ਦਸਮ ਪਾਤਸ਼ਾਹ ਜੀ ਦੇ ੩੫੦ ਸਾਲਾ ਪ੍ਰਕਾਸ਼ ਪਰਬ ਨੂੰ ਸਮਰਪਿਤ ਕਾਲਜਾਂ ਅੰਦਰ ਕਰਵਾਏ ਜਾਣਗੇ ਸੈਮੀਨਾਰ

2(1)
ਸ੍ਰੀ ਮੁਕਤਸਰ ਸਾਹਿਬ, ੧੫ ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਪ੍ਰਧਾਨਗੀ ਸੇਵਾ ਸੰਭਾਲਣ ਉਪਰੰਤ ਪਹਿਲੀ ਵਾਰ ਸਥਾਨਕ ਗੁਰੂ ਨਾਨਕ ਕਾਲਜ ਫਾਰ ਗਰਲਜ਼ ਵਿਖੇ ਪਹੁੰਚਣ ‘ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਸ. ਦਿਆਲ ਸਿੰਘ ਕੋਲਿਆਂਵਾਲੀ ਤੇ ਸ. ਨਵਤੇਜ ਸਿੰਘ ਕੌਣੀ, ਡਾ. ਤੇਜਿੰਦਰ ਕੌਰ ਧਾਲੀਵਾਲ ਮੈਂਬਰ ਪੀ.ਪੀ.ਐਸ.ਸੀ., ਪ੍ਰਿੰਸੀਪਲ ਨਵਜੋਤ ਕੌਰ ਬਰਾੜ ਅਤੇ ਸ. ਸੰਤੋਖ ਸਿੰਘ ਭੰਡਾਰੀ ਨੇ ਸ਼ਾਨਦਾਰ ਸਵਾਗਤ ਕੀਤਾ।
1(2)ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮਿਆਰੀ ਵਿੱਦਿਆ ਦੇਣ ਲਈ ਵਚਨਬੱਧ ਹੈ ਅਤੇ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਸਮੁੱਚੇ ਵਿੱਦਿਅਕ ਅਦਾਰਿਆਂ ਅੰਦਰ ਲੋੜੀਂਦੀਆਂ ਸੇਧਾਂ ਅਨੁਸਾਰ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਮਨਾਏ ਗਏ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਲਜਾਂ ਵਿਚ ਵਿਸ਼ੇਸ਼ ਸੈਮੀਨਾਰ ਕਰਵਾਏ ਜਾਣਗੇ, ਜਿਨ੍ਹਾਂ ਦਾ ਮੰਤਵ ਨੌਜਵਾਨੀ ਨੂੰ ਸਿੱਖ ਵਿਰਸੇ, ਇਤਿਹਾਸ, ਸਿਧਾਂਤਾਂ ਅਤੇ ਗੁਰਮਤਿ ਦੀ ਰਹਿਣੀ ਸਬੰਧੀ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਲੰਘੀ ੧੦ ਜਨਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਗਏ ‘ਸਿੱਖ ਨੌਜਵਾਨ ਚੇਤਨਾ ਸਮਾਗਮ’ ਵਿਚ ਵੱਖ-ਵੱਖ ਕਾਲਜਾਂ ਤੇ ਯੂਨੀਵਰਸਿਟੀਆਂ ਦੇ ੨੦ ਹਜ਼ਾਰ ਦੇ ਕਰੀਬ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਸੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨਿਰੰਤਰ ਜਾਰੀ ਰੱਖੇ ਜਾਣਗੇ ਤਾਂ ਜੋ ਸਿੱਖੀ ਦੀਆਂ ਅਮੀਰ ਪਰੰਪਰਾਵਾਂ ਅਤੇ ਕਦਰਾਂ-ਕੀਮਤਾਂ ਦਾ ਸੰਚਾਰ ਨਵੀਂ ਪੀੜ੍ਹੀ ਅੰਦਰ ਕੀਤਾ ਜਾ ਸਕੇ। ਇਸ ਮੌਕੇ ਕਾਲਜ ਕਮੇਟੀ ਵੱਲੋਂ ਸ. ਦਿਆਲ ਸਿੰਘ ਕੋਲਿਆਂਵਾਲੀ, ਸ. ਨਵਤੇਜ ਸਿੰਘ ਕੌਣੀ, ਡਾ. ਤੇਜਿੰਦਰ ਕੌਰ ਧਾਲੀਵਾਲ, ਪ੍ਰਿੰ. ਨਵਜੋਤ ਕੌਰ ਬਰਾੜ ਅਤੇ ਸ. ਸੰਤੋਖ ਸਿੰਘ ਭੰਡਾਰੀ ਨੇ ਸਾਂਝੇ ਤੌਰ ‘ਤੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਸਨਮਾਨਤ ਕੀਤਾ।
ਇਸ ਮੌਕੇ ਕਾਲਜ ਕਮੇਟੀ ਦੇ ਮੈਂਬਰ ਸ. ਹੀਰਾ ਸਿੰਘ ਚੜੇਵਾਣ, ਸ. ਸਰੂਪ ਸਿੰਘ ਨੰਦਗੜ੍ਹ, ਬੀਬੀ ਦਵਿੰਦਰ ਕੌਰ, ਸ਼੍ਰੋਮਣੀ ਕਮੇਟੀ ਦੇ ਐਡੀ. ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ, ਪ੍ਰੋ. ਮਹਿਲ ਸਿੰਘ ਤੇ ਕਾਲਜ ਦੇ ਸਟਾਫ ਮੈਂਬਰ ਹਾਜ਼ਰ ਸਨ।