ਮੁਕੰਮਲ ਜਾਂਚ ਲਈ ਜਲਦ ਬਣੇਗੀ ਕਮੇਟੀ, ਦੋਸ਼ੀ ਪਾਏ ਜਾਣ ’ਤੇ ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ – ਭਾਈ ਲੌਂਗੋਵਾਲ

ਅੰਮ੍ਰਿਤਸਰ, 14 ਜੂਨ-
ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਚੁਰਾਏ ਗਏ ਸਾਹਿਤਕ ਸਰਮਾਏ ਸਬੰਧੀ ਬੀਤੇ ਕੱਲ੍ਹ ਕੀਤੀ ਗਈ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਮਾਮਲੇ ਦੀ ਤਹਿ ਤੱਕ ਜਾਣ ਲਈ ਇਕ ਉੱਚ ਪੱਧਰੀ ਜਾਂਚ ਕਮੇਟੀ ਗਠਿਤ ਕਰਨ ਦੀ ਵਚਨਬਧਤਾ ਦੁਹਰਾਈ ਗਈ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਕਮੇਟੀ ਦਾ ਗਠਨ ਜਲਦ ਹੀ ਕੀਤਾ ਜਾਵੇਗਾ ਅਤੇ ਇਸ ਕਮੇਟੀ ਵਿਚ ਵੱਡੀਆਂ ਨਿਰਪੱਖ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਾਹਿਤਕ ਸਰਮਾਇਆ ਕੌਮ ਦੀ ਅਮਾਨਤ ਹੈ ਅਤੇ ਇਹ ਸਿੱਖ ਕੌਮ ਨੂੰ ਸਮੁੱਚੇ ਰੂਪ ਵਿਚ ਵਾਪਸ ਮਿਲਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਬੀਤੇ ਦਿਨਾਂ ਤੋਂ ਮੀਡੀਆ ਦੇ ਇੱਕ ਹਿੱਸੇ ਵੱਲੋਂ ਲਾਇਬ੍ਰੇਰੀ ਦਾ ਸਮਾਨ ਵਾਪਸ ਆਉਣ ਦੀਆਂ ਖ਼ਬਰਾਂ ਨਸ਼ਰ ਕੀਤੀਆਂ ਗਈਆਂ, ਜਦਕਿ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਤੇ ਸਾਬਕਾ ਅਧਿਕਾਰੀਆਂ ਦੀ ਮੀਟਿੰਗ ਅਤੇ ਲਾਇਬ੍ਰੇਰੀ ਦੇ ਰਿਕਾਰਡ ਅਨੁਸਾਰ ਵੱਡੀ ਗਿਣਤੀ ਵਿਚ ਸਾਹਿਤਕ ਸਰਮਾਇਆ ਅਜੇ ਤੱਕ ਵਾਪਸ ਨਹੀਂ ਆਇਆ। ਉਨ੍ਹਾਂ ਆਖਿਆ ਕਿ ਵਾਪਸ ਆਏ ਸਮਾਨ ਬਾਰੇ ਜਾਂਚ ਦੌਰਾਨ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਹ ਬਖ਼ਸ਼ਿਆ ਨਹੀਂ ਜਾਵੇਗਾ, ਲੇਕਿਨ ਜੇਕਰ ਛਪੀਆਂ ਖ਼ਬਰਾਂ ਦੇ ਤੱਥ ਗਲਤ ਸਾਬਤ ਹੋਣਗੇ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਸਬੰਧਤਾਂ ਖ਼ਿਲਾਫ਼ ਵੀ ਮੁਕੱਦਮਾ ਦਰਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮਾਮਲਾ ਬੇਹੱਦ ਸੰਜੀਦਾ ਹੈ, ਜਿਸ ਦੀ ਪੜਤਾਲ ਲਈ ਜਲਦ ਹੀ ਉੱਚ ਪੱਧਰੀ ਕਮੇਟੀ ਕਾਇਮ ਕਰ ਦਿੱਤੀ ਜਾਵੇਗੀ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਸਮੇਤ ਸਿੱਖ ਰੈਫਰੈਂਸ ਲਾਇਬ੍ਰੇਰੀ ਵਿਖੇ ਜਾ ਕੇ ਮੌਜੂਦਾ ਕਾਰਜਸ਼ੈਲੀ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਲਾਇਬ੍ਰੇਰੀ ਵਿਖੇ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਹੱਥਲਿਖਤ ਸਰੂਪਾਂ ਦੇ ਦਰਸ਼ਨ ਵੀ ਕੀਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇੰਚਾਰਜ ਡਾ. ਅਮਰਜੀਤ ਕੌਰ, ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਲਾਇਬ੍ਰੇਰੀਅਨ ਸ. ਬਗੀਚਾ ਸਿੰਘ, ਸ. ਦਰਸ਼ਨ ਸਿੰਘ ਪੀ.ਏ. ਆਦਿ ਮੌਜੂਦ ਸਨ।