ਅੰਮ੍ਰਿਤਸਰ, ੨੧ ਅਪ੍ਰੈਲ– ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਦੇ ਮਾਤਾ ਅਮਰਜੀਤ ਕੌਰ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਤਾ ਅਮਰਜੀਤ ਕੌਰ ਵੱਲੋਂ ਦਿੱਤੇ ਗਏ ਗੁਰਸਿੱਖੀ ਵਾਲੇ ਸੰਸਕਾਰਾਂ ਕਰਕੇ ਹੀ ਗਿਆਨੀ ਮਾਨ ਸਿੰਘ ਸਿੱਖ ਕੌਮ ਦੇ ਸਤਿਕਾਰਤ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗ੍ਰੰਥੀ ਸਿੰਘ ਦੀਆਂ ਸੇਵਾਵਾਂ ਤਕ ਪਹੁੰਚੇ ਹਨ। ਉਨ੍ਹਾਂ ਮਾਤਾ ਅਮਰਜੀਤ ਕੌਰ ਦੇ ਅਕਾਲ ਚਲਾਣੇ ‘ਤੇ ਗਿਆਨੀ ਮਾਨ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਰਘਬੀਰ ਸਿੰਘ ਮੰਡ ਸਮੇਤ ਹੋਰ ਅਧਿਕਾਰੀਆਂ ਨੇ ਵੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨਾਲ ਦੁੱਖ ਸਾਂਝਾ ਕੀਤਾ ਹੈ।