ਸਿੱਖ ਕੌਮ ਦਾ ਸਮੁੱਚਾ ਇਤਿਹਾਸ ਹੀ ਕੁਰਬਾਨੀਆਂ ਦੀ ਵਿਲੱਖਣ ਗਾਥਾ ਹੈ–ਗਿਆਨੀ ਹਰਪ੍ਰੀਤ ਸਿੰਘ
ਸਾਰਾਗੜ੍ਹੀ ਜੰਗ ਦੇ ਮਹਾਨ ਸ਼ਹੀਦ ਸਿੱਖ ਕੌਮ ਦੇ ਮਹਾਨਾਇਕ -ਭਾਈ ਚਾਵਲਾ


ਫ਼ਿਰੋਜ਼ਪੁਰ, ੧੨ ਸਤੰਬਰ- ਸਾਰਗੜ੍ਹੀ ਜੰਗ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਨਾਲ ਸੰਬੰਧਤ ਇਤਿਹਾਸਕ ਗੁਰਦੁਆਰਾ ਗੁਰੂਸਰ ਜਾਮਨੀ ਸਾਹਿਬ ਬਜੀਦਪੁਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਰਾਇ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ, ਉਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਕੀਤੀ।
ਸਮਾਗਮ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਾਂ ਦਾ ਸਮੁੱਚਾ ਇਤਿਹਾਸ ਕੁਰਬਾਨੀਆਂ ਦੀ ਵਿਲੱਖਣ ਗਾਥਾ ਹੈ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਜੰਗ ਦੇ ੨੧ ਸਿੱਖ ਫ਼ੌਜੀਆਂ ਵੱਲੋਂ ਹਜ਼ਾਰਾਂ ਦੀ ਗਿਣਤੀ ਵਿਚ ਦੁਸ਼ਮਣਾਂ ਦਾ ਦਲ੍ਹੇਰੀ ਨਾਲ ਮੁਕਾਬਲਾ ਕਰਕੇ ਆਪਣੇ ਇਤਿਹਾਸ ਨੂੰ ਇਕ ਵਾਰ ਫਿਰ ਦੁਹਰਾ ਕੇ ਦਰਸਾ ਦਿੱਤਾ ਕਿ ਸਿੱਖ ਮੈਦਾਨੇ ਜੰਗ ਵਿੱਚੋਂ ਕਦੀ ਵੀ ਪਿੱਛੇ ਨਹੀਂ ਹਟਦੇ। ਉਨ੍ਹਾਂ ਆਖਿਆ ਕਿ ਆਪਣੇ ਇਸ ਸ਼ਾਨਾਮੱਤੇ ਇਤਿਹਾਸ ਨੂੰ ਨੌਜੁਆਨ ਪੀੜ੍ਹੀ ਤਕ ਲੈ ਕੇ ਜਾਣਾ ਸਮੇਂ ਦੀ ਮੁੱਖ ਲੋੜ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਸਾਰਾਗੜ੍ਹੀ ਜੰਗ ਦੇ ਸ਼ਹੀਦ ਸਿੱਖ ਫ਼ੌਜੀਆਂ ਦੀ ਯਾਦ ਵਿਚ ਕਰਵਾਏ ਗਏ ਸਮਾਗਮ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਨੌਜੁਆਨ ਪੀੜ੍ਹੀ ਨੂੰ ਆਪਣੇ ਵਿਰਸੇ ਬਾਰੇ ਜ਼ਰੂਰ ਪ੍ਰੇਰਨਾ ਮਿਲੇਗੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਗੁਰੂ ਸਾਹਿਬਾਨ ਤੋਂ ਦਿੜ੍ਹ ਇਰਾਦੇ ਅਤੇ ਹਿੰਮਤ ਦੀ ਗੁੜ੍ਹਤੀ ਪ੍ਰਾਪਤ ਕਰਕੇ ਸਿੱਖਾਂ ਨੇ ਸਮੇਂ ਸਮੇਂ ‘ਤੇ ਹੱਕ, ਸੱਚ ਅਤੇ ਅਣਖ ਲਈ ਕਈ ਜੰਗਾਂ ਲੜ ਕੇ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਸਾਰਾਗੜ੍ਹੀ ਦੀ ਜੰਗ ਵੀ ਇਸੇ ਲੜੀ ਦਾ ਇਕ ਹਿੱਸਾ ਹੈ। ਭਾਈ ਚਾਵਲਾ ਨੇ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਭੁਲਾ ਦਿੰਦੀਆਂ ਹਨ ਉਹ ਦੁਨੀਆਂ ਦੇ ਨਕਸ਼ੇ ਤੋਂ ਸਦਾ ਲਈ ਮਿਟ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਦੇ ਮਹਾਨ ਸ਼ਹੀਦ ਸਿੱਖ ਕੌਮ ਦੇ ਮਹਾਨਾਇਕ ਹਨ ਜਿਨ੍ਹਾਂ ਦੀ ਵਿਲੱਖਣ ਗਾਥਾ ਨੂੰ ਨੌਜੁਆਨ ਪੀੜ੍ਹੀ ਤੱਕ ਲਿਜਾਣ ਲਈ ਸ਼੍ਰੋਮਣੀ ਕਮੇਟੀ ਹਰ ਸੰਭਵ ਯਤਨ ਕਰੇਗੀ। ਉਨ੍ਹਾਂ ਇਹ ਵੀ ਕਿਹਾ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਸਾਰਾਗੜ੍ਹੀ ਨਿਵਾਸ ਵਿਖੇ ਬਣਾਈ ਗਈ ਇਕ ਵਿਸ਼ੇਸ਼ ਗੈਲਰੀ ਦਾ ਉਦਾਘਟਨ ਲੰਘੀ ੧੦ ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਕੀਤਾ ਗਿਆ ਹੈ ਅਤੇ ਅਜਿਹੇ ਯਤਨ ਲਗਾਤਾਰ ਜਾਰੀ ਰਹਿਣਗੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਕੌਮ ਨੂੰ ਕੁਰਬਾਨੀ ਦਾ ਜ਼ਜਬਾ ਆਪਣੀ ਵਿਰਾਸਤ ਵਿੱਚੋਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਗੱਲ ਦੀ ਵੱਡੀ ਲੋੜ ਹੈ ਕਿ ਕੌਮ ਦੇ ਨੌਜੁਆਨਾਂ ਅਤੇ ਬੱਚਿਆਂ ਨੂੰ ਆਪਣੇ ਮਹਾਨ ਸ਼ਹੀਦਾਂ ਦੇ ਇਤਿਹਾਸ ਨਾਲ ਜੋੜਿਆ ਜਾਵੇ, ਇਸ ਕਾਰਜ ਲਈ ਸਿੱਖ ਸੰਸਥਾਵਾਂ ਅਤੇ ਮਾਪਿਆਂ ਨੂੰ ਰਲ ਕੇ ਯਤਨ ਕਰਨੇ ਹੋਣਗੇ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਪ੍ਰਸੰਸਾਂ ਕਰਦਿਆਂ ਕਿਹਾ ਕਿ ਇਸ ਮਾਣਮੱਤੀ ਸਿੱਖ ਸੰਸਥਾ ਨੇ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਹਮੇਸ਼ਾਂ ਮੋਹਰੀ ਭੂਮਿਕਾ ਨਿਭਾਈ ਹੈ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਜਿਥੇ ਸਟੇਜ ਸੰਚਾਲਨ ਦੀ ਸੇਵਾ ਨਿਭਾਈ, ਉਥੇ ਹੀ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਖੇਤਰ ਵਿਚ ਕੀਤੇ ਜਾ ਰਹੇ ਜ਼ਿਕਰਯੋਗ ਕਾਰਜਾਂ ਸਬੰਧੀ ਸੰਗਤਾਂ ਨੂੰ ਜਾਣੂ ਵੀ ਕਰਵਾਇਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਅੰਤ੍ਰਿੰਗ ਮੈਂਬਰ ਸ. ਸਤਪਾਲ ਸਿੰਘ ਤਲਵੰਡੀ, ਬੀਬੀ ਜੋਗਿੰਦਰ ਕੌਰ ਬਠਿੰਡਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਦਰਸ਼ਨ ਸਿੰਘ ਸ਼ੇਰਖਾਂ, ਸ. ਪ੍ਰੀਤਮ ਸਿੰਘ ਮਲਸੀਆਂ, ਸ. ਗੁਰਮੀਤ ਸਿੰਘ ਬੂਹ, ਸ. ਦਰਸ਼ਨ ਸਿੰਘ ਮੋਠਾਂਵਾਲਾ, ਸ. ਲਖਬੀਰ ਸਿੰਘ ਰਾਈਆਂ ਵਾਲਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ. ਸੁਖਹਰਪ੍ਰੀਤ ਸਿੰਘ ਰੋਡੇ, ਬੀਬੀ ਕਿਰਨਬੀਰ ਕੌਰ, ਸ. ਗੁਰਵਿੰਦਰ ਸਿੰਘ ਭੰਬਾ ਲੰਡਾ, ਬੀਬੀ ਜਸਵਿੰਦਰ ਕੌਰ ਜੀਰਾ, ਅਕਾਲੀ ਆਗੂ ਸ. ਜਨਮੇਜਾ ਸਿੰਘ ਸੇਖੋਂ, ਸ. ਹਰੀ ਸਿੰਘ ਜੀਰਾ, ਸ. ਜੋਗਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਸ. ਕੇਵਲ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਕੁਲਵੰਤ ਸਿੰਘ ਮੈਨੇਜਰ ਗੁਰਦੁਆਰਾ ਜ਼ਾਮਨੀ ਸਾਹਿਬ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।