ਕਿਲ੍ਹੇ ਦੇ ਸਥਾਨ ‘ਤੇ ਦਰਬਾਰ ਸਾਹਿਬ ਦੀ ਉਸਾਰੀ ਲਈ ਰੱਖਿਆ ਨੀਂਹ ਪੱਥਰ
ਸਮਗਾਮ ਦੌਰਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜ਼ਰਾ, ਸ. ਬਲਵਿੰਦਰ ਸਿੰਘ ਭੂੰਦੜ ਤੇ ਸ. ਬਲਦੇਵ ਸਿੰਘ ਕਾਇਮਪੁਰ ਨੇ ਵੀ ਕੀਤੀ ਸ਼ਮੂਲੀਅਤ

ਮੁਖਲਿਸਗੜ੍ਹ (ਹਰਿਆਣਾ)/ਕੁਰੂਕਸ਼ੇਤਰ 21 ਨਵੰਬਰ- ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਥਾਪਤ ਕੀਤੀ ਗਈ ਸਿੱਖ ਰਾਜ ਦੀ ਪਹਿਲੀ ਰਾਜਧਾਨੀ ਕਿਲ੍ਹਾ ਲੋਹਗੜ੍ਹ ਸਾਹਿਬ, ਮੁਖਲਿਸਗੜ੍ਹ (ਹਰਿਆਣਾ) ਦੀ ਸ਼ਾਨ ਨੂੰ ਮੁੜ ਸੁਰਜੀਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਈ ਕਸਰ ਨਹੀਂ ਛੱਡੇਗੀ। ਇਹ ਪ੍ਰਗਟਾਵਾ ਕਿਲ੍ਹਾ ਲੋਹਗੜ੍ਹ ਸਾਹਿਬ ਦੇ ਸਥਾਨ ਤੇ ਦਰਬਾਰ ਸਾਹਿਬ ਦੀ ਉਸਾਰੀ ਲਈ ਨੀਂਹ ਪੱਥਰ ਰੱਖਣ ਲਈ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਕੀਤਾ ਗਿਆ। ਨੀਂਹ ਪੱਥਰ ਤੋਂ ਪਰਦਾ ਹਟਾਉਣ ਉਪਰੰਤ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿੱਖ ਵਿਰਾਸਤ ਦੀ ਸਾਂਭ-ਸੰਭਾਲ ਲਈ ਸ਼੍ਰੋਮਣੀ ਕਮੇਟੀ ਵਿਸ਼ੇਸ਼ ਯਤਨ ਕਰ ਰਹੀ ਹੈ ਅਤੇ ਇਸੇ ਤਹਿਤ ਹੀ ਇਤਿਹਾਸਕ ਅਸਥਾਨ ਕਿਲ੍ਹਾ ਲੋਹਗੜ੍ਹ ਸਾਹਿਬ ਦੇ ਇਤਿਹਾਸ ਨੂੰ ਸੰਗਤਾਂ ਵਿਚ ਉਭਾਰਨ ਲਈ ਇਥੇ ਗੁਰਦੁਆਰਾ ਸਾਹਿਬ ਦੇ ਦਰਬਾਰ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਮੁਗਲ ਹਕੂਮਤ ਨਾਲ ਟੱਕਰ ਲੈ ਕੇ ਜਿਥੇ ਜਬਰ ਜੁਲਮ ਦਾ ਖ਼ਾਤਮਾ ਕੀਤਾ ਉਥੇ ਹੀ ਮਜਲੂਮਾਂ ਅਤੇ ਗਰੀਬਾਂ ਦਾ ਮਸੀਹਾਂ ਬਣ ਕੇ ਉਨ੍ਹਾਂ ਦੇ ਬਣਦੇ ਹੱਕਾਂ ਲਈ ਵੀ ਕਰੜਾ ਸੰਘਰਸ਼ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਸਾਰੇ ਦੇਸ ਦਾ ਸਾਂਝਾ ਨਾਇਕ ਸੀ, ਜਿਸ ਦੀ ਲੜ੍ਹਾਈ ਨਿੱਜ ਲਈ ਨਹੀਂ ਸਗੋਂ ਲੋਕਾਈ ਨੂੰ ਸੁਖਦ ਜੀਵਨ ਜਿਊਣ ਦਾ ਹੱਕ ਦੇਣ ਲਈ ਸੀ। ਪ੍ਰੋ. ਬਡੂੰਗਰ ਨੇ ਆਖਿਆ ਕਿ ਸਿੱਖ ਕੌਮ ਦੀ ਵਿਰਾਸਤ ਨਾਲ ਅਜੋਕੀ ਪੀੜ੍ਹੀ ਨੂੰ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਅਤੇ ਸਿੱਖ ਕਾਰਜ ਲਈ ਸਾਨੂੰ ਸੰਯੁਕਤ ਉਪਰਾਲੇ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਕਿਲ੍ਹਾ ਲੋਹਗੜ੍ਹ ਸਾਹਿਬ ਲਈ ਸੇਵਾ ਪੰਥ ਰਤਨ ਬਾਬਾ ਹਰਬੰਸ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਵੱਲੋਂ ਵਰੋਸਾਏ ਬਾਬਾ ਬਚਨ ਸਿੰਘ ਅਤੇ ਬਾਬਾ ਸੁੱਖਾ ਸਿੰਘ ਕਰਨਾਲ ਵਾਲਿਆਂ ਨੂੰ ਸੌਂਪੀ ਗਈ ਹੈ। ਉਨ੍ਹਾਂ ਸਮਾਗਮ ਦੀ ਸਫਲਤਾ ਲਈ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ ਨੂੰ ਮੁਬਾਰਕਬਾਦ ਵੀ ਦਿੱਤੀ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜ਼ਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਯਤਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਲ੍ਹਾ ਲੋਹਗੜ੍ਹ ਸਾਹਿਬ ਸਿੱਖ ਇਤਿਹਾਸ ਦੀ ਅਨਮੋਲ ਵਿਰਾਸਤ ਹੈ ਅਤੇ ਇਸ ਦੀ ਸ਼ਾਨ ਨੂੰ ਮੁੜ ਉਭਾਰਨ ਲਈ ਯਤਨ ਇੱਕ ਇਤਿਹਾਸਿਕ ਕਾਰਜ ਹੈ। ਇਸ ਮੌਕੇ ਹਲਕਾ ਵਿਧਾਇਕ ਸ. ਬਖਸ਼ੀਸ਼ ਸਿੰਘ ਵਿਰਕ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨੇ ਵੀ ਸੰਬੋਧਨ ਕੀਤਾ।
ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਮਾਗਮ ਦੇ ਆਯੋਜਿਕ ਸ. ਬਲਦੇਵ ਸਿੰਘ ਕਾਇਮਪੁਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਜੀ ਆਇਆਂ ਆਖਦਿਆਂ ਪੁੱਜੀਆਂ ਦਾ ਧੰਨਵਾਦ ਕੀਤਾ।
ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜ਼ਰਾ, ਸ. ਬਲਵਿੰਦਰ ਸਿੰਘ ਭੂੰਦੜ ਅਤੇ, ਸ. ਬਖਸ਼ੀਸ਼ ਸਿੰਘ ਵਿਰਕ ਨੂੰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ ਅਤੇ ਹਰਿਆਣਾ ਰਾਜ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸਨਮਾਨਿਤ ਵੀ ਕੀਤਾ।
ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਤੋਂ ਇਲਾਵਾ ਭਾਈ ਹਰਪਾਲ ਸਿੰਘ ਢੰਡ ਅਤੇ ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਦੇ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਇਤਿਹਾਸ ਨਾਲ ਜੋੜਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਅੰਤ੍ਰਿੰਗ ਮੈਂਬਰ ਬੀਬੀ ਜੋਗਿੰਦਰ ਕੌਰ, ਮੈਂਬਰ ਸ਼੍ਰੋਮਣੀ ਕਮੇਟੀ ਸ. ਹਰਭਜਨ ਸਿੰਘ ਮਸਾਣਾ, ਬੀਬੀ ਮਨਜੀਤ ਕੌਰ ਗਧੌਲਾ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਬਲਦੇਵ ਸਿੰਘ ਖ਼ਾਲਸਾ, ਸੰਤ ਗੁਰਮੀਤ ਸਿੰਘ ਤਿਰਲੋਕੇਵਾਲਾ, ਸ. ਤੇਜਿੰਦਰਪਾਲ ਸਿੰਘ ਢਿਲੋਂ, ਸ. ਭੁਪਿੰਦਰ ਸਿੰਘ ਅਸੰਧ, ਸ. ਹਰਮੀਤ ਸਿੰਘ ਕਾਲਕਾ ਮੀਤ ਪ੍ਰਧਾਨ ਦਿੱਲੀ ਕਮੇਟੀ, ਸ. ਕਰਤਾਰ ਸਿੰਘ ਸਾਬਕਾ ਮੈਂਬਰ, ਵਿਧਾਇਕ ਸ. ਬਲਕੌਰ ਸਿੰਘ, ਡਾ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਡਾ. ਪਰਮਵੀਰ ਸਿੰਘ ਮੈਂਬਰ ਇਤਿਹਾਸ ਬੋਰਡ, ਡਾ. ਚਮਕੌਰ ਸਿੰਘ ਡਾਇਰੈਕਟਰ, ਬਾਬਾ ਸੁੱਖਾ ਸਿੰਘ ਕਰਨਾਲ, ਬਾਬਾ ਜੱਸਾ ਸਿੰਘ ਬੁੱਢਾ ਦਲ, ਬਾਬਾ ਹਰਜਿੰਦਰ ਸਿੰਘ, ਸ. ਬਲਕਾਰ ਸਿੰਘ ਪ੍ਰਧਾਨ ਗੁਰਦੁਆਰਾ ਮੰਜੀ ਸਾਹਿਬ ਕਰਨਾਲ, ਸ. ਪਰਮਜੀਤ ਸਿੰਘ ਇੰਚਾਰਜ ਸਬ-ਆਫ਼ਿਸ ਕੁਰੂਕਸ਼ੇਤਰ, ਸ. ਸੁਖਵੰਤ ਸਿੰਘ, ਸ. ਅਮਰਜੀਤ ਸਿੰਘ ਮੰਗੀ, ਸ. ਨਰਿੰਦਰ ਸਿੰਘ ਮੈਨੇਜਰ, ਸ. ਮੰਗਪ੍ਰੀਤ ਸਿੰਘ ਇੰਚਾਰਜ ਸਿੱਖ ਮਿਸ਼ਨ ਕੁਰੂਕਸ਼ੇਤਰ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।