ਅੰਮ੍ਰਿਤਸਰ 13 ਅਕਤੂਬਰ (  ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਲਾਵਾ ਕੋਈ ਜਥੇਬੰਦੀ ਸਰਬੱਤ ਖ਼ਾਲਸਾ ਨਹੀਂ ਬੁਲਾ ਸਕਦੀ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਥੇਦਾਰ ਅਵਤਾਰ ਸਿੰਘ ਵੱਲੋਂ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦਾ ਸਰਵਉੱਚ ਤਖ਼ਤ ਹੈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਲਾਵਾ ਕੋਈ ਜਥੇਬੰਦੀ ਕਨਵੈਨਸ਼ਨ ਤਾਂ ਕਰ ਸਕਦੀ ਹੈ, ਪਰ ਸਰਬੱਤ ਖ਼ਾਲਸਾ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੀ ਬੁਲਾਇਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਸਿੱਖ ਜਥੇਬੰਦੀਆਂ ਨੂੰ ਅਗਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਿਸੇ ਫੈਸਲੇ ਤੇ ਇਤਰਾਜ਼ ਹੈ ਤਾਂ ਉਹ ਮਿਲ ਬੈਠ ਕੇ ਇਸ ਸਬੰਧੀ ਵਿਚਾਰਾਂ ਕਰ ਸਕਦੀਆਂ ਹਨ।ਉਨ੍ਹਾਂ ਕਿਹਾ ਕਿ ਜੋ ਲੋਕ ਧਰਮ ਨੂੰ ਰਾਜਨੀਤੀ ਦਾ ਅਖਾੜਾ ਬਣਾ ਕੇ ਆਪਣੀਆਂ ਸਿਆਸੀ ਰੋਟੀਆਂ ਸੇਕਣਾ ਚਾਹੁੰਦੇ ਹਨ ਉਨ੍ਹਾਂ ਨੂੰ ਕੌਮ ਦੀ ਬਿਹਤਰੀ ਬਾਰੇ ਸੋਚਣਾ ਚਾਹੀਦਾ ਹੈ।