ਅੰਮ੍ਰਿਤਸਰ 28 ਜੁਲਾਈ () ਪੰਥ ਦੀ ਬੇਦਾਗ ਸਖਸ਼ੀਅਤ, ਨਿਮਰਤਾ ਦੇ ਪੁੰਜ, ਨਿੱਘੇ ਮਿਲਾਪੜੇ ਸੁਭਾਅ ਦੇ ਮਾਲਕ, ਗੁਰਬਾਣੀ ਦੇ ਰਸੀਏ, ਸੱਚਖੰਡ ਵਾਸੀ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ, ਸਾਬਕਾ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੋ 31 ਜੁਲਾਈ 2013 ਨੂੰ ਗੁਰਪੁਰੀ ਪਿਆਨਾ ਕਰ ਗਏ ਸਨ, ਉਨ੍ਹਾਂ ਦੀ ਮਿੱਠੀ ਯਾਦ ਨੂੰ ਤਾਜ਼ਾ ਕਰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ 31 ਜੁਲਾਈ 2015 ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦਸਮੇਸ਼ ਦੀਵਾਨ ਹਾਲ ਵਿਖੇ ਅਰਦਾਸ ਸਮਾਗਮ ਹੋਵੇਗਾ।

ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇ ਦੱਸਿਆ ਕਿ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਦੀ ਨਿੱਘੀ ਯਾਦ ਨੂੰ ਤਾਜ਼ਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅਨੰਦਪੁਰ ਸਾਹਿਬ, ਉਨ੍ਹਾਂ ਦੇ ਪ੍ਰੀਵਾਰ ਅਤੇ ਸੰਗਤਾਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 31 ਜੁਲਾਈ 2015 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਪੈਣਗੇ। ਉਪਰੰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਸਮੇਸ਼ ਦੀਵਾਨ ਹਾਲ, ਸ੍ਰੀ ਅਨੰਦਪੁਰ ਸਾਹਿਬ ਵਿਖੇ 11:30 ਵਜੇ ਤੱਕ ਇਲਾਹੀ ਬਾਣੀ ਦਾ ਕੀਰਤਨ ਹੋਵੇਗਾ। ਉਪਰੰਤ ਪ੍ਰਮੁੱਖ ਸਖਸ਼ੀਅਤਾਂ ਜਿਸ ਵਿੱਚ ਸਿੰਘ ਸਾਹਿਬਾਨ, ਨਿਹੰਗ ਸਿੰਘ ਜਥੇਬੰਦੀਆਂ, ਸੰਤ ਸਮਾਜ, ਸਿੰਘ ਸਭਾਵਾਂ, ਟਕਸਾਲਾਂ ਤੇ ਹੋਰ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਜਥੇਬੰਦੀਆਂ ਉਚੇਚੇ ਤੌਰ ‘ਤੇ ਹਾਜ਼ਰੀਆਂ ਭਰਨਗੀਆਂ। ਉਪਰੰਤ ਦੁਪਹਿਰ 2 ਵਜੇ ਅਰਦਾਸ ਹੋਵੇਗੀ। ਸਿੰਘ ਸਾਹਿਬ ਨੇ ਸਮੂਹ ਸੰਗਤਾਂ ਨੂੰ ਹੁੰਮ-ਹੁੰਮਾ ਕੇ ਇਸ ਵਿਛੜੀ ਰੂਹ ਦੀ ਸਲਾਨਾ ਯਾਦ ਵਿੱਚ ਸ਼ਾਮਲ ਹੋਣ ਲਈ ਅਪੀਲ ਕੀਤੀ ਹੈ।