ਅੰਮ੍ਰਿਤਸਰ, 14 ਅਗਸਤ- ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫਦ ਨੇ ਅੱਜ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਸਿੱਖ ਮਸਲੇ ਉਠਾਏ। ਗ੍ਰਹਿ ਮੰਤਰੀ ਨੂੰ ਮਿਲੇ ਵਫਦ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ, ਦਿੱਲੀ ਕਮੇਟੀ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ., ਮੈਂਬਰ ਪਾਰਲੀਮੈਂਟ ਸ. ਬਲਵਿੰਦਰ ਸਿੰਘ ਭੂੰਦੜ, ਸ੍ਰੀ ਨਰੇਸ਼ ਗੁਜਰਾਲ ਤੇ ਸ. ਤਰਲੋਚਨ ਸਿੰਘ ਸਮੇਤ ਹੋਰ ਸ਼ਾਮਲ ਸਨ। ਸਿੱਖ ਵਫ਼ਦ ਨੇ ਗ੍ਰਹਿ ਮੰਤਰੀ ਕੋਲ ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ਦਾ ਜਲਦ ਨਿਪਟਾਰਾ ਕਰਨ, ਸਜਾਵਾਂ ਪੂਰੀਆਂ ਕਰਨ ਵਾਲੇ ਸਿੱਖਾਂ ਦੀ ਰਿਹਾਈ ਕਰਨ, ਗੁਰਦੁਆਰਾ ਕਰਤਾਰਪੁਰ ਸਾਹਿਬ ਪਾਕਿਸਤਾਨ ਲਈ ਖੁੱਲ੍ਹਾ ਲਾਂਘਾ ਦੇਣ, ਜੰਮੂ ਕਸ਼ਮੀਰ ਵਿਚ ਸਿੱਖਾਂ ਨੂੰ ਘੱਟ ਗਿਣਤੀ ਦਾ ਦਰਜਾ ਦੇਣ ਸਮੇਤ ਹੋਰ ਸਿੱਖ ਮਸਲਿਆਂ ਦਾ ਹੱਲ ਕਰਨ ਦੀ ਅਪੀਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ੍ਰੀ ਰਾਜਨਾਥ ਸਿੰਘ ਨੂੰ ਮਿਲਣ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਸਲਿਆਂ ਸਬੰਧੀ ਇਕ ਮੰਗ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ‘ਚ ਸ੍ਰੀ ਰਾਜਨਾਥ ਸਿੰਘ ਕੋਲ ਦੁਹਰਾਇਆ ਗਿਆ ਹੈ ਕਿ ਉਸ ਦੀ ਫਾਂਸੀ ਦੀ ਸਜਾ ਮੁਆਫ ਕਰਨ ਬਾਰੇ ਸ਼੍ਰੋਮਣੀ ਕਮੇਟੀ ਦੀ ਅਪੀਲ ਦਾ ਜਲਦ ਨਿਪਟਾਰਾ ਕੀਤਾ ਜਾਵੇ ਅਤੇ ਸਜਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਦੀ ਰਿਹਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇੱਕ ਹੋਰ ਮੰਗ ਰਾਹੀਂ ਸ਼ਿਲਾਂਗ ਤੇ ਮੁੰਬਈ ਦੇ ਸਿੱਖਾਂ ਦੀਆਂ ਰਿਹਾਇਸ਼ੀ ਕਲੋਨੀਆਂ ਬਚਾਉਣ ਲਈ ਵੀ ਗ੍ਰਹਿ ਮੰਤਰੀ ਤੋਂ ਦਖਲ ਮੰਗਿਆ ਗਿਆ ਹੈ। ਇਸ ਤੋਂ ਇਲਾਵਾ ਤਖਤ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਬੋਰਡ ਨਾਂਦੇੜ ਐਕਟ ੧੯੫੬ ਵਿਚ ਮਹਾਰਾਸ਼ਟਰ ਸਰਕਾਰ ਵੱਲੋਂ ਤਬਦੀਲੀ ਕਰਨ ਦੇ ਵਿਚਾਰ ਨੂੰ ਰੋਕਣ ਦੀ ਅਪੀਲ ਕੀਤੀ ਗਈ। ਮੰਗ ਪੱਤਰ ਰਾਹੀਂ ਗ੍ਰਹਿ ਮੰਤਰੀ ਨੂੰ ਸ਼੍ਰੋਮਣੀ ਕਮੇਟੀ ਦੇ ਸੈਕਸ਼ਨ-੮੭ ਤਹਿਤ ਆਉਂਦੇ ਉਨ੍ਹਾਂ ਗੁਰਦੁਆਰਿਆਂ ਨੂੰ ਸੈਕਸ਼ਨ-੮੫ ਅਧੀਨ ਲਿਆਉਣ ਲਈ ਜਲਦ ਨੋਟੀਫਿਕੇਸ਼ਨ ਜਾਰੀ ਕਰਨ ਲਈ ਵੀ ਕਿਹਾ ਗਿਆ ਜੋ ਸ਼ਰਤਾਂ ਪੂਰੀਆਂ ਕਰਦੇ ਹਨ। ਸ. ਬੇਦੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਿੱਖ ਬੀਬੀਆਂ ਨੂੰ ਹੈਲਮੈਟ ਲਾਜਮੀ ਕਰਨ ਦੇ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ਕਹਿਣ ਅਤੇ ਭਾਰਤ ਵਿਚ ਲੰਮੇ ਅਰਸੇ ਤੋਂ ਰਹਿ ਰਹੇ ਅਫ਼ਗਾਨੀ ਸਿੱਖਾਂ ਨੂੰ ਭਾਰਤ ਦੀ ਨਾਗਰਿਕਤਾ ਦੇਣ ਦੀ ਵੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗ੍ਰਹਿ ਮੰਤਰੀ ਵੱਲੋਂ ਸਾਰੇ ਸਿੱਖ ਮਸਲਿਆਂ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਮੌਕੇ ‘ਤੇ ਹਾਜ਼ਰ ਅਧਿਕਾਰੀਆਂ ਨੂੰ ਇਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਆਰੰਭਣ ਲਈ ਨਿਰਦੇਸ਼ ਦਿੱਤੇ ਗਏ ਹਨ।