ਸਿੱਖ ਇਤਿਹਾਸ ਰਿਸਰਚ ਬੋਰਡ ਵਲੋਂ ਪੁਰਾਤਨ ਪੁਸਤਕਾਂ ਪੁਨਰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ– ਪ੍ਰੋ: ਬਡੂੰਗਰ

ਸ਼੍ਰੋਮਣੀ ਕਮੇਟੀ ਇਕ ਵਿਸ਼ੇਸ਼ ਵਫਦ ਅੰਡੇਮਾਨ ਨਿਕੋਬਾਰ ਭੇਜੇਗੀ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀਆਂ ਹੋਈਆਂ ਮੀਟਿੰਗਾਂ

ਲੁਧਿਆਣਾ, ੨੪ ਅਪ੍ਰੈਲ ਅਪ੍ਰੈਲ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਰਹਿੰਦ ਫ਼ਤਿਹ ਦਿਵਸ ੧੨ ਤੋਂ ੧੪ ਮਈ ਤੀਕ ਵਿਸ਼ਾਲ ਪੱਧਰ ‘ਤੇ ਮਨਾਏਗੀ। ਇਸ ਮੌਕੇ ਅੰਤਰਰਾਸ਼ਟਰੀ ਗੱਤਕਾ ਮੁਕਾਬਲੇ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਹੋਈ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਮੀਟਿੰਗ ਉਪਰੰਤ ਕੀਤਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਹਿੰਦ ਫ਼ਤਿਹ ਦਿਵਸ ਮੌਕੇ ਸਿੱਖ ਨੌਜੁਆਨਾਂ ਨੂੰ ਸ਼ਸਤਰ ਕਲਾ ਨਾਲ ਜੋੜਨ ਦੇ ਮਕਸਦ ਤਹਿਤ ਅੰਤਰਰਾਸ਼ਟਰੀ ਗੱਤਕਾ ਕੱਪ ਕਰਵਾਇਆ ਜਾਵੇਗਾ। ਇਸ ਸਬੰਧ ਵਿਚ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਵਿਚ ਗੰਭੀਰ ਵਿਚਾਰਾਂ ਕਰਨ ਉਪਰੰਤ ਅੱਵਲ ਆਉਣ ਵਾਲੀਆਂ ਟੀਮਾਂ ਨੂੰ ਵਿਸ਼ੇਸ਼ ਇਨਾਮ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲੜਕਿਆਂ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ ੧ ਲੱਖ ਰੁਪਏ, ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਨੂੰ ੭੫ ਹਜ਼ਾਰ ਰੁਪਏ ਅਤੇ ਤੀਜੇ ਸਥਾਨ ਵਾਲੀ ਟੀਮ ਨੂੰ ੫੦ ਹਜ਼ਾਰ ਰੁਪਏ ਇਨਾਮ ਵੱਜੋਂ ਦਿੱਤੇ ਜਾਣਗੇ। ਇਸੇ ਤਰ੍ਹਾਂ ਲੜਕੀਆਂ ਦੀਆਂ ਟੀਮਾਂ ਵਿਚੋਂ ਪਹਿਲਾ ਸਥਾਨ ਪਾਉਣ ਵਾਲੀ ਟੀਮ ਨੂੰ ੨੧ ਹਜ਼ਾਰ, ਦੂਜੇ ਸਥਾਨ ਵਾਲੀ ਟੀਮ ਨੂੰ ੧੫ ਹਜ਼ਾਰ ਅਤੇ ਤੀਜੇ ਸਥਾਨ ਵਾਲੀ ਟੀਮ ਨੂੰ ੧੧ ਹਜ਼ਾਰ ਰੁਪਏ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸਦੇ ਨਾਲ ਹੀ ਗੱਤਕਾ ਪ੍ਰਦਰਸ਼ਨੀ ਕਰਨ ਵਾਲੀਆਂ ਟੀਮਾਂ ਨੂੰ ਵੀ ਇਨਾਮ ਦਿੱਤੇ ਜਾਣਗੇ। ਪ੍ਰੋ: ਬਡੂੰਗਰ ਨੇ ਅੱਗੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੇ ਮਹਾਨ ਵਿਦਵਾਨ ਤੇ ਪ੍ਰਸਿੱਧ ਧਾਰਮਿਕ ਸ਼ਖਸੀਅਤ ਅਕਾਲੀ ਕੌਰ ਸਿੰਘ ਦੀ ਯਾਦ ਵਿਚ ਜੰਮੂ ਕਸ਼ਮੀਰ ਵਿਖੇ ਇਕ ਵਿਸ਼ੇਸ਼ ਯਾਦਗਾਰ ਵੀ ਤਿਆਰ ਕਰੇਗੀ। ਉਨ੍ਹਾਂ ਕਿਹਾ ਕਿ ਅੰਡੇਮਾਨ ਨਿਕੋਬਾਰ ਸੈਲੂਲਰ ਜੇਲ੍ਹ ਦੇ ਮਿਊਜ਼ੀਅਮ ਵਿਚੋਂ ਸਿੱਖਾਂ ਦੇ ਇਤਿਹਾਸ ਨੂੰ ਮਨਫੀ ਕਰਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਇਕ ਵਿਸ਼ੇਸ਼ ਵਫਦ ਅੰਡੇਮਾਨ ਨਿਕੋਬਾਰ ਭੇਜਣ ਦਾ ਫੈਸਲਾ ਕੀਤਾ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ ਤੇ ਸ. ਗੁਰਚਰਨ ਸਿੰਘ ਗਰੇਵਾਲ, ਐਡੀ: ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਜਗਤਾਰ ਸਿੰਘ ਪੱਤਰਕਾਰ, ਸ. ਗੁਰਦਰਸ਼ਨ ਸਿੰਘ ਬਾਹੀਆ, ਡਾ. ਪਰਮਵੀਰ ਸਿੰਘ, ਡਾ. ਧਰਮਿੰਦਰ ਸਿੰਘ ਉੱਭਾ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਸੈਲੂਲਰ ਜੇਲ੍ਹ ਦਾ ਦੌਰਾ ਕਰੇਗੀ ਅਤੇ ਉਥੋਂ ਦੇ ਅਜਾਇਬ ਘਰ ਅਤੇ ‘ਲਾਈਟ ਐਂਡ ਸਾਊਂਡ’ ਪ੍ਰੋਗਰਾਮ ਦਾ ਅਧਿਐਨ ਕਰ ਕੇ ਇਹਨਾਂ ਵਿਚ ਸਿੱਖਾਂ ਦੀਆਂ ਕੁਰਬਾਨੀਆਂ ਨੂੰ ਢੁੱਕਵੀਂ ਥਾਂ ਦਿਵਾਉਣ ਲਈ ਤਜਵੀਜ਼ ਤਿਆਰ ਕਰੇਗੀ। ਇਸ ਤਜਵੀਜ਼ ਦੇ ਅਧਾਰ ਉੱਤੇ ਸ਼੍ਰੋਮਣੀ ਕਮੇਟੀ ਵੱਲੋਂ ਮਾਮਲਾ ਕੇਂਦਰ ਸਰਕਾਰ ਪਾਸ ਉਠਾਇਆ ਜਾਵੇਗਾ।
ਮੀਟਿੰਗ ਵਿਚ ਲਏ ਗਏ ਹੋਰ ਫੈਸਲਿਆਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਗੂੰਗੇ ਬੋਲੇ ਬੱਚਿਆਂ ਲਈ ਚੱਲ ਰਹੇ ਭਾਈ ਨਗਾਹੀਆ ਸਿੰਘ ਜੀ ਖਾਲਸਾ ਪਬਲਿਕ ਸਕੂਲ ਨੂੰ ੪੨ ਸੀਟਾਂ ਵਾਲੀ ਇੱਕ ਬੱਸ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਰਿਪੁਦਮਨ ਕਾਲਜ, ਨਾਭਾ ਦੇ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ ੨ ਲੱਖ ਰੁਪਏ ਦੀ ਸਹਾਇਤਾ ਨੂੰ ਪ੍ਰਵਾਨਗੀ ਦਿੱਤੀ ਗਈ। ਗੁਰਦੁਆਰਾ ਚਾਚਾ ਫੱਗੂਮੱਲ, ਸਾਸਾਰਾਮ (ਬਿਹਾਰ) ਨੂੰ ੨ ਲੱਖ ੫੧ ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ।
ਸਿੱਖ ਇਤਿਹਾਸ ਰੀਸਰਚ ਬੋਰਡ ਦੀ ਮੀਟਿੰਗ ਵਿਚ ਲਏ ਗਏ ਫੈਸਲਿਆਂ ਸਬੰਧੀ ਪ੍ਰੋ:ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਸਿੱਖ ਰੈਫਰੈਂਸ ਲਾਇਬ੍ਰੇਰੀ ਸ੍ਰੀ ਅੰਮ੍ਰਿਤਸਰ ਵਿਚ ਸੁਰੱਖਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੱਥ ਲਿਖਤ ਬੀੜਾਂ ਦਾ ਵਿਸਥਾਰਤ ਕੈਟਾਲਾਗ ਬਣਾਉਣ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਲਾਇਬ੍ਰੇਰੀ ਵਿਖੇ ੪੫੦ ਤੋਂ ਜ਼ਿਆਦਾ ਹੱਥ ਲਿਖਤ ਬੀੜਾਂ ਸਾਂਭੀਆਂ ਹੋਈਆਂ ਹਨ, ਜਿਨ੍ਹਾਂ ਵਿਚੋਂ ਬਹੁਤ ਸਾਰੀਆਂ ਇਤਿਹਾਸਕ ਮਹੱਤਤਾ ਵਾਲੀਆਂ ਹਨ। ਪ੍ਰੋ: ਬਡੂੰਗਰ ਨੇ ਇਹ ਵੀ ਦੱਸਿਆ ਕਿ ਸਿੱਖ ਰਹਿਤ ਮਰਯਾਦਾ ਦੇ ਖਰੜੇ ਨੂੰ ਤਿਆਰ ਕਰਨ ਵਾਲੇ ਸਿੱਖ ਵਿਦਵਾਨਾਂ ਸਬੰਧੀ ਮੁੱਢਲੀ ਜਾਣਕਾਰੀ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਉਭਾਰਨ ਲਈ ਇਕ ਵਿਸ਼ੇਸ਼ ਪੁਸਤਕ ਵੀ ਤਿਆਰ ਕੀਤੀ ਜਾਵੇਗੀ। ਇਸਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਸੰਦਰਭ ਕੋਸ਼ ਤਿਆਰ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਅਵਤਾਰ ਸਿੰਘ ਵਣਵਾਲਾ, ਸ. ਪ੍ਰਿਤਪਾਲ ਸਿੰਘ, ਸ. ਅਜਾਇਬ ਸਿੰਘ ਅਭਿਆਸੀ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਮਨਜੀਤ ਸਿੰਘ ਬੱਪੀਆਣਾ, ਸ. ਸੁਖਵਰਸ਼ ਸਿੰਘ ਤੇ ਸ. ਤਜਿੰਦਰ ਸਿੰਘ, ਮੈਂਬਰ ਸ਼੍ਰੋਮਣੀ ਕਮੇਟੀ ਸ. ਹਰਪਾਲ ਸਿੰਘ ਜੱਲਾ, ਸਿੱਖ ਇਤਿਹਾਸ ਰੀਸਰਚ ਬੋਰਡ ਦੇ ਮੈਂਬਰ ਡਾ. ਬਲਵੰਤ ਸਿੰਘ ਢਿੱਲੋ, ਡਾ. ਪਰਮਵੀਰ ਸਿੰਘ, ਪ੍ਰੋ: ਪ੍ਰਭਜੋਤ ਕੌਰ ਤੇ ਸ. ਹਰਵਿੰਦਰ ਸਿੰਘ ਖਾਲਸਾ, ਪ੍ਰਿੰ: ਜਗਰੂਪ ਸਿੰਘ ਸਿੱਧੂ, ਡਾ. ਗੁਰਨੈਬ ਸਿੰਘ, ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ, ਐਡੀ: ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਡਾ. ਪਰਮਜੀਤ ਸਿੰਘ ਸਰੋਆ ਤੇ ਸ. ਬਲਵਿੰਦਰ ਸਿੰਘ ਜੌੜਾ ਸਿੰਘਾ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਸ. ਚਰਨ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ, ਸ. ਭਗਵੰਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਆਦਿ ਹਾਜ਼ਰ ਸਨ।