https://youtu.be/qNmvCs7sBtg

ਸਾਹਿਬਜ਼ਾਦਿਆਂ ਦੀ ਸ਼ਹਾਦਤ ਹੱਕ, ਸੱਚ ਅਤੇ ਧਰਮ ਦੀ ਰੱਖਵਾਲੀ ਲਈ ਉੱਘੜਵੀਂ ਮਿਸਾਲ -ਗਿਆਨੀ ਗੁਰਬਚਨ ਸਿੰਘ ਦਸਵੇਂ ਪਾਤਸ਼ਾਹ ਦੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਬਾਣੀ ਜਾਪ ਸਮਾਗਮ ਸਮਾਗਮ ਦੌਰਾਨ ਗਿਆਨੀ ਜਗਤਾਰ ਸਿੰਘ ਤੇ ਡਾ. ਰੂਪ ਸਿੰਘ ਨੇ ਵੀ ਕੀਤਾ ਸੰਬੋਧਨ

ਅੰਮ੍ਰਿਤਸਰ, 22 ਦਸੰਬਰ ( ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਗੁਰਬਾਣੀ ਜਾਪ ਦਿਵਸ ਵਜੋਂ ਮਨਾਉਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤੀ ਰੂਪ ਵਿਚ ਜਪੁਜੀ ਸਾਹਿਬ ਦੇ ਜਾਪ ਮਗਰੋਂ ਅਰਦਾਸ ਭਾਈ ਸੁਲਤਾਨ ਸਿੰਘ ਵੱਲੋਂ ਕੀਤੀ ਗਈ। ਇਸ ਤੋਂ ਪਹਿਲਾਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਭਾਈ ਸਾਹਿਬ ਸਿੰਘ ਦੇ ਰਾਗੀ ਜੱਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਨੂੰ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਦੁਨੀਆਂ ਨਾਲੋਂ ਵੱਖਰਾ ਅਤੇ ਨਿਵੇਕਲਾ ਹੈ ਜਿਸਦੇ ਕੁਝ ਪੰਨੇ ਦਸਵੇਂ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਜੁੜਦੇ ਹਨ। ਉਨ੍ਹਾਂ ਕਿਹਾ ਕਿ ਚਮਕੌਰ ਦੇ ਅਸਾਵੇਂ ਯੁੱਧ ਅੰਦਰ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਸਮੇਤ ਗੁਰੂ ਦੇ ਪਿਆਰੇ ਸਿੱਖਾਂ ਦੀਆਂ ਸ਼ਹਾਦਤਾਂ ਹੱਕ, ਸੱਚ ਅਤੇ ਧਰਮ ਦੀ ਰੱਖਵਾਲੀ ਲਈ ਉੱਘੜਵੀਂ ਮਿਸਾਲ ਹਨ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਕੌਮ ਲਈ ਪ੍ਰੇਰਣਾ ਸਰੋਤ ਹਨ ਅਤੇ ਸਾਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਕਾ ਸ੍ਰੀ ਚਮਕੌਰ ਸਾਹਿਬ ਹਿੰਮਤ, ਦਲੇਰੀ ਅਤੇ ਦ੍ਰਿੜ੍ਹਤਾ ਦੀ ਦਾਸਤਾਨ ਹੈ ਅਤੇ ਇਸ ਜੰਗ ਵਿਚ ਗੁਰੂ ਦੇ 40 ਸਿੰਘਾਂ ਨੇ ਦਸ ਲੱਖ ਮੁਗ਼ਲਾਂ ਦਾ ਮੁਕਾਬਲਾ ਕਰਦਿਆਂ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਦੀ ਜੰਗ ਦਾ ਦੁਨੀਆਂ ਦੇ ਇਤਿਹਾਸ ਵਿਚ ਹੋਰ ਕੋਈ ਮੁਕਾਬਲਾ ਨਹੀਂ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸਿੱਖ ਇਤਿਹਾਸ ਅੰਦਰ ਸ਼ਹੀਦੀ ਹਫਤੇ ਦਾ ਵਿਸ਼ੇਸ਼ ਮਹੱਤਵ ਹੈ। ਬੇਸ਼ੱਕ ਇਹ ਸਿੱਖ ਕੌਮ ਲਈ ਬੇਹੱਦ ਕਠਿਨਾਈਆਂ ਭਰਪੂਰ ਸਮਾਂ ਸੀ, ਪਰ ਫਿਰ ਵੀ ਗੁਰੂ ਦਾ ਖਾਲਸਾ ਇਨ੍ਹਾਂ ਹਾਲਾਤਾਂ ਵਿਚੋਂ ਵੀ ਸੁਰਖਰੂ ਹੋ ਕੇ ਨਿਕਲਿਆ। ਉਨ੍ਹਾਂ ਕਿਹਾ ਕਿ ਸ਼ਹੀਦੀ ਹਫਤਾ ਕੌਮ ਲਈ ਸਵੈ ਮੰਥਨ ਕਰਨ ਦਾ ਸਮਾਂ ਹੈ ਅਤੇ ਸਾਨੂੰ ਇਸ ਸਮੇਂ ਆਪਣੇ ਬੱਚਿਆਂ ਨੂੰ ਗੁਰ ਇਤਿਹਾਸ ਦੇ ਸਨਮੁਖ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਇਸ ਉਪਰੰਤ ਸਜੇ ਦੀਵਾਨ ਵਿਚ ਸਿੱਖ ਕੌਮ ਦੇ ਪ੍ਰਸਿੱਧ ਢਾਡੀ, ਕਵੀਸ਼ਰ ਜੱਥਿਆਂ ਅਤੇ ਪ੍ਰਚਾਰਕਾਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾ ਸਿੰਘਾ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਸ. ਬਿਜੈ ਸਿੰਘ, ਸ. ਜਗਜੀਤ ਸਿੰਘ ਜੱਗੀ ਨਿੱਜੀ ਸਹਾਇਕ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਮੀਤ ਸਿੰਘ ਬੁੱਟਰ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਤਜਿੰਦਰ ਸਿੰਘ ਪੱਡਾ ਤੇ ਸ. ਮਹਿੰਦਰ ਸਿੰਘ ਮੀਤ ਸਕੱਤਰ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ, ਵੱਖ-ਵੱਖ ਸਕੂਲਾਂ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।