾਪੁਰ, ਮਲੇਸ਼ੀਆ ਅਤੇ ਆਸਟਰੇਲੀਆ ਆਦਿ ਤੋਂ ਵਿਦਵਾਨ ਸ਼ਾਮਲ ਹੋਣਗੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬੀ ਭਾਸ਼ਾ ਪ੍ਰਤੀ ਹੋਰ ਸੰਜੀਦਾ ਹੁੰਦਿਆਂ ਅਜਿਹਾ ਵਿਸ਼ਵ ਸੰਮੇਲਨ ਪਹਿਲੀ ਵਾਰ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਸੰਮੇਲਨ ਦੇ 6 ਸੈਸ਼ਨ ਹੋਣਗੇ ਜਿਸ ਵਿੱਚ ਉਦਘਾਟਨੀ ਤੇ ਸਮਾਪਤੀ ਤੋਂ ਇਲਾਵਾ ਪੰਜਾਬੀ ਭਾਸ਼ਾ ਦੇ 3 ਅਤੇ 1 ਗੁਰਮੁੱਖੀ ਲਿੱਪੀ ਤੇ ਹੋਵੇਗਾ।ਉਨ੍ਹਾਂ ਦੱਸਿਆ ਕਿ ਇਸ ਸੰਮੇਲਨ ਦੌਰਾਨ ਭਾਸ਼ਾ ਤੇ ਗੁਰਮੁਖੀ ਲਿੱਪੀ ਤੇ ਵਿਦਵਾਨਾਂ ਵੱਲੋਂ ਦਿੱਤੀ ਗਈ ਰਾਏ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇੰਨ-ਬਿੰਨ ਅਮਲ ਕਰੇਗੀ।

ਇਸ ਮੌਕੇ ਡਾਕਟਰ ਰੂਪ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਪਰਮਜੀਤ ਸਿੰਘ ਸਰੋਆ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਰਣਜੀਤ ਸਿੰਘ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ.ਜਗਜੀਤ ਸਿੰਘ ਮੀਤ ਸਕੱਤਰ, ਸ.ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਤੇ ਸ. ਬਲਵਿੰਦਰ ਸਿੰਘ ਸੁਪ੍ਰਿੰਟੈਂਡੈਂਟ ਆਦਿ ਹਾਜ਼ਰ ਸਨ।