ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਸਿਆਲਕਾ ਨੇ ਸ. ਜੋਸਨ ਦੀ ਸੇਵਾ ਨੂੰ ਸਲਾਹਿਆ
ਅੰਮ੍ਰਿਤਸਰ, 28 ਨਵੰਬਰ – 
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੇਨ ਸ. ਗੁਰਿੰਦਰਪਾਲ ਸਿੰਘ ਜੋਸਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡੋਵਕੇਟ ਭਗਵੰਤ ਸਿੰਘ ਸਿਆਲਕਾ ਨੇ ਸ. ਜੋਸਨ ਨੂੰ ਸਨਮਾਨਿਤ ਕਰਨ ਮੌਕੇ ਉਨ੍ਹਾਂ ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸ. ਗੁਰਿੰਦਰਪਾਲ ਸਿੰਘ ਜੋਸਨ ਨੇ ਸ. ਭਗਵੰਤ ਸਿੰਘ ਸਿਆਲਕਾ ਅਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਸਮੇਤ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਆਪਣੇ ਨਵ-ਪ੍ਰਕਾਸ਼ਤ ਪੁਸਤਕਾਂ ‘ਪ੍ਰੋਮੀਨੈਂਟ ਸਿੱਖਜ਼ ਆਫ਼ ਯੂ.ਐਸ.ਏ.’ ਅਤੇ ‘ਭਾਈ ਮਰਦਾਨਾ ਜੀ’ ਭੇਟ ਕੀਤੀਆਂ। ਦੱਸਣਯੋਗ ਹੈ ਕਿ ਸ. ਗੁਰਿੰਦਰਪਾਲ ਸਿੰਘ ਜੋਸਨ ਵੱਖ-ਵੱਖ ਸੰਸਥਾਵਾਂ ਰਾਹੀਂ ਸਿੱਖ ਵਿਚਾਰਧਾਰਾ ਨੂੰ ਉਭਾਰਨ ਲਈ ਯਤਨਸ਼ੀਲ ਹਨ। ਬੀਤੇ ਸਮੇਂ ਉਨ੍ਹਾਂ ਨੇ ਸਾਰਾਗੜ੍ਹੀ ਸਬੰਧੀ ਇਕ ਪੁਸਤਕ ਵੀ ਪ੍ਰਕਾਸ਼ਤ ਕਰਵਾਈ ਸੀ। ਹੁਣ ਉਨ੍ਹਾਂ ਨੇ ਅਮਰੀਕਾ ਦੀਆਂ ਪ੍ਰਸਿੱਧ ਸਿੱਖ ਸ਼ਖ਼ਸੀਅਤਾਂ ਬਾਰੇ ਲਿਖਣ ਕਾਰਜ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਆਖਿਆ ਕਿ ਵਿਦੇਸ਼ਾਂ ਅੰਦਰ ਸਿੱਖ ਪਛਾਣ ਨੂੰ ਉਭਾਰਨਾ ਸਮੇਂ ਦੀ ਵੱਡੀ ਲੋੜ ਹੈ, ਜਿਸ ਵਿਚ ਸ. ਗੁਰਿੰਦਰਪਾਲ ਸਿੰਘ ਜੋਸਨ ਅਹਿਮ ਭੂਮਿਕਾ ਨਿਭਾਅ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।