ਅੰਮ੍ਰਿਤਸਰ, ੧੨ ਸਤੰਬਰ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸ. ਸੁਖਬੀਰ ਸਿੰਘ ਸੁਲਤਾਨਵਿੰਡ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘਾ ਅਫਸੋਸ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸ. ਸੁਖਬੀਰ ਸਿੰਘ ਨੇ ਲਗਭਗ ੧੭ ਸਾਲ ਬਤੌਰ ਮੈਂਬਰ ਸ਼੍ਰੋਮਣੀ ਕਮੇਟੀ ਵਡਮੁੱਲੀਆਂ ਸੇਵਾਵਾਂ ਨਿਭਾਈਆਂ, ਜਿਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇੱਕ ਸੰਗਤੀ ਅਦਾਰਾ ਹੈ ਜਿਥੇ ਸੰਗਤ ਦੀ ਸੇਵਾ ਕਰਨ ਦਾ ਮੌਕਾ ਵੀ ਚੰਗੇ ਭਾਗਾਂ ਨਾਲ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸ. ਸੁਖਬੀਰ ਸਿੰਘ ਇਕ ਨੇਕ ਸ਼ਖਸੀਅਤ ਸਨ ਜੋ ਗੁਰੂ ਦੀ ਭੈ ਭਾਵਨੀ ਵਿਚ ਸਮਾਜ ਸੇਵਾ ਦੇ ਕਾਰਜਾਂ ਲਈ ਅੱਗੇ ਹੋ ਕੇ ਯੋਗਦਾਨ ਪਾਉਂਦੇ ਰਹੇ। ਪ੍ਰੋ: ਬਡੂੰਗਰ ਨੇ ਕਿਹਾ ਕਿ ਕੁਦਰਤ ਦੇ ਅਟੱਲ ਵਰਤਾਰੇ ਅਨੁਸਾਰ ਦੁਨੀਆਂ ‘ਤੇ ਆਉਣ ਵਾਲੇ ਹਰ ਜੀਵ ਨੇ ਇੱਕ ਦਿਨ ਆਪਣਾ ਸਰੀਰ ਛੱਡ ਜਾਣਾ ਹੁੰਦਾ ਹੈ। ਕਰਤਾਰ ਦੇ ਭਾਣੇ ਵਿਚ ਰਹਿਣਾ ਹੀ ਗੁਰਸਿੱਖਾਂ ਦਾ ਧਰਮ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੇਰੀ ਪਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਵੀ ਅਫਸੋਸ ਜ਼ਾਹਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।