ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਦਿੱਤਾ ਸੱਦਾ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਕੀਤਾ ਪ੍ਰਵਾਨ

ਅੰਮ੍ਰਿਤਸਰ, ੧੮ ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਇਸ ਸਾਲ ਸੁਲਤਾਨਪੁਰ ਲੋਧੀ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਸ਼੍ਰੋਮਣੀ ਕਮੇਟੀ ਦਾ ਸੱਦਾ ਪ੍ਰਵਾਨ ਕਰ ਲਿਆ ਹੈ। ਉਹ ੨੩ ਨਵੰਬਰ ੨੦੧੮ ਦੇ ਸਮਾਗਮ ਵਿਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਪਹੁੰਚਣਗੇ, ਜਿਥੇ ਉਹ ਆਪਣੇ ਸੰਬੋਧਨ ਰਾਹੀਂ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦੇਣਗੇ ਅਤੇ ੫੫੦ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕਰਵਾਏ ਸੋਨੇ ਚਾਂਦੀ ਦੇ ਵਿਸ਼ੇਸ਼ ਯਾਦਗਾਰੀ ਸਿੱਕੇ ਵੀ ਸੰਗਤ ਅਰਪਣ ਕਰਨਗੇ। ਸ੍ਰੀ ਬਦਨੌਰ ਨੂੰ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਸੱਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖੁਦ ਜਾ ਕੇ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਸਿਮਰਨਜੀਤ ਸਿੰਘ ਚੰਦੂਮਾਜਰਾ ਤੇ ਸ. ਦਰਸ਼ਨ ਸਿੰਘ ਲੌਂਗੋਵਾਲ ਵੀ ਮੌਜੂਦ ਸਨ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦਿੱਤੇ ਸੱਦੇ ਨੂੰ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਖੁਸ਼ੀ-ਖੁਸ਼ੀ ਪ੍ਰਵਾਨ ਕੀਤਾ ਹੈ। ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਆਰੰਭਤਾ ਇਸ ਸਾਲ ੨੨ ਤੇ ੨੩ ਨਵੰਬਰ ੨੦੧੮ ਨੂੰ ਸੁਲਤਾਨਪੁਰ ਲੋਧੀ ਤੋਂ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਦੇਸ਼ ਦੀਆਂ ਪ੍ਰਮੁੱਖ ਹਸਤੀਆਂ ਨੂੰ ਸੱਦੇ ਭੇਜੇ ਜਾ ਰਹੇ ਹਨ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਭੇਜਿਆ ਜਾ ਚੁੱਕਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਇਹ ਅਪੀਲ ਕਰ ਚੁੱਕੇ ਹਨ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਗੁਰਮਤਿ ਦੇ ਸਰਬਸਾਂਝੇ ਅਤੇ ਸਾਂਝੀਵਾਲਤਾ ਦੇ ਸਿਧਾਂਤ ਅਨੁਸਾਰ ਹੀ ਮਨਾਇਆ ਜਾਵੇ ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਹੀ ਸਾਰੇ ਸ਼ਾਮਲ ਹੋਣ।