ਦਸਮ ਪਾਤਸ਼ਾਹ ਜੀ ਦੇ ੩੫੦ਸਾਲਾ ਪ੍ਰਕਾਸ਼ ਪੁਰਬ ਮੌਕੇ ਨਿਭਾਈਆਂ ਸੇਵਾਵਾਂ ਲਈ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨੀਤਿਸ਼ ਕੁਮਾਰ ਨੂੰ ਸਨਮਾਨਿਤ ਕੀਤਾ ਜਾਵੇਗਾ

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਲਏ ਗਏ ਅਹਿਮ ਫੈਸਲੇ


ਸ੍ਰੀ ਫਤਹਿਗੜ੍ਹ ਸਾਹਿਬ ੧੭ ਫਰਵਰੀ- ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਇਕੱਤਰਤਾ ਹਾਲ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਆ ਰਹੇ ਬਜਟ ਇਜਲਾਸ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ਸਾਲਾ ਪ੍ਰਕਾਸ਼ ਪੁਰਬ ਮੌਕੇ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨੀਤਿਸ਼ ਕੁਮਾਰ ਦੀਆਂ ਸ਼ਾਨਦਾਰ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਸਨਮਾਨਿਤ ਕਰਨ, ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਅਦਾਰਿਆਂ ਦੇ ਕੰਮ-ਕਾਰ ਨੂੰ ਚੁਸਤ-ਦਰੁੱਸਤ ਕਰਨ, ਪ੍ਰਿੰਟਿੰਗ ਪ੍ਰੈੱਸਾਂ ਦੀ ਉੱਤਮ ਵਿਉਂਤਬੰਦੀ ਕਰਨ, ਡਾਇਰੈਕਟੋਰੇਟ ਆਫ ਐਜੂਕੇਸ਼ਨ ਦੇ ਕੰਮਕਾਜ, ਟਰੱਸਟ ਵਿਭਾਗ, ਸੈਕਸ਼ਨ ੮੫, ਸੈਕਸ਼ਨ ੮੭, ਅਮਲਾ ਵਿਭਾਗ ਅਤੇ ਹੋਰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਨੂੰ ਵਿਚਾਰਿਆ ਗਿਆ।
ਇਕੱਤਰਤਾ ਸਮੇਂ ਪ੍ਰੈਸ ਨਾਲ ਗੱਲਬਾਤ ਕਰਦਿਆਂ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਮਾਮਲਿਆਂ ਸਬੰਧੀ ਗੰਭੀਰ ਵਿਚਾਰਾਂ ਉਪਰੰਤ ਅਹਿਮ ਫੈਸਲੇ ਲਏ ਗਏ ਹਨ। ਪ੍ਰਵਾਨ ਹੋਏ ਮਤਿਆਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਗਲੇ ਮਹੀਨੇ ਕਰਵਾਏ ਜਾ ਰਹੇ ਬਜਟ ਇਜਲਾਸ ਸਬੰਧੀ ਬਜਟ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਵਿਚਾਰਨ ਉਪਰੰਤ ਅੰਤ੍ਰਿੰਗ ਕਮੇਟੀ ਵੱਲੋਂ ਜਨਰਲ ਹਾਊਸ ਨੂੰ ਭੇਜ ਦਿੱਤਾ ਗਿਆ ਹੈ। ਬਜਟ ਸਬੰਧੀ ਹਾਊਸ ਸੱਦਣ ਦੀ ਤਾਰੀਖ ਦਾ ਵੀ ਜਲਦੀ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਹਿਬ-ਏ-ਕਮਾਲ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ੩੫੦ ਸਾਲਾ ਪ੍ਰਕਾਸ਼ ਪੁਰਬ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਆਯੋਜਿਤ ਕੀਤੇ ਗਏ ਸਮਾਗਮਾਂ ਦੇ ਪ੍ਰਬੰਧਾਂ ਲਈ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਅਤੇ ਸਮੁੱਚੀ ਬਿਹਾਰ ਸਰਕਾਰ ਦੀਆਂ ਵਡਮੁੱਲੀਆਂ ਸੇਵਾਵਾਂ ਲਈ ਸ਼ਲਾਘਾ ਮਤਾ ਪਾਸ ਕੀਤਾ ਗਿਆ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਵੀ ਕਰੇਗੀ।
ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਵਿਖੇ ਜਾਣ ਵਾਲੇ ਸਿੱਖ ਆਗੂਆਂ ਦੀ ਪੜਤਾਲ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਹੋਏ ਆਦੇਸ਼ਾਂ ਅਨੁਸਾਰ ਬਣਾਈ ਗਈ ਕਮੇਟੀ ਵੱਲੋਂ ਸਮਾਂ ਵਧਾਉਣ ਦੀ ਕੀਤੀ ਮੰਗ ਨੂੰ ਵਿਚਾਰਨ ਉਪਰੰਤ ੭ ਮਾਰਚ ਤੀਕ ਦਾ ਸਮਾਂ ਦੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਵੱਖ-ਵੱਖ ਤਿੰਨ ਪ੍ਰਿੰਟਿੰਗ ਪ੍ਰੈਸਾਂ ਨੂੰ ਇੱਕਠਾ ਕਰਨ ਲਈ ਸਬ-ਕਮੇਟੀ ਰਾਹੀਂ ਮੁਕੰਮਲ ਰਿਪੋਰਟ ਪ੍ਰਾਪਤ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਅੰਤਰਰਾਸ਼ਟਰੀ ਪੱਧਰ ‘ਤੇ ਨਾਮਣਾ ਖੱਟਣ ਵਾਲੇ ਦੋ ਸਿੱਖਾਂ ਨੂੰ ਹਰ ਸਾਲ ਸਨਮਾਨਿਤ ਕੀਤਾ ਜਾਵੇਗਾ, ਜਿਸ ਲਈ ਇਕ ਸਬ-ਕਮੇਟੀ ਬਣਾਈ ਗਈ ਹੈ। ਇਸੇ ਤਰ੍ਹਾਂ ਹੀ ਹਰ ਸਾਲ ਦੋ ਸਿੱਖ ਬੁੱਧੀਜੀਵੀਆਂ ਨੂੰ ਵੀ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਤਰਜੀਹਾਂ ਦੀ ਗੱਲ ਕਰਦਿਆਂ ਦੱਸਿਆ ਕਿ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੇ ਕੰਮਕਾਰ ਨੂੰ ਹੋਰ ਚੁਸਤ-ਦਰੁੱਸਤ ਬਣਾਉਣ ਲਈ ਵੀ ਇਕ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ। ਪ੍ਰੋ:ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਟਿਊਟ, ਬਹਾਦਰਗੜ੍ਹ ਪਟਿਆਲਾ ਵਿਖੇ ਸ਼ੁਰੂ ਕੀਤੇ ਗਏ ‘ਗੁਰਮਤਿ ਸਿਖਲਾਈ ਕੇਂਦਰ’ ਵਿਚ ਸ਼੍ਰੋਮਣੀ ਗੁ:ਪ੍ਰ:ਕਮੇਟੀ ਦੇ ਮੁਲਾਜ਼ਮਾਂ ਲਈ ਰਿਫਰੈਸ਼ਰ ਕੋਰਸ ਚਲਾਇਆ ਗਿਆ ਹੈ। ਨਵੇਂ ਭਰਤੀ ਕੀਤੇ ਜਾਣ ਵਾਲੇ ਮੁਲਾਜ਼ਮਾਂ ਨੂੰ ਡਿਊਟੀ ਸੰਭਾਲਣ ਤੋਂ ਪਹਿਲਾਂ ਇਸ ਸਿਖਲਾਈ ਕੇਂਦਰ ਵਿਚ ਇੱਕ ਮਹੀਨੇ ਦੀ ਟ੍ਰੇਨਿੰਗ ਲਾਜ਼ਮੀ ਹੋਵੇਗੀ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਅਦਾਰਿਆਂ ਦੇ ਕੰਮਕਾਰ ਨੂੰ ਮੁਕੰਮਲ ਰੂਪ ਵਿਚ ਉੱਤਮ ਅਤੇ ਅਗਾਂਹਵਧੂ ਬਣਾਉਣ ਲਈ ਉਚੇਚਾ ਧਿਆਨ ਦਿੱਤਾ ਜਾਵੇਗਾ। ਇਸ ਤਹਿਤ ਵੱਖ-ਵੱਖ ਅਦਾਰਿਆਂ ਦੇ ਟਰੱਸਟਾਂ ਅਤੇ ਕਮੇਟੀਆਂ ਦਾ ਮੁਲਾਂਕਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਧਰਮ ਪ੍ਰਚਾਰ ਲਈ ਇਕ ਵਿਸ਼ੇਸ਼ ਸੈਂਟਰ ਖੋਲ੍ਹਿਆ ਜਾਵੇਗਾ। ਜਿਸ ਵਿਚ ਉੱਚ ਕੋਟੀ ਦੇ ਪ੍ਰਚਾਰਕ, ਢਾਡੀ ਅਤੇ ਕਵੀਸ਼ਰ ਜਥੇ ਧਰਮ ਪ੍ਰਚਾਰ ਲਈ ਕਾਰਜਸ਼ੀਲ ਹੋਣਗੇ। ਪ੍ਰੋ: ਬਡੂੰਗਰ ਨੇ ਦੱਸਿਆ ਕਿ ੧੯੮੪ ਦੇ ਪੀੜਤਾਂ ਨੂੰ ਸਹਾਇਤਾ ਸਬੰਧੀ ਪੁੱਜੀਆਂ ਦਰਖਾਸਤਾਂ ਨੂੰ ਵਿਚਾਰਨ ਉਪਰੰਤ ਇਕ ਸਬ-ਕਮੇਟੀ ਗਠਿਤ ਕੀਤੀ ਗਈ ਹੈ ਜੋ ਸਹਾਇਤਾ ਸਬੰਧੀ ਆਪਣੀ ਰਿਪੋਰਟ ਪੇਸ਼ ਕਰੇਗੀ।
ਇਸ ਮੌਕੇ ਸ. ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ, ਬਾਬਾ ਬੂਟਾ ਸਿੰਘ ਜੂਨੀਅਰ ਮੀਤ ਪ੍ਰਧਾਨ, ਸ. ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ ਅੰਮ੍ਰਿਤਸਰ, ਸ: ਜੈਪਾਲ ਸਿੰਘ ਮੰਡੀਆਂ, ਸ: ਨਿਰਮਲ ਸਿੰਘ ਹਰਿਆਓ, ਸ: ਕੁਲਵੰਤ ਸਿੰਘ ਮੰਨਣ, ਸ: ਬਲਵਿੰਦਰ ਸਿੰਘ ਵੇਈਂਪੂਈ, ਸ: ਗੁਰਮੇਲ ਸਿੰਘ ਸੰਗਤਪੁਰਾ, ਬੀਬੀ ਜੋਗਿੰਦਰ ਕੌਰ ਬਠਿੰਡਾ, ਸ: ਸੁਰਜੀਤ ਸਿੰਘ ਭਿੱਟੇਵੱਡ ਤੇ ਸ: ਸੁਰਜੀਤ ਸਿੰਘ ਕਾਲਾਬੂਲਾ, ਧਰਮ ਪ੍ਰਚਾਰ ਕਮੇਟੀ ਮੈਂਬਰ ਸ. ਅਵਤਾਰ ਸਿੰਘ ਵਣਵਾਲਾ, ਸ. ਹਰਚਰਨ ਸਿੰਘ ਮੁੱਖ ਸਕੱਤਰ, ਸ. ਅਵਤਾਰ ਸਿੰਘ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਸ. ਕੇਵਲ ਸਿੰਘ, ਸ. ਰਣਜੀਤ ਸਿੰਘ ਤੇ ਸ. ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ, ਸ. ਸਿਮਰਜੀਤ ਸਿੰਘ, ਸ. ਜਗਜੀਤ ਸਿੰਘ ਤੇ ਸ. ਸਕੱਤਰ ਸਿੰਘ ਮੀਤ ਸਕੱਤਰ, ਸ. ਸੁਖਮਿੰਦਰ ਸਿੰਘ ਐਕਸੀਅਨ, ਸ. ਕਰਮਬੀਰ ਸਿੰਘ, ਸ. ਬਲਕਾਰ ਸਿੰਘ ਜੌੜਾ, ਸ. ਪਰਮਦੀਪ ਸਿੰਘ, ਸ. ਗੁਰਦਿਆਲ ਸਿੰਘ, ਸ. ਗੁਰਚਰਨ ਸਿੰਘ ਤੇ ਸ. ਮਨਿੰਦਰ ਮੋਹਨ ਸਿੰਘ ਇੰਚਾਰਜ, ਸ. ਨੱਥਾ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਸ. ਬਲਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਜੋਤੀ ਸਰੂਪ ਅਤੇ ਹੋਰ ਹਾਜ਼ਰ ਸਨ।