ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਇਕੱਤਰਤਾ

ਅੰਮ੍ਰਿਤਸਰ 5 ਅਗਸਤ (         ) ਸਿੱਖੀ ਦੇ ਪ੍ਰਸਾਰ-ਪ੍ਰਚਾਰ ਲਈ ਪ੍ਰਚਾਰਕ ਵੱਧ ਤੋਂ ਵੱਧ ਯੋਗਦਾਨ ਪਾਉਣ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਨੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਨਾਲ ਇਕੱਤਰਤਾ ਸਮੇਂ ਕੀਤਾ।

ਇਕੱਤਰਤਾ ਸਮੇਂ ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਮੁੱਖ ਮਕਸਦ ਇਹ ਹੈ ਕਿ ਸਿੱਖੀ ਦੀ ਪ੍ਰਫੁੱਲਤਾ ਲਈ ਵੱਧ ਤੋਂ ਵੱਧ ਯਤਨ ਕੀਤੇ ਜਾਣ ਜਿਸ ਲਈ ਵੱਖ-ਵੱਖ ਵਿਭਾਗਾਂ ‘ਚ ਆਪਸੀ ਤਾਲਮੇਲ ਦਾ ਹੋਣਾ ਬਹੁਤ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਧਾਰਮਿਕ ਪ੍ਰੀਖਿਆ ਤੇ ਪੱਤਰ ਵਿਹਾਰ ਕੋਰਸ ਕਰਵਾਏ ਜਾਂਦੇ ਹਨ ਜਿਸ ਵਿੱਚ ਪ੍ਰਚਾਰਕਾਂ ਵੱਲੋਂ ਯੋਗਦਾਨ ਪਾਇਆ ਜਾਂਦਾ ਹੈ, ਪਰ ਹੁਣ ਇਨ੍ਹਾਂ ਪ੍ਰੀਖਿਆਵਾਂ ਵਿੱਚ ਬੱਚਿਆਂ ਦੀ ਗਿਣਤੀ ਨੂੰ ਵਧਾਉਣ ਦੀ ਜ਼ਰੂਰਤ ਹੈ।ਉਨ੍ਹਾਂ ਕਿਹਾ ਕਿ ‘ਸਿੱਖੀ ਸਰੂਪ ਮੇਰਾ ਅਸਲੀ ਰੂਪ’ ਲਹਿਰ ਹੇਠ ਪ੍ਰਣ ਪੱਤਰ ਭਰਨ ਵਾਲੇ ਬੱਚਿਆਂ ਨੂੰ ਮੁੜ ਮਿਲ ਕੇ ਇਹ ਯਕੀਨੀ ਬਣਾਇਆ ਜਾਵੇ ਕਿ ਉਹ ਇਸ ਤੇ ਅਮਲ ਕਰ ਰਹੇ ਹਨ ਜਾਂ ਨਹੀਂ ਅਤੇ ਇਸ ਸਬੰਧੀ ਰਿਪੋਰਟ ਧਰਮ ਪ੍ਰਚਾਰ ਕਮੇਟੀ ਨੂੰ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਤਿਆਰ ਕੀਤੀਆਂ ਗਈਆਂ ਟੀ-ਸ਼ਰਟਾਂ ਵੀ ਮੁਹੱਈਆ ਕਰਵਾਈਆਂ ਜਾਣ।ਉਨ੍ਹਾਂ ਪ੍ਰਚਾਰਕਾਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ਦੇ ਹਰੇਕ ਗੁਰਦੁਆਰਾ ਸਾਹਿਬਾਨ ਤੀਕ ਪਹੁੰਚ ਨੂੰ ਯਕੀਨੀ ਬਣਾਇਆ ਜਾਵੇਗਾ ਤੇ ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚ ਧਰਮ ਪ੍ਰਚਾਰ ਕਮੇਟੀ ਵੱਲੋਂ ਦਸਤਾਰਬੰਦੀ ਮੁਕਾਬਲੇ ਵੀ ਕਰਵਾਏ ਜਾਣਗੇ।ਉਨ੍ਹਾਂ ਕਿਹਾ ਕਿ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਦੇ ਨਾਲ-ਨਾਲ ਸਕੂਲਾਂ ਵਿੱਚ ਵੀ ਪ੍ਰਚਾਰਕਾਂ ਵੱਲੋਂ ਗੁਰਮਤਿ ਦਾ ਪ੍ਰਚਾਰ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਪ੍ਰਚਾਰਕ ਦੂਜਿਆਂ ਤੇ ਟਿੱਪਣੀ ਕਰਨ ਦੀ ਥਾਂ ਸਿਰਫ ਗੁਰਬਾਣੀ ਦਾ ਪ੍ਰਚਾਰ ਕਰਨ ਨੂੰ ਹੀ ਪ੍ਰਮੁੱਖਤਾ ਦੇਣ।ਉਨ੍ਹਾਂ ਕਿਹਾ ਕਿ ਪ੍ਰਚਾਰਕਾਂ ਵਿੱਚ ਪੜ੍ਹਣ ਦੀ ਰੁਚੀ ਵੀ ਬਹੁਤ ਘੱਟ ਪਾਈ ਜਾ ਰਹੀ ਹੈ ਜੋ ਚਿੰਤਾ ਦਾ ਵਿਸ਼ਾ ਹੈ।ਉਨ੍ਹਾਂ ਅੰਮ੍ਰਿਤ ਸੰਚਾਰ ਸਮਾਗਮ ਸਮੇਂ ਅੰਮ੍ਰਿਤ ਛੱਕਣ ਵਾਲੇ ਪ੍ਰਾਣੀਆਂ ਤੇ ਪ੍ਰਚਾਰਕਾਂ ਨੂੰ ਨਜਰਸਾਨੀ ਬਣਾਈ ਰੱਖਣ ਲਈ ਵੀ ਕਿਹਾ।ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਨਾਲ ਵੱਧ ਤੋਂ ਵੱਧ ਬੱਚਿਆਂ ਨੂੰ ਜੋੜਣ ਵਾਲੇ ਪ੍ਰਚਾਰਕਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।

ਇਸ ਮੌਕੇ ਸ.ਸੰਤੋਖ ਸਿੰਘ ਤੇ ਸ. ਜਸਵਿੰਦਰ ਸਿੰਘ ਦੀਨਪੁਰ ਮੀਤ ਸਕੱਤਰ, ਸ. ਬਲਵਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ.ਗੁਰਿੰਦਰ ਸਿੰਘ ਠਰੂ ਇੰਚਾਰਜ ਅਤੇ ਵੱਡੀ ਗਿਣਤੀ ਵਿੱਚ ਪ੍ਰਚਾਰਕ ਹਾਜ਼ਰ ਸਨ।