ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਅਤੇ ਗੁਰਦੁਆਰਾ ਛੋਟਾ ਘੱਲੂਘਾਰਾ ਵਿਖੇ ਵਾਪਰੀਆਂ ਘਟਨਾਵਾਂ ਦੀ ਕਰੜੀ ਨਿੰਦਾ

ਸ੍ਰੀ ਫਤਹਿਗੜ੍ਹ ਸਾਹਿਬ, 22 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਵਿਚਾਰ-ਵਟਾਂਦਰੇ ਤੋਂ ਬਾਅਦ ਜਿਥੇ ਸਿੱਕਮ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੀ ਹੋਂਦ ਖਤਮ ਕਰਨ ਦੇ ਕੋਝੇ ਯਤਨਾਂ ਸਬੰਧੀ ਨਿੰਦਾ ਮਤਾ ਪਾਸ ਕੀਤਾ, ਉਥੇ ਹੀ ਕਾਹਨੂੰਵਾਨ (ਗੁਰਦਾਸਪੁਰ) ਵਿਖੇ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਅੰਦਰ ਦਾਖਲ ਹੋ ਕੇ ਕਾਂਗਰਸੀ ਆਗੂਆਂ ਵੱਲੋਂ ਚੱਲ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੌਰਾਨ ਮਰਯਾਦਾ ਤੋੜਨ ਅਤੇ ਹੁੱਲੜਬਾਜ਼ੀ ਕਰਨ ਦੀ ਘੋਰ ਨਿੰਦਾ ਕੀਤੀ।
ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨਾਲ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਲੰਮੀਆਂ ਵਿਚਾਰਾਂ ਕਰਨ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਪਾਵਨ ਪਵਿੱਤਰ ਅਸਥਾਨ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਸਿੱਕਮ ਦੀ ਉਥੋਂ ਦੇ ਫਿਰਕੂ ਲੋਕਾਂ ਵੱਲੋਂ ਕੀਤੀ ਗਈ ਬੇਹੁਰਮਤੀ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਲਗਾਈ ਗਈ ਢਾਹ ਅਤੇ ਸਿੱਖ ਮਰਯਾਦਾ ਦੀ ਕੀਤੀ ਗਈ ਘੋਰ ਉਲੰਘਣਾ ਨਾ-ਕਾਬਲੇ ਬਰਦਾਸ਼ਤ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਇੱਕ ਉਚ ਪੱਧਰੀ ਵਫਦ ਭਾਰਤ ਦੇ ਰਾਸ਼ਟਰਪਤੀ ਅਤੇ ਪੰਜਾਬ ਦੇ ਗਵਰਨਰ ਨੂੰ ਮਿਲੇਗਾ। ਇਸ ਤੋਂ ਇਲਾਵਾ ਇਸ ਗੁਰਦੁਆਰਾ ਸਾਹਿਬ ਨਾਲ ਆਰਮੀ ਦਾ ਸਬੰਧ ਹੋਣ ਕਾਰਨ ਭਾਰਤ ਦੇ ਰੱਖਿਆ ਮੰਤਰੀ ਨੂੰ ਪੱਤਰ ਲਿਖਿਆ ਜਾਵੇਗਾ ਅਤੇ ਆਰਮੀ ਦੇ ਚੀਫ ਕਮਾਂਡਰ ਨਾਲ ਵੀ ਰਾਬਤਾ ਕਾਇਮ ਕੀਤਾ ਜਾਵੇਗਾ। ਉਨ੍ਹਾਂ ਸਿੱਕਮ ਦੇ ਪ੍ਰਸ਼ਾਸਨ ਨੂੰ ਸਖਤ ਸ਼ਬਦਾਂ ਵਿਚ ਕਿਹਾ ਕਿ ਉਥੇ ਵੱਸਦੇ ਘੱਟ ਗਿਣਤੀ ਸਿੱਖਾਂ ਦੇ ਧਰਮ ਅਸਥਾਨਾਂ ਦੀ ਮਾਣ ਮਰਯਾਦਾ ਤੇ ਸਤਿਕਾਰ ਬਹਾਲ ਕਰਨ ਲਈ ਤੁਰੰਤ ਕਦਮ ਚੁੱਕੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਲੋੜ ਪਈ ਤਾਂ ਸਿੱਕਮ ਦੀ ਹਾਈਕੋਰਟ ਵਿਚ ਕੇਸ ਕਰ ਕੇ ਨਿਆਂਪਾਲਿਕਾ ਪਾਸੋਂ ਇਨਸਾਫ ਦੀ ਮੰਗ ਕੀਤੀ ਜਾਵੇਗੀ।
