ਵਰਤਾਰੇ ਨੂੰ ਠੱਲ੍ਹਣ ਲਈ ਸਰਕਾਰਾਂ ਸੁਹਿਰਦ ਪਹੁੰਚ ਅਪਣਾਉਣ

ਅੰਮ੍ਰਿਤਸਰ, ੨੧ ਮਈ- ਸੋਸ਼ਲ ਮੀਡੀਆ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਕਾਰਵਾਈਆਂ ਕਰਨ ਵਾਲੇ ਅਨਸਰਾਂ ਵਿਰੁੱਧ ਸਰਕਾਰਾਂ ਅਤੇ ਸਾਈਬਰ ਕਰਾਈਮ ਸੈੱਲ ਨੂੰ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਕਰਦਿਆਂ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਆਏ ਦਿਨ ਸੋਸ਼ਲ ਮੀਡੀਆ ‘ਤੇ ਸਿੱਖ ਗੁਰੂ ਸਾਹਿਬਾਨ ਦਾ ਅਕਸ ਵਿਗਾੜਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ, ਜਦਕਿ ਕਾਰਵਾਈ ਕਰਨ ਵਾਲੇ ਮੂਕ ਦਰਸ਼ਕ ਬਣੇ ਹੋਏ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਬੀਤੇ ਦਿਨ ਸ਼ਰਾਰਤੀ ਅਨਸਰਾਂ ਵੱਲੋਂ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਖ਼ਸੀਅਤ ਨੂੰ ਢਾਹ ਲਗਾਉਣ ਵਾਲੀਆਂ ਤਸਵੀਰਾਂ ਸੋਸ਼ਲ ਸਾਈਟਾਂ ‘ਤੇ ਪਾਈਆਂ ਗਈਆਂ ਹਨ, ਜਿਸ ਨਾਲ ਇਕ ਵਾਰ ਫਿਰ ਸਿੱਖ ਮਾਨਸਿਕਤਾ ਨੂੰ ਸੱਟ ਵੱਜੀ ਹੈ। ਪ੍ਰੋ. ਬਡੂੰਗਰ ਨੇ ਇਸ ਹਰਕਤ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਸਾਈਬਰ ਕਰਾਈਮ ਸੈੱਲ ਨੂੰ ਸ਼ਿਕਾਇਤ ਪੱਤਰ ਲਿਖ ਕੇ ਕਾਰਵਾਈ ਮੰਗੀ ਜਾਵੇਗੀ।
ਉਨ੍ਹਾਂ ਕਿਹਾ ਕਿ ਇੰਟਰਨੈੱਟ ਦੇ ਜਰੀਏ ਸੋਸ਼ਨ ਮੀਡੀਆ ‘ਤੇ ਧਾਰਮਿਕ ਭਾਵਨਾਵਾਂ ਨੂੰ ਤਾਰ-ਤਾਰ ਕਰਨ ਵਾਲੀਆਂ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਪ੍ਰਤੀ ਸਰਕਾਰਾਂ ਤੇ ਸਾਈਬਰ ਕਰਾਈਮ ਸੈੱਲ ਦੀ ਢਿੱਲ੍ਹ ਕਾਰਨ ਹੀ ਇਹ ਚਲਨ ਰੁਕ ਨਹੀਂ ਰਿਹਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਮਸਲਾ ਕਿਉਂਕਿ ਅਤਿ ਸੰਜੀਦਾ ਹੈ, ਇਸ ਲਈ ਬਿਨਾਂ ਦੇਰੀ ਇਸ ਨੂੰ ਰੋਕਣ ਲਈ ਠੋਸ ਵਿਉਂਤਬੰਦੀ ਕੀਤੀ ਜਾਣੀ ਚਾਹੀਦੀ ਹੈ।