4-06-2015-1ਅੰਮ੍ਰਿਤਸਰ: 04 ਜੂਨ- ਸਿੱਖ ਜਗਤ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ ੧੯੮੪ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਭਾਈ ਕੁਲਵਿੰਦਰ ਸਿੰਘ ਵੱਲੋਂ ਅਰਦਾਸ ਕਰਨ ਉਪ੍ਰੰਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ।
ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਗਤੀ ਅਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖਤ ਸਾਹਿਬ ਤੇ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਉੱਪਰ ਜੂਨ ੧੯੮੪ ‘ਚ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਆਪਣੇ ਹੀ ਦੇਸ਼ ਦੀ ਫੌਜ ਕੋਲੋ ਤੋਪਾਂ-ਟੈਕਾਂ ਨਾਲ ਹਮਲਾ ਕਰਵਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ‘ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾ ਰਹੀਆਂ ਹਜਾਰਾਂ ਸਿੱਖ ਸੰਗਤਾਂ,ਜਿਨ੍ਹਾਂ ਵਿਚ ਨੌਜਵਾਨ, ਬਜੁਰਗ, ਬੱਚੇ ਤੇ ਬੱਚੀਆਂ ਸ਼ਾਮਲ ਸਨ ਨੂੰ ਸ਼ਹੀਦ ਕਰ ਦਿੱਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਹਨਾਂ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ, ਜਿੰਨ੍ਹਾਂ ਦੇ ਭੋਗ ੬ ਜੂਨ ਨੂੰ ਪੈਣਗੇ।ਉਪਰੰਤ ਰਾਗੀ ਸਿੰਘਾਂ ਵੱਲੋਂ ਇਲਾਹੀ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਸਮੇਂ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ ਤੇ ਭਾਈ ਮਗਵਿੰਦਰ ਸਿੰਘ ਖਾਪੜਖੇੜੀ ਮੈਂਬਰ ਸ਼੍ਰੋਮਣੀ ਕਮੇਟੀ, ਸ. ਸੁੱਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ.ਕੁਲਵਿੰਦਰ ਸਿੰਘ ਰਮਦਾਸ, ਸ. ਪਰਮਜੀਤ ਸਿੰਘ ਤੇ ਸ. ਲਖਬੀਰ ਸਿੰਘ ਮੀਤ ਮੈਨੇਜਰ, ਸ. ਕਰਨੈਲ ਸਿੰਘ ਪੀਰ ਮੁਹੰਮਦ, ਬਾਬਾ ਛਿੰਦਾ ਸਿੰਘ ਹਜੂਰ ਸਾਹਿਬ ਕਾਰ ਸੇਵਾ ਵਾਲੇ,ਸ. ਬਲਦੇਵ ਸਿੰਘ ਸਾਬਕਾ ਵਧੀਕ ਮੈਨੇਜਰ, ਸ. ਕੰਵਰ ਚੜਤ ਸਿੰਘ ਤੋਂ ਇਲਾਵਾ ਸਿੱਖ ਸੰਗਤਾਂ ਮੌਜੂਦ ਸਨ।