ਪਿਛਲੇ ਦਿਨੀਂ ਕਾਹਨੂੰਵਾਨ ਵਿਖੇ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਦੀ ਕਮੇਟੀ ਦੇ ਇੱਕ ਮੈਂਬਰ ਵੱਲੋਂ ਕੀਤੀ ਗਈ ਇਖਲਾਕ ਵਿਹੂਣੀ ਹਰਕਤ ਦੀ ਨਿੰਦਾ ਕਰਦਿਆਂ ਪ੍ਰੋ: ਬਡੂੰਗਰ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕਾਂਗਰਸ ਆਗੂਆਂ ਦੀ ਸ਼ਹਿ ‘ਤੇ ਇਸ ਮਾਮਲੇ ਦਾ ਵਿਰੋਧ ਕਰਨ ਵਾਲੇ ੩੦੦ ਸਿੱਖਾਂ ਉਪਰ ਕੇਸ ਦਰਜ ਕਰ ਦਿੱਤਾ ਗਿਆ। ਉਨ੍ਹਾਂ ਕਾਂਗਰਸ ‘ਤੇ ਵਰ੍ਹਦਿਆਂ ਕਿਹਾ ਕਿ ਸਿੱਖਾਂ ਦੀ ਇਹ ਦੁਸ਼ਮਣ ਜਮਾਤ ਸ਼ੁਰੂ ਤੋਂ ਹੀ ਗੁਰੂ ਘਰਾਂ ਵਿਚ ਸਿੱਧਾ ਦਖਲ ਦੇ ਕੇ ਗੁਰੂ ਘਰਾਂ ਦੀ ਮਾਣ ਮਰਯਾਦਾ ਦੀ ਉਲੰਘਣਾ ਕਰਦੀ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਚੱਲ ਰਹੇ ਸ੍ਰੀ ਅਖੰਡਪਾਠ ਸਾਹਿਬ ਦੌਰਾਨ ਪਾਠੀ ਸਿੰਘਾਂ ਨੂੰ ਧਮਕਾਉਣ ਅਤੇ ਹੁੱਲੜਬਾਜ਼ੀ ਕਰਨ ਵਾਲੇ ਕਾਂਗਰਸੀ ਵਰਕਰਾਂ ‘ਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਸਖਤ ਸ਼ਬਦਾਂ ਵਿਚ ਕਿਹਾ ਕਿ ਦੋਸ਼ੀ ਕਾਂਗਰਸੀਆਂ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਪਰਚਾ ਦਰਜ ਕੀਤਾ ਜਾਵੇ।
ਪ੍ਰੋ: ਬਡੂੰਗਰ ਨੇ ਸਿੱਖ ਸੰਗਤਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਹੋਣ ਕਰਕੇ ਸਿੱਖ ਮਸਲਿਆਂ ਦੇ ਹੱਲ ਲਈ ਵਚਨਬੱਧ ਅਤੇ ਕਾਰਜਸ਼ੀਲ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਕੁਲਵੰਤ ਸਿੰਘ ਮੰਨਣ, ਸ. ਜੈਪਾਲ ਸਿੰਘ ਮੰਡੀਆਂ, ਸ. ਨਿਰਮਲ ਸਿੰਘ ਹਰਿਆਓ, ਸ. ਸੁਰਜੀਤ ਸਿੰਘ ਕਾਲਾਬੂਲਾ, ਬੀਬੀ ਜੋਗਿੰਦਰ ਕੌਰ ਬਠਿੰਡਾ ਤੇ ਸ. ਬਲਵਿੰਦਰ ਸਿੰਘ ਵੇਈਂਪੂਈਂ, ਸਕੱਤਰ ਡਾ. ਰੂਪ ਸਿੰਘ ਤੇ ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਮੀਤ ਸਕੱਤਰ ਸ. ਚਾਨਣ ਸਿੰਘ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਇੰਚਾਰਜ ਸ. ਗੁਰਚਰਨ ਸਿੰਘ ਕੋਹਾਲਾ ਤੇ ਸ. ਪਰਮਦੀਪ ਸਿੰਘ, ਮੈਨੇਜਰ ਸ. ਗੁਰਦੀਪ ਸਿੰਘ ਤੇ ਸ. ਬਲਵਿੰਦਰ ਸਿੰਘ ਭਮਾਰਸੀ ਹਾਜ਼ਰ ਸਨ।