ਅੰਮ੍ਰਿਤਸਰ ੨੭ ਅਗਸਤ (      ) ਸ਼ਿਵ ਸੈਨਾ ਦੇ ਵਰਕਰ ਰਮੀਸ਼ ਕੁਮਾਰ ਖਿਲਾਫ਼ ਸੋਸ਼ਲ ਮੀਡੀਆ ‘ਤੇ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਫੋਟੋਆਂ ਨਾਲ ਛੇੜਖਾਨੀ ਕਰਦਿਆਂ ਭੱਦੀ ਸ਼ਬਦਾਵਲੀ ਵਰਤਣ ਤੇ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ ਜਾਰੀ ਪ੍ਰੈਸ ਬਿਆਨ ‘ਚ ਕੀਤਾ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਰਥਿਕ ਅਸਮਾਨਤਾ, ਲੁੱਟ-ਖਸੁੱਟ, ਖੋਹਾ-ਖਿੰਝੀ ਨੂੰ ਦੇਖਦਿਆਂ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਬੁਨਿਆਦੀ ਸਿਧਾਂਤਾਂ ਦਾ ਪ੍ਰਚਾਰ ਕੀਤਾ।ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਦੇ ਵਰਕਰ ਵੱਲੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਗਈ।ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਦੇ ਵਰਕਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਜਾਣਕਾਰੀ ਦੀ ਅਣਹੋਂਦ ਕਰਕੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਧਾਰਮਿਕ ਜਥੇਬੰਦੀ ਹੈ ਤੇ ਸਿੱਖ ਗੁਰੂ ਸਾਹਿਬਾਨ ਬਾਰੇ ਭੱਦੀ ਸ਼ਬਦਾਵਲੀ ਜਾਂ ਗੁਰੂ ਸਾਹਿਬ ਦੀਆਂ ਤਸਵੀਰਾਂ ਨਾਲ ਛੇੜਛਾੜ ਕਰਨ ਦੀ ਕਿਸੇ ਨੂੰ ਵੀ ਹਰਗਿਜ ਇਜਾਜਤ ਨਹੀਂ ਦੇਵੇਗੀ।ਉਨ੍ਹਾਂ ਕਿਹਾ ਕਿ ਸਿੱਖ ਹਰੇਕ ਧਰਮ ਦਾ ਦਿਲੋਂ ਸਤਿਕਾਰ ਕਰਦੇ ਹਨ, ਪਰ ਜੇਕਰ ਕੋਈ ਗਲਤ ਹਰਕਤ ਕਰਦਾ ਹੈ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਹੋਣੀ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸੋਸ਼ਲ ਸਾਈਟ (ਫੇਸਬੁੱਕ) ਤੇ ਹਿੰਦੂ ਸਮਾਜ ਪੰਜਾਬ ਨਾਮ ਦੇ ਪੇਜ ‘ਚ ਸ਼ਰਾਰਤੀ ਲੋਕਾਂ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਨਾਲ ਛੇੜਛਾੜ ਕਰਕੇ ਸ਼ਿਵਲਿੰਗ ਨਾਲ ਦਿਖਾਇਆ ਗਿਆ ਸੀ।ਇਸ ਦੇ ਨਾਲ ਹੀ ਪੰਥ ਮਾਤਾ ਸਾਹਿਬ ਕੌਰ, ਬੇਬੇ ਨਾਨਕੀ ਤੇ ਮਾਤਾ ਗੁਜਰ ਕੌਰ ਅਤੇ ਹੋਰ ਕੌਮੀ ਸ਼ਹੀਦਾਂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤੀ ਗਈ ਜਿਸ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਸੀ।ਉਨ੍ਹਾਂ ਮੌਜੂਦਾ ਘਟਨਾ ਦੇ ਦੋਸ਼ੀ ਰਮੀਸ਼ ਕੁਮਾਰ ਖਿਲਾਫ਼ ਸਿੱਖਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਣ ਹਿਤ ਸਾਈਬਰ ਕ੍ਰਾਇਮ ਸੈਲ ਨੂੰ ਪੂਰੀ ਪੜਤਾਲ ਕਰਦਿਆਂ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਸੋਸ਼ਲ ਮੀਡੀਆ ਦੀ ਨਾਜਾਇਜ਼ ਵਰਤੋਂ ਕਰਨ ਵਾਲਿਆਂ ‘ਤੇ ਨਕੇਲ ਕੱਸੀ ਜਾ ਸਕੇ।