ਅੰਮ੍ਰਿਤਸਰ, 16 ਅਪ੍ਰੈਲ- ਸਿੱਖ ਕੌਮ ਦੇ ਮਹਾਨ ਜਰਨੈਲ ਸੁਲਤਾਨ-ਉਲ-ਕੌਮ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ੨੨ ਅਪ੍ਰੈਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਦਿੱਲੀ ਤੱਕ ਸਜਾਏ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਕੱਤਰਤਾ ਕੀਤੀ ਗਈ, ਜਿਸ ਵਿਚ ਸ਼੍ਰੋਮਣੀ ਕਮੇਟੀ ਮੈਂਬਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਸ਼ਾਮਲ ਹੋਏ। ਇਕੱਤਰਤਾ ਦੌਰਾਨ ਜਿਥੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਨਗਰ ਕੀਰਤਨ ਨੂੰ ਯਾਦਗਾਰੀ ਬਣਾਉਣ ਲਈ ਸੁਝਾਅ ਦਿੱਤੇ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਨਗਰ ਕੀਰਤਨ ਦੇ ਰੂਟ ਨਾਲ ਸਬੰਧਤ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਪ੍ਰਬੰਧਕੀ ਨਿਰਦੇਸ਼ ਦਿੱਤੇ। ਹਾਜ਼ਰ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਸੁਝਾਅ ‘ਤੇ ਮੁੱਖ ਸਕੱਤਰ ਨੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਕਿਹਾ ਕਿ ਨਗਰ ਕੀਰਤਨ ਦੌਰਾਨ ਸੰਗਤ ਲਈ ਲੰਗਰ ਆਦਿ ਦੀ ਸੇਵਾ ਤੋਂ ਬਾਅਦ ਵਰਤੀਆਂ ਹੋਈਆਂ ਡਿਪੋਜਲ ਪਲੇਟਾਂ, ਗਲਾਸ ਆਦਿ ਨੂੰ ਸੜਕਾਂ ਤੋਂ ਚੁੱਕਣ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਨਗਰ ਕੀਰਤਨ ਦੌਰਾਨ ਸੰਗਤਾਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਢਿੱਲ ਨਹੀਂ ਰਹਿਣੀ ਚਾਹੀਦੀ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਨਗਰ ਕੀਰਤਨ ਵਿਚ ਵੱਧ ਤੋਂ ਵੱਧ ਸੰਗਤਾਂ ਸ਼ਾਮਲ ਹੋਣ।
ਸ਼ਤਾਬਦੀ ਦੇ ਸਮਾਗਮ ਸਬੰਧੀ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਨਿਹੰਗ ਸਿੰਘ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਸਮੇਤ ਹੋਰ ਧਾਰਮਿਕ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਜਿਥੇ ੨੨ ਅਪ੍ਰੈਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਉਥੇ ਹੀ ੨੧ ਅਪ੍ਰੈਲ ਦੀ ਸ਼ਾਮ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਹੋਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੇ ਰਾਤ ਦੇ ਹਰ ਪੜਾਅ ‘ਤੇ ਗੁਰਮਤਿ ਸਮਾਗਮ ਹੋਣਗੇ ਅਤੇ ਨਗਰ ਕੀਰਤਨ ਦੇ ਨਾਲ ਗੁਰੂ ਸਾਹਿਬਾਨ ਦੇ ਪਾਵਨ ਸ਼ਸਤਰਾਂ ਵਾਲੀ ਬੱਸ ਵੀ ਖਿੱਚ ਦਾ ਕੇਂਦਰ ਹੋਵੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਮਨਜੀਤ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਬੀਬੀ ਕਿਰਨਜੋਤ ਕੌਰ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਅਮਰਜੀਤ ਸਿੰਘ ਭਲਾਈਪੁਰ, ਜਥੇਦਾਰ ਪਰਮਜੀਤ ਸਿੰਘ ਲੱਖੇਵਾਲ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਬਾਬਾ ਬੁੱਢਾ ਦਲ ਵੱਲੋਂ ਬਾਬਾ ਭਗਤ ਸਿੰਘ, ਦਿੱਲੀ ਕਮੇਟੀ ਤੋਂ ਸ. ਇਕਬਾਲ ਸਿੰਘ ਮੈਨੇਜਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਜਗਜੀਤ ਸਿੰਘ ਜੱਗੀ, ਸ. ਪ੍ਰਤਾਪ ਸਿੰਘ, ਸ. ਪਰਮਜੀਤ ਸਿੰਘ ਸਰੋਆ, ਮੈਨੇਜਰ ਸ. ਰਘਬੀਰ ਸਿੰਘ ਮੰਡ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਮਨਜਿੰਦਰ ਸਿੰਘ ਮੰਡ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸ. ਜਸਬੀਰ ਸਿੰਘ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਸ. ਜਗੀਰ ਸਿੰਘ, ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਮੈਨੇਜਰ ਸ. ਕਰਨੈਲ ਸਿੰਘ ਨਾਭਾ, ਗੁਰਦੁਆਰਾ ਬਾਬਾ ਬਕਾਲਾ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਦੇ ਮੈਨੇਜਰ ਸ. ਨੱਥਾ ਸਿੰਘ, ਸਿੱਖ ਮਿਸ਼ਨ ਕੁਰੂਕੇਸ਼ਤਰ ਤੋਂ ਸ. ਮੰਗਪ੍ਰੀਤ ਸਿੰਘ ਸਮੇਤ ਹੋਰ ਮੌਜੂਦ ਸਨ।