2020 ਵਿੱਚ ਸ਼੍ਰੋਮਣੀ ਕਮੇਟੀ ਦੇ 100 ਸਾਲ ਪੂਰੇ ਹੋਣ ਤੇ ਦਸਤਾਵੇਜੀ ਇਤਿਹਾਸ ਲਿਖਵਾਇਆ ਜਾਵੇਗਾ- ਜਥੇਦਾਰ ਅਵਤਾਰ ਸਿੰਘ

ਅੰਮ੍ਰਿਤਸਰ : 16 ਜੁਲਾਈ (        ) ਸਿੱਖ ਇਤਿਹਾਸ ਰੀਸਰਚ ਬੋਰਡ ਦਾ ਪੁਨਰ ਗਠਨ ਹੋਵੇਗਾ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ. ਦਿਲਜੀਤ ਸਿੰਘ ਬੇਦੀ ਸਕੱਤਰ ਮੀਡੀਆ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦਫ਼ਤਰ ਤੋਂ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਕੀਤਾ।

ਸ. ਬੇਦੀ ਨੇ ਦੱਸਿਆ ਕਿ ਇਸ ਬੋਰਡ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਇਲਾਵਾ 5 ਮੈਂਬਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਰੈਫਰੈਂਸ ਲਾਇਬ੍ਰੇਰੀ ਵਿਖੇ ਉਰਦੂ, ਫਾਰਸੀ, ਅੰਗਰੇਜ਼ੀ ਤੇ ਹਿੰਦੀ ਦੇ (ਖੋਜ ਕਰਤਾ) ਵਿਦਵਾਨ ਵੀ ਤਾਇਨਾਤ ਕੀਤੇ ਜਾਣਗੇ, ਜੋ ਆਪਣੀ ਵੱਡਮੁੱਲੀ ਖੋਜ ਰਾਹੀਂ ਪਾਠਕਾਂ ਦੀ ਝੋਲੀ ਉਹ ਦੁਰਲੱਭ ਇਤਿਹਾਸ ਪਾਉਣਗੇ ਜਿਸ ਨੂੰ ਕਿਸੇ ਭਾਸ਼ਾ ਦੀ ਜਾਣਕਾਰੀ ਨਾ ਹੋਣ ਕਾਰਣ ਪਾਠਕ ਪੜ੍ਹਨ ਤੋਂ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਦਿਲੀ ਇੱਛਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੁਰਾਤਨ ਸਰੂਪ ਜੋ ਸਿੱਖ ਰੈਫਰੈਂਸ ਲਾਇਬ੍ਰੇਰੀ ਵਿਖੇ ਸੁਭਾਏਮਾਨ ਹਨ ਉਨ੍ਹਾਂ ਦੀ ਸਾਂਭ-ਸੰਭਾਲ ਲਈ ਇਸ ਦੇ ਨੇੜੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੀ ਜਲਦ ਉਸਾਰੀ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਦੇ ਇਲਾਵਾ ਪ੍ਰਸਿੱਧ ਇਤਿਹਾਸਕਾਰਾਂ ਅਤੇ ਗੁਰਬਾਣੀ ਟੀਕਾਕਾਰਾਂ ਦੀਆਂ ਉਹ ਪੁਸਤਕਾਂ ਜੋ ਉਪਲਬੱਧ ਨਹੀਂ ਜਾਂ ਜਿਨ੍ਹਾਂ ਦੀ ਪ੍ਰਕਾਸ਼ਨਾ ਨਹੀਂ ਹੋ ਰਹੀ ਉਨ੍ਹਾਂ ਨੂੰ ਦੁਬਾਰਾ ਪ੍ਰਕਾਸ਼ਿਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਲੋਕਾਂ ਕੋਲ ਨਿੱਜੀ ਤੌਰ ਤੇ ਗੁਰਬਾਣੀ ਜਾਂ ਸਿੱਖ ਇਤਿਹਾਸ ਸਬੰਧੀ ਵੱਖ-ਵੱਖ ਖਰੜੇ ਪਏ ਹਨ ਸ਼੍ਰੋਮਣੀ ਕਮੇਟੀ ਉਨ੍ਹਾਂ ਤੋਂ ਵੀ ਉਹ ਖਰੜੇ ਭੇਟਾ ਰਹਿਤ ਜਾਂ ਭੇਟਾ ਸਹਿਤ ਹਾਸਲ ਕਰੇਗੀ।ਉਨ੍ਹਾਂ ਕਿਹਾ ਕਿ ਸਿੱਖ ਰੈਫਰੈਂਸ ਲਾਇਬ੍ਰੇਰੀ ਵਿਖੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ ਅਤੇ ਜਲਦੀ ਹੀ ਇਸ ਨੂੰ ਆਨਲਾਈਨ ਵੀ ਕੀਤਾ ਜਾਵੇਗਾ ਤਾਂ ਜੋ ਆਮ ਲੋਕਾਂ ਤੱਕ ਵੀ ਗੁਰਬਾਣੀ ਅਤੇ ਸਿੱਖ ਇਤਿਹਾਸ ਸਬੰਧੀ ਦੁਰਲੱਭ ਜਾਣਕਾਰੀ ਪਹੁੰਚ ਸਕੇ ਅਤੇ ਉਹ ਇਸ ਨੂੰ ਪੜ੍ਹ ਕੇ ਆਪਣੇ ਗਿਆਨ ਵਿੱਚ ਵਾਧਾ ਕਰ ਸਕਣ।

ਇਕ ਵਿਸ਼ੇਸ਼ ਜਾਣਕਾਰੀ ਦੇਂਦਿਆਂ ਸ. ਬੇਦੀ ਨੇ ਦੱਸਿਆ ਕਿ 2020 ਵਿੱਚ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ 100 ਸਾਲ ਪੂਰੇ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮਾਣਯੋਗ ਪ੍ਰਧਾਨ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪ੍ਰਸਿੱਧ ਵਿਦਵਾਨਾਂ ਅਤੇ ਸ਼੍ਰੋਮਣੀ ਕਮੇਟੀ ਦੇ ਸਕਾਲਰਾਂ ਪਾਸੋਂ ਸ਼੍ਰੋਮਣੀ ਕਮੇਟੀ ਦਾ 100 ਸਾਲਾ ਸਮੁੱਚਾ ਦਸਤਾਵੇਜੀ ਇਤਿਹਾਸ ਲਿਖਵਾਇਆ ਜਾਵੇਗਾ। ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਪਿਛੋਕੜ, ਇਸ ਦੀਆਂ ਰਾਜਨੀਤਕ, ਸਮਾਜਿਕ, ਧਾਰਮਿਕ ਅਤੇ ਵਿਦਿਅਕ ਪ੍ਰਸਥਿਤੀਆਂ, ਇਸ ਦੇ ਦਾਰਸ਼ਨਿਕ ਪਿਛੋਕੜ ਅਤੇ ਗੁਰਦੁਆਰਿਆਂ ਦੇ ਪ੍ਰਬੰਧ ਉਪਰੰਤ ਇਸ ਦੇ ਸੁਧਾਰਾਂ ਵਿੱਚ ਲਿਆਂਦੀ ਜਾਗ੍ਰਿਤੀ ਬਾਰੇ ਭਰਪੂਰ ਜਾਣਕਾਰੀ ਹੋਵੇਗੀ।