ਅੰਮ੍ਰਿਤਸਰ, ੭ ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਵਿਚ ਇਕ ਅੰਮ੍ਰਿਤਧਾਰੀ ਵਕੀਲ ਨੂੰ ਕਿਰਪਾਨ ਸਮੇਤ ਦਾਖ਼ਲ ਹੋਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਮਾਮਲਾ ਸ. ਅੰਮ੍ਰਿਤਪਾਲ ਸਿੰਘ ਨਾਂ ਦੇ ਗੁਰਸਿੱਖ ਵਕੀਲ ਨਾਲ ਸਬੰਧਤ ਹੈ, ਜਿਸ ਨੂੰ ਸੁਰੱਖਿਆ ਕਰਮੀਆਂ ਵੱਲੋਂ ਸੁਪਰੀਮ ਕੋਰਟ ਵਿਚ ਕਿਰਪਾਨ ਪਹਿਨ ਕੇ ਦਾਖ਼ਲ ਹੋਣ ਤੋਂ ਰੋਕਿਆ ਗਿਆ। ਸ. ਅੰਮ੍ਰਿਤਪਾਲ ਸਿੰਘ ਨੇ ਇਸ ਦੀ ਸ਼ਿਕਾਇਤ ਚੀਫ਼ ਜਸਟਿਸ ਕੋਲ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ ਦੱਸਿਆ ਹੈ। ਉਨ੍ਹਾਂ ਆਖਿਆ ਕਿ ਭਾਰਤ ਦੀ ਅਜ਼ਾਦੀ ਲਈ ੮੦ਫੀਸਦੀ ਤੋਂ ਵੱਧ ਕੁਰਬਾਨੀਆਂ ਕਰਨ ਵਾਲੇ ਸਿੱਖਾਂ ਨਾਲ ਅਜਿਹਾ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਹ ਆਪਣੇ ਹੀ ਦੇਸ਼ ਵਿਚ ਬੇਗਾਨਿਆਂ ਵਾਲਾ ਸਲੂਕ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸਰਵਉੱਚ ਅਦਾਲਤ ਜਿਥੋਂ ਲੋਕਾਂ ਨੂੰ ਇਨਸਾਫ਼ ਮਿਲਣਾ ਹੈ ਜੇਕਰ ਉਥੇ ਤਾਇਨਾਤ ਕਰਮਚਾਰੀ ਹੀ ਮਨੁੱਖੀ ਹੱਕਾਂ ਦਾ ਘਾਣ ਕਰਨਗੇ ਤਾਂ ਫਿਰ ਹੋਰ ਕਿਥੋਂ ਉਮੀਦ ਕੀਤੀ ਜਾ ਸਕਦੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਕਿਰਪਾਨ ਸਿੱਖਾਂ ਦਾ ਧਾਰਮਿਕ ਚਿੰਨ੍ਹ ਹੈ ਅਤੇ ਸਭ ਨੂੰ ਪਤਾ ਹੈ ਕਿ ਅੰਮ੍ਰਿਤਧਾਰੀ ਸਿੱਖ ਇਸ ਨੂੰ ਹਮੇਸ਼ਾਂ ਆਪਣੇ ਅੰਗ-ਸੰਗ ਰੱਖਦੇ ਹਨ। ਉਨ੍ਹਾਂ ਦੇਸ਼ ਦੇ ਚੀਫ਼ ਜਸਟਿਸ ਤੋਂ ਮੰਗ ਕੀਤੀ ਕਿ ਦੋਸ਼ੀ ਸੁਰੱਖਿਆ ਕਰਮੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹੀ ਹਰਕਤ ਨਾ ਕਰੇ।