ਮਾਮਲੇ ਸਬੰਧੀ ਤਿੰਨ ਮੈਂਬਰੀ ਵਫਦ ਜਾਵੇਗਾ ਸਿੱਕਮ

ਅੰਮ੍ਰਿਤਸਰ, ੨੧ ਅਗਸਤ- ਸਿੱਕਮ ਅੰਦਰ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਬਣੇ ਪੁਰਾਤਨ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਨੂੰ ਮੰਦਿਰ ਵਿਚ ਤਬਦੀਲ ਕਰਨ ਦੀਆਂ ਖਬਰਾਂ ਦਾ ਸਖਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਆਜ਼ਾਦ ਭਾਰਤ ਵਿਚ ਸਿੱਖ ਗੁਰਧਾਮਾਂ ਨਾਲ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਬੇਹੱਦ ਮੰਦਭਾਗਾ ਅਤੇ ਨਾ-ਕਾਬਲੇ ਬਰਦਾਸ਼ਤ ਹੈ। ਇਸ ਤੋਂ ਇਲਾਵਾ ਉਨ੍ਹਾਂ ਪਹਿਲੇ ਪਾਤਸ਼ਾਹ ਜੀ ਨਾਲ ਹੀ ਸਬੰਧਤ ਗੁਰਦੁਆਰਾ ਪੱਥਰ ਸਾਹਿਬ ਚੁੰਗਥਾਂਗ ਦੀ ਇਤਿਹਾਸਕਤਾ ਨੂੰ ਖਤਮ ਕਰਨ ਦੀ ਵੀ ਨਿੰਦਾ ਕੀਤੀ ਹੈ। ਪ੍ਰੋ: ਬਡੂੰਗਰ ਨੇ ਕਿਹਾ ਕਿ ਸਿੱਖ ਕੌਮ ਨੇ ਦੇਸ਼ ਦੀ ਆਜ਼ਾਦੀ ਲਈ ੮੦ ਫੀਸਦੀ ਤੋਂ ਜ਼ਿਆਦਾ ਕੁਰਬਾਨੀਆਂ ਦੇ ਕੇ ਇਤਿਹਾਸ ਸਿਰਜਿਆ ਹੈ ਪਰ ਦੁੱਖ ਦੀ ਗੱਲ ਹੈ ਕਿ ਸਿੱਖ ਕੌਮ ਨਾਲ ਬਾਰ-ਬਾਰ ਅਜਿਹਾ ਧੱਕਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਪ੍ਰੋ: ਬਡੂੰਗਰ ਨੇ ਕਿਹਾ ਕਿ ਅੱਜ ਵੀ ਦੇਸ਼ ਉਪਰ ਮੰਡਰਾ ਰਹੇ ਚੀਨ ਦੇ ਹਮਲੇ ਨੂੰ ਰੋਕਣ ਅਤੇ ਦੇਸ਼ ਦੀ ਰੱਖਿਆ ਲਈ ਬਾਰਡਰ ਉਪਰ ਸਿੱਖ ਫੌਜੀ ਆਪਣੀਆਂ ਛਾਤੀਆਂ ਡਾਹ ਕੇ ਬੈਠੇ ਹੋਏ ਹਨ ਜਦਕਿ ਦੂਸਰੇ ਪਾਸੇ ਭਾਰਤ ਅੰਦਰ ਹੀ ਸਿੱਖਾਂ ਦੇ ਗੁਰਧਾਮਾਂ ਦੀ ਹੋਂਦ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਅਤੇ ਗੁਰਦੁਆਰਾ ਪੱਥਰ ਸਾਹਿਬ ਚੁੰਗਥਾਂਗ ਵਿਖੇ ਸ਼੍ਰੋਮਣੀ ਕਮੇਟੀ ਦਾ ਇੱਕ ਵਫਦ ਜਾਵੇਗਾ, ਜਿਸ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਤੋਂ ਇਲਾਵਾ ਕਰਨਲ ਦਲਵਿੰਦਰ ਸਿੰਘ ਗਰੇਵਾਲ ਅਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਐਡੀਸ਼ਨਲ ਸਕੱਤਰ ਸ਼ਾਮਲ ਹਨ। ਪ੍ਰੋ: ਬਡੂੰਗਰ ਨੇ ਕਿਹਾ ਕਿ ਉਥੇ ਜਾ ਕੇ ਵਫਦ ਵੱਲੋਂ ਪੂਰੀ ਪੜਤਾਲ ਕਰਕੇ ਉਥੋਂ ਦੇ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਜਾਵੇਗੀ ਅਤੇ ਮੁਕੰਮਲ ਰਿਪੋਰਟ ਮਿਲਣ ਉਪਰੰਤ ਅਗਲੀ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਗੁਰਦੁਆਰਾ ਸਾਹਿਬਾਨ ਨੂੰ ਬਚਾਉਣ ਅਤੇ ਇਤਿਹਾਸਕ ਮਹੱਤਤਾ ਨੂੰ ਬਰਕਰਾਰ ਰੱਖਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਨੂੰਨੀ ਕਾਰਵਾਈ ਦਾ ਖਰਚਾ ਵੀ ਕਰੇਗੀ